ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਦਫ਼ਤਰ ਅੱਗੇ ਵਿਸ਼ਾਲ ਧਰਨਾ
Tuesday, Jun 30, 2026 - 01:36 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਪੰਜਾਬ ਵਿਚ ਚੱਲ ਰਹੇ ਗੰਭੀਰ ਬਿਜਲੀ ਸੰਕਟ ਅਤੇ ਝੋਨੇ ਦੀ ਫ਼ਸਲ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਕੋਟਕਪੂਰਾ ਰੋਡ ਸਥਿਤ ਐਕਸੀਅਨ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਇਕ ਵਿਸ਼ਾਲ ਧਰਨਾ ਦਿੱਤਾ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਇਲਾਕੇ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਗੁੱਸੇ ਵਿਚ ਆਏ ਕਿਸਾਨਾਂ ਨੇ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਨੇ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਕੀਤੇ ਗਏ ਵੱਡੇ-ਵੱਡੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਹਨ। ਜਦਕਿ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ ਅਤੇ ਕਿਸਾਨਾਂ ਨੂੰ ਲੋੜ ਮੁਤਾਬਕ ਬਿਜਲੀ ਦੀ ਸਪਲਾਈ ਨਹੀਂ ਦਿੱਤੀ ਜਾ ਰਹੀ।
ਫ਼ਸਲਾਂ ਬਰਬਾਦ ਹੋਣ ਦਾ ਖ਼ਦਸ਼ਾ
ਕਿਸਾਨ ਆਗੂਆਂ ਨੇ ਭਰੇ ਮਨ ਨਾਲ ਦੱਸਿਆ ਕਿ ਇਕ ਪਾਸੇ ਭਿਆਨਕ ਗਰਮੀ ਪੈ ਰਹੀ ਹੈ ਅਤੇ ਬਾਰਿਸ਼ ਨਾ ਹੋਣ ਕਾਰਨ ਹਾਹਾਕਾਰ ਮਚੀ ਹੋਈ ਹੈ, ਉੱਪਰੋਂ ਬਿਜਲੀ ਦੇ ਲੰਬੇ ਕੱਟਾਂ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਝੋਨੇ ਦੀ ਫ਼ਸਲ ਨੂੰ ਇਸ ਵੇਲੇ ਪਾਣੀ ਦੀ ਸਖ਼ਤ ਜ਼ਰੂਰਤ ਹੈ, ਪਰ ਨਾਕਾਫ਼ੀ ਬਿਜਲੀ ਸਪਲਾਈ ਕਾਰਨ ਖੇਤਾਂ ਦੀ ਸਿੰਚਾਈ ਕਰਨਾ ਅਸੰਭਵ ਹੋ ਗਿਆ ਹੈ। ਜੇਕਰ ਇਹੀ ਹਾਲ ਰਿਹਾ ਤਾਂ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੇ ਮੌਜੂਦਾ ਸੀਜ਼ਨ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਤੁਰੰਤ ਨਿਰਵਿਘਨ ਅਤੇ ਪੂਰੀ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਜੇਕਰ ਬਿਜਲੀ ਵਿਭਾਗ ਅਤੇ ਸਰਕਾਰ ਨੇ ਇਸ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ, ਤਾਂ ਆਉਣ ਵਾਲੇ ਦਿਨਾਂ ਵਿਚ ਇਸ ਤਿੱਖੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
