ਕੈਬਨਿਟ ਮੰਤਰੀ ਵੱਲੋਂ ਰੱਖਿਆ ਜਾਣਾ ਸੀ ਨਵੀਂ ਸੜਕ ਦਾ ਨੀਂਹ ਪੱਥਰ, ਪਹਿਲਾਂ ਹੀ ਵਿਰੋਧ ਕਰਨ ਪੁੱਜੇ ਕਿਸਾਨ

08/03/2021 5:11:09 PM

ਰੂਪਨਗਰ (ਸੱਜਣ ਸੈਣੀ) : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦਾ ਅਸਰ ਪੰਜਾਬ 'ਚ ਲਗਾਤਾਰ ਸਿਆਸੀ ਪਾਰਟੀਆਂ 'ਤੇ ਪੈ ਰਿਹਾ ਹੈ। ਜਿੱਥੇ ਪੰਜਾਬ ਦੇ ਵਿੱਚ ਪਹਿਲਾਂ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਸੀ, ਉੱਥੇ ਹੁਣ ਪੰਜਾਬ ਕਾਂਗਰਸ ਦੇ ਆਗੂਆਂ ਦਾ ਵੀ ਵਿਰੋਧ ਲਗਾਤਾਰ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਕੁੱਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਚਮਕੌਰ ਸਾਹਿਬ ਵਿਖੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ।

ਹੁਣ ਮੁੜ ਤੋਂ ਫਿਰ ਜ਼ਿਲ੍ਹਾ ਰੂਪਨਗਰ ਦੇ ਪਿੰਡ ਰਾਜੇਵਾਲ ਵਿੱਚ ਇਕ ਸੜਕ ਦਾ ਨੀਂਹ ਪੱਥਰ ਰੱਖਣ ਦੇ ਲਈ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਹੁੰਚਣ ਤੋਂ ਪਹਿਲਾਂ ਕਿਸਾਨਾਂ ਵੱਲੋਂ ਪਿੰਡ ਦੀ ਸੜਕ 'ਤੇ ਖੜ੍ਹ ਕੇ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ। ਵਿਰੋਧ ਦੌਰਾਨ ਮੌਕੇ 'ਤੇ ਜਾਣਕਾਰੀ ਮਿਲੀ ਕਿ ਕਿਸੇ ਕਾਰਨ ਕੈਬਨਿਟ ਮੰਤਰੀ ਚਰਨਜੀਤ ਚੰਨੀ ਸੜਕ ਦਾ ਨੀਂਹ ਪੱਥਰ ਰੱਖਣ ਨਹੀਂ ਪਹੁੰਚੇ ਪਰ ਮੌਕੇ 'ਤੇ ਮੌਜੂਦ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦੇ ਵਿਰੋਧ ਦੇ ਚੱਲਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਆਪਣਾ ਦੌਰਾ ਰੱਦ ਕਰਨਾ ਪਿਆ।

ਵਿਰੋਧ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਿਹੜੇ ਕੰਮ ਕਾਂਗਰਸ ਦੀ ਸਰਕਾਰ ਬਣਨ ਦੇ ਪਹਿਲੇ ਸਾਲ ਵਿੱਚ ਕੀਤੇ ਜਾਣੇ ਸੀ, ਹੁਣ ਉਨ੍ਹਾਂ ਕੰਮਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ 4 ਮਹੀਨਿਆਂ ਦੇ ਵਿੱਚ ਨਾ ਪੁਲ ਬਣਨਾ ਹੈ ਅਤੇ ਨਾ ਹੀ ਕੋਈ ਸੜਕ। ਉਨ੍ਹਾਂ ਕਿਹਾ ਕਿ ਇਹ ਸਰਾਸਰ ਵੋਟਾਂ ਲੈਣ ਲਈ ਲੋਕਾਂ ਨੂੰ ਬੇਵਕੂਫ ਬਣਾਇਆ ਜਾ ਰਿਹਾ ਹੈ।


Babita

Content Editor

Related News