ਮੋਹਾਲੀ ''ਚ ਕਿਸਾਨਾਂ ਨੇ ਘੇਰਿਆ ਸਾਬਕਾ ਮੰਤਰੀ ਬਲਬੀਰ ਸਿੱਧੂ ਦਾ ਘਰ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ (ਤਸਵੀਰਾਂ)
Saturday, Oct 02, 2021 - 12:58 PM (IST)
ਮੋਹਾਲੀ : ਝੋਨੇ ਦੀ ਫ਼ਸਲ ਦੀ ਖ਼ਰੀਦ ਜਲਦੀ ਕਰਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਅੱਜ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਫਿਲਹਾਲ ਬਲਬੀਰ ਸਿੰਘ ਸਿੱਧੂ ਦੇ ਘਰ ਬਾਹਰ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਬੈਰੀਕੇਡਿੰਗ ਕੀਤੀ ਗਈ। ਇਸ ਦੇ ਚੱਲਦਿਆਂ ਵੱਡੀ ਗਿਣਤੀ 'ਚ ਕਿਸਾਨ ਅਤੇ ਕਿਸਾਨ ਬੀਬੀਆਂ ਦਰੀਆਂ ਵਿਛਾ ਕੇ ਧਰਨੇ 'ਤੇ ਬੈਠ ਗਏ ਹਨ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਜਿਮੀਂਦਾਰ ਹੀ ਖ਼ਤਮ ਹੋ ਗਿਆ ਤਾਂ ਸਭ ਕੁੱਝ ਖ਼ਤਮ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਫ਼ਸਲ ਦੇ ਖ਼ਰੀਦ ਪ੍ਰਬੰਧ ਸਰਕਾਰ ਨੇ ਹੀ ਕਰਨੇ ਹੁੰਦੇ ਹਨ, ਇਸ ਲਈ ਅੱਜ ਮੌਜੂਦਾ ਵਿਧਾਇਕ ਅਤੇ ਸਾਬਕਾ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਉਨ੍ਹਾਂ ਵੱਲੋਂ ਧਰਨਾ ਲਾਇਆ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਬੀਤੇ ਦਿਨ ਡੀ. ਸੀ. ਦਫ਼ਤਰਾਂ ਦਾ ਘਿਰਾਓ ਕਰਨ ਦੀ ਕਾਲ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਡੀ. ਸੀ. ਦਫ਼ਤਰਾਂ 'ਚ 2 ਦਿਨ ਦੀ ਛੁੱਟੀ ਹੈ, ਜਿਸ ਨੂੰ ਮੁੱਖ ਰੱਖਦਿਆਂ ਕਿਸਾਨ ਮੋਰਚੇ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਦਾ ਘਿਰਾਓ ਕਰਨ ਲਈ ਉਸ ਸਮੇਂ ਤੱਕ ਕਾਲ ਦਿੱਤੀ ਗਈ ਹੈ, ਜਦੋਂ ਤੱਕ ਝੋਨੇ ਦੀ ਖ਼ਰੀਦ ਚਾਲੂ ਨਹੀਂ ਹੋ ਜਾਂਦੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕੇਜਰੀਵਾਲ ਦਾ ਵੱਡਾ ਐਲਾਨ, ਪੰਜਾਬੀਆਂ ਨੂੰ ਸਿਹਤ ਸਬੰਧੀ ਦਿੱਤੀਆਂ 6 ਗਾਰੰਟੀਆਂ
ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਦੀ ਕੋਠੀ ਅੰਦਰੋਂ ਨਾ ਕੋਈ ਬੰਦਾ ਬਾਹਰ ਆਉਣ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਨੂੰ ਅੰਦਰ ਜਾਣ ਦਿੱਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਫ਼ਸਲ ਨਹੀਂ ਖ਼ਰੀਦ ਸਕਦੀ ਤਾਂ ਪੰਜਾਬ ਸਰਕਾਰ ਖ਼ਰੀਦ ਲਵੇ। ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਾਲ ਦਿੱਤੀ ਗਈ ਸੀ ਕਿ ਜਦੋਂ ਤੱਕ ਕਿਸਾਨਾਂ ਦੀ ਝੋਨੇ ਦੀ ਫ਼ਸਲ ਨਹੀ ਚੁੱਕੀ ਜਾਂਦੀ, ਉਸ ਸਮੇਂ ਤੱਕ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇ।
ਇਹ ਵੀ ਦੱਸ ਦੇਈਏ ਕਿ ਭਾਰਤ ਸਰਕਾਰ ਨੇ ਇਕ ਪੱਤਰ ਜਾਰੀ ਕਰਕੇ ਬੀਤੇ ਦਿਨੀਂ ਪਏ ਮੀਂਹ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ 'ਚ ਝੋਨੇ ਦੀ ਫ਼ਸਲ ਦੀ ਖ਼ਰੀਦ 11 ਅਕਤੂਬਰ ਤੋਂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ