ਕੇਂਦਰ ਸਰਕਾਰ ਦੀ ਇੱਟ ਨਾਲ ਇੱਟ ਵਜਾਉਣ ਦੀ ਤਿਆਰੀ ''ਚ ਕਿਸਾਨ, ਦਿੱਤੀ ਖੁੱਲ੍ਹੀ ਚਿਤਾਵਨੀ
Wednesday, Sep 23, 2020 - 12:35 PM (IST)
ਨਾਭਾ (ਰਾਹੁਲ) : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾ ਨੂੰ ਲੈ ਕੇ ਜਿੱਥੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ, ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ 25 ਤਾਰੀਖ਼ ਨੂੰ ਪੰਜਾਬ ਮੁਕੰਮਲ ਤੌਰ 'ਤੇ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਇੱਟ ਨਾਲ ਇੱਟ ਵਜਾਉਣ ਦੀ ਪੂਰੀ ਤਿਆਰੀ ਕਰ ਲਈ ਹੈ ਅਤੇ ਸਰਕਾਰ ਨੂੰ ਖੁੱਲ੍ਹੀ ਚਿਤਾਵਨੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਟਰਸਾਈਕਲ ਰੈਲੀ ਕੱਢੀ ਗਈ ਅਤੇ 25 ਤਾਰੀਖ਼ ਦੇ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਪਿੰਡ-ਪਿੰਡ, ਸ਼ਹਿਰ-ਸ਼ਹਿਰ ਤੇ ਬਾਜ਼ਾਰਾਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਯੂਨੀਅਨ ਦੇ ਬਲਾਕ ਪ੍ਰਧਾਨ ਹਰਮੇਲ ਤੂੰਗਾ ਨੇ ਕਿਹਾ ਕਿ ਇਹ ਬਿੱਲ ਕਿਸਾਨ ਵਿਰੋਧੀ ਹਨ ਅਤੇ ਇਨ੍ਹਾਂ ਨਾਲ ਕਿਸਾਨ, ਮਜ਼ਦੂਰ, ਆੜ੍ਹਤੀਆ, ਵਪਾਰੀ ਸਭ 'ਤੇ ਇਸ ਦਾ ਅਸਰ ਪਵੇਗਾ ਤੇ ਪੰਜਾਬ ਦੀ ਕਿਸਾਨੀ ਬਰਬਾਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਕਿਸਾਨ ਜੱਥੇਬੰਦੀਆਂ ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਆਪਣਾ ਰੋਸ ਜ਼ਾਹਰ ਕਰ ਰਹੀਆਂ ਹਨ, ਜਿਸ ਦੇ ਬਾਵਜੂਦ ਕੇਂਦਰ ਦੀ ਮੋਦੀ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ, ਜਿਸ ਦੇ ਕਰਕੇ ਕਿਸਾਨਾਂ 'ਚ ਦਿਨੋ-ਦਿਨ ਰੋਸ ਦੀ ਲਹਿਰ ਵੱਧਦੀ ਜਾ ਰਹੀ ਹੈ।