ਕਿਸਾਨਾਂ ਵੱਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਮਾਰਚ

03/31/2018 5:27:39 PM

ਸੁਲਤਾਨਪੁਰ ਲੋਧੀ (ਸੋਢੀ)— ਕਿਸਾਨ ਸੰਘਰਸ਼ ਕਮੇਟੀ ਸੁਲਤਾਨਪੁਰ ਲੋਧੀ ਦੇ ਭਾਰੀ ਗਿਣਤੀ 'ਚ ਕਿਸਾਨ ਜਥੇ. ਪਰਮਜੀਤ ਸਿੰਘ ਖਾਲਸਾ ਪੱਸਨ ਕਦੀਮ ਦੀ ਅਗਵਾਈ ਹੇਠ ਸ਼ੁੱਕਰਵਾਰ ਤਰਨਤਾਰਨ ਦੀ ਦਾਣਾ ਮੰਡੀ ਵਿਖੇ ਸੂਬਾ ਪੱਧਰੀ ਸਮੁੱਚਾ ਕਰਜ਼ਾ ਮੁਕਤ ਮਹਾ ਰੈਲੀ 'ਚ ਸ਼ਾਮਲ ਹੋਣ ਲਈ ਪੁੱਜੇ। ਤਰਨਤਾਰਨ ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਕੈਪਟਨ ਸਰਕਾਰ ਤੇ ਮੋਦੀ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ ਅਤੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਦੀ ਮੰਗ ਕੀਤੀ। ਜਥੇ. ਖਾਲਸਾ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਆਪਣੇ ਕੀਤੇ ਵਾਅਦੇ ਮੁਤਾਬਕ ਮੁਆਫ ਨਾ ਕੀਤਾ ਅਤੇ ਕਣਕ ਦੀ ਖਰੀਦ 'ਚ ਕੋਈ ਢਿੱਲ-ਮੱਠ ਕੀਤੀ ਤਾਂ ਕਿਸਾਨ ਸੰਘਰਸ਼ ਕਮੇਟੀ ਵੱਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਪੰਜਾਬ ਭਰ 'ਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਫੈਸਲਾ ਕਰਨ ਲਈ ਸੂਬਾ ਕਮੇਟੀ ਦੀ ਮੀਟਿੰਗ 12 ਅਪ੍ਰੈਲ ਨੂੰ ਮੁੱਖ ਦਫਤਰ ਬਾਬਾ ਨੌਧ ਸਿੰਘ ਦੀ ਸਮਾਧ ਪਿੰਡ ਚੱਬਾ (ਅੰਮ੍ਰਿਤਸਰ) ਵਿਖੇ ਸੱਦੀ ਗਈ ਹੈ ।
ਇਸ ਸਮੇਂ ਬਚਿੱਤਰ ਸਿੰਘ ਤਲਵੰਡੀ ਚੌਧਰੀਆਂ, ਐਡਵੋਕੇਟ ਸਤਨਾਮ ਸਿੰਘ ਮੋਮੀ, ਸੁਖਪ੍ਰੀਤ ਸਿੰਘ, ਜਸਵੰਤ ਸਿੰਘ, ਤਰਸੇਮ ਸਿੰਘ ਵਿੱਕੀ ਜੈਨਪੁਰ, ਹਾਕਮ ਸਿੰਘ, ਸਾਧੂ ਸਿੰਘ ਸ਼ਿਕਾਰਪੁਰ, ਮੁਖਤਾਰ ਸਿੰਘ ਮੁੰਡੀ ਛੰਨਾ, ਚੈਨ ਸਿੰਘ ਆਦਿ ਹੋਰਨਾਂ ਆਗੂਆਂ ਸ਼ਿਰਕਤ ਕੀਤੀ।