ਠੰਡ 'ਚ ਵੀ ਗਰਮਾਇਆ ਹੋਇਐ ਸ਼ਰਾਬ ਫੈਕਟਰੀ ਦਾ ਮਾਮਲਾ, ਕਿਸਾਨਾਂ ਵੱਲੋਂ 6 ਜਨਵਰੀ ਨੂੰ ਵੱਡਾ ਇਕੱਠ ਕਰਨ ਦਾ ਐਲਾਨ

Tuesday, Jan 03, 2023 - 08:11 PM (IST)

ਜ਼ੀਰਾ (ਗੁਰਮੇਲ ਸੇਖਵਾਂ) : ਕੜਾਕੇ ਦੀ ਠੰਡ 'ਚ ਵੀ ਮਨਸੂਰਵਾਲ ਕਲਾਂ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਦਾ ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਪ੍ਰਦਰਸ਼ਨਕਾਰੀ ਲਗਾਤਾਰ ਮੋਰਚੇ ਵਿੱਚ ਡਟੇ ਹੋਏ ਹਨ। ਸੰਯੁਕਤ ਮੋਰਚੇ ਵੱਲੋਂ ਦਿੱਤੀ ਕਾਲ ਅਨੁਸਾਰ ਅੱਜ ਫੈਕਟਰੀ ਦੇ ਸਾਹਮਣੇ ਪੰਜਾਬ ਸਰਕਾਰ ਅਤੇ ਫੈਕਟਰੀ ਸੰਚਾਲਕਾਂ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਗੁਰਜੰਟ ਸਿੰਘ ਰਟੌਲ ਰੋਹੀ, ਸੇਵਕ ਸਿੰਘ ਨੰਬਰਦਾਰ, ਸਰਪੰਚ ਗੁਰਮੇਲ ਸਿੰਘ ਮਨਸੂਰਵਾਲ, ਪ੍ਰੀਤਮ ਸਿੰਘ ਮਨਸੂਰਵਾਲ, ਅਮਰੀਕ ਸਿੰਘ, ਰਾਮ ਸਿੰਘ, ਨੈਬ ਸਿੰਘ ਆਦਿ ਨੇ ਵਿਚਾਰ ਰੱਖਦਿਆਂ ਕਿਹਾ ਕਿ ਜਦੋਂ ਤੱਕ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਵਾਲੀ ਇਸ ਸ਼ਰਾਬ ਫੈਕਟਰੀ ਨੂੰ ਬੰਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਦਰਸ਼ਨਕਾਰੀਆਂ ਦਾ ਸਾਥ ਦਿੰਦਿਆਂ ਇਸ ਫੈਕਟਰੀ ਨੂੰ ਤੁਰੰਤ ਬੰਦ ਕਰਵਾਏ ਤੇ ਜੇਕਰ ਸਰਕਾਰ ਇਸ ਵੱਲ ਜਲਦ ਧਿਆਨ ਨਹੀਂ ਦਿੰਦੀ ਤਾਂ ਉਹ ਸੰਘਰਸ਼ ਤੇਜ਼ ਕਰਨਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਇਹ ਵੀ ਪੜ੍ਹੋ : ਮਾਨ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ : ਕੁਲਦੀਪ ਧਾਲੀਵਾਲ

ਦੱਸਣਯੋਗ ਹੈ ਕਿ ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਕਿਸਾਨ, ਸਮਾਜ ਸੇਵੀ ਤੇ ਹੋਰ ਆਗੂਆਂ ਨੇ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਅਤੇ ਅਧਿਕਾਰੀਆਂ ਨੂੰ ਸਰਕਾਰ ਦੇ ਨਾਂ ਮੰਗ ਪੱਤਰ ਸੌਂਪੇ। ਇਸ ਦੇ ਨਾਲ ਹੀ ਸਾਂਝੇ ਮੋਰਚੇ ਵੱਲੋਂ 4 ਜਨਵਰੀ ਨੂੰ ਵੀ ਫੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ਸਰਕਾਰ ਤੱਕ ਪਹੁੰਚਾਈ ਜਾਵੇਗੀ। ਮੋਰਚੇ ਦੇ ਆਗੂ ਗੁਰਮੇਲ ਸਿੰਘ ਮਨਸੂਰਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਰਾਜਵੀਰ ਸਿੰਘ ਮਨਸੂਰਵਾਲ ਕਲਾਂ ਦੀ ਮੌਤ ਹੋ ਗਈ ਸੀ, ਜਿਸ ਦਾ ਮੁੱਖ ਕਾਰਨ ਸ਼ਰਾਬ ਫੈਕਟਰੀ ਤੋਂ ਨਿਕਲਣ ਵਾਲਾ ਗੰਦਾ ਪਾਣੀ ਹੈ। 6 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਭਾਰੀ ਜਨ ਸਮੂਹ ਕਰਕੇ ਮ੍ਰਿਤਕ ਕਿਸਾਨ ਰਾਜਵੀਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਉਨ੍ਹਾਂ ਨੂੰ ਮਜਬੂਰ ਹੋ ਕੇ ਸੰਘਰਸ਼ ਨੂੰ ਹੋਰ ਅੱਗੇ ਵਧਾਉਂਦਿਆਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸੜਕਾਂ ’ਤੇ ਉੱਤਰਨਾ ਪਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News