ਕਿਸਾਨਾਂ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ, ਰੋਡ ਕੀਤਾ ਜਾਮ
Monday, Dec 03, 2018 - 12:50 PM (IST)

ਟਾਂਡਾ (ਵਰਿੰਦਰ ਪੰਡਿਤ)— ਅੱਜ ਸਵੇਰੇ ਟਾਂਡਾ-ਸ਼੍ਰੀ ਹਰਿਗੋਬਿੰਦਪੁਰ ਰੋਡ 'ਤੇ ਬਿਆਸ ਦਰਿਆ ਪੁਲ ਨੇੜੇ ਮਾਝਾ ਕਿਸਾਨ ਸੰਘਰਸ਼ ਕਮੇਟੀ ਨਾਲ ਜੁੜੇ ਕਿਸਾਨਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਦੇ ਹੋਏ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੋ ਪ੍ਰਾਈਵੇਟ ਸ਼ੂਗਰ ਮਿੱਲਾਂ ਬੰਦ ਪਈਆਂ ਹਨ, ਉਨ੍ਹਾਂ ਨੂੰ ਚਾਲੂ ਕੀਤਾ ਜਾਵੇ ਅਤੇ ਗੰਨੇ ਦਾ ਰੇਟ 350 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਰੱਖੀ।ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਵਾਪਸ ਕੀਤੀ ਜਾਵੇ।
ਇਸ ਦੌਰਾਨ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਕਿਸਾਨ ਪ੍ਰਾਈਵੇਟ ਸ਼ੂਗਰ ਮਿੱਲਾਂ ਨੂੰ ਨਾ ਚਲਾਉਣ ਕਰਕੇ ਕਾਫੀ ਰੋਸ 'ਚ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਸ ਦੇ ਪ੍ਰਤੀ ਕੋਈ ਐਕਸ਼ਨ ਨਹੀਂ ਲੈਂਦੀ ਤਾਂ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਰੋਡ ਜਾਮ ਹੋਣ ਕਰਕੇ ਅੰਮ੍ਰਿਤਸਰ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਨੰਬਰਦਾਰ ਦਲੀਪ ਸਿੰਘ, ਸਰਪੰਚ ਬਲਕਾਰ ਸਿੰਘ ਫੁੱਲੜਾ, ਰਾਜਿੰਦਰ ਸਿੰਘ, ਸੁਰਿੰਦਰ ਸਿੰਘ ਆਦਿ ਮੌਜੂਦ ਸਨ।