ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ''ਚ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

Friday, Jul 03, 2020 - 04:01 PM (IST)

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ''ਚ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਭਵਾਨੀਗੜ੍ਹ(ਕਾਂਸਲ) - ਸਥਾਨਕ ਅਨਾਜ਼ ਮੰਡੀ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਆਪਣੇ ਸੰਬੋਧਨ ਵਿਚ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਪਹਿਲਾਂ ਤੋਂ ਹੀ ਆਰਥਿਕ ਪੱਖੋਂ ਕਮਜ਼ੋਰ ਹੋ ਕੇ ਖ਼ੁਦਕਸ਼ੀਆਂ ਦੇ ਰਾਹ ਪਏ ਕਿਸਾਨਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਕੇਂਦਰ ਸਰਕਾਰ ਵਲੋਂ ਮੰਡੀਕਰਨ ਤੋੜਣ ਦੇ ਨਾਲ-ਨਾਲ ਆਏ ਦਿਨ ਡੀਜ਼ਲ ਦੇ ਰੇਟਾਂ ਵਿਚ ਬੇਤਹਾਸ਼ਾ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀਬਾੜੀ ਦੇ ਧੰਦੇ ਨੂੰ ਖ਼ਤਮ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ਕੋਡੀਆਂ ਦੇ ਭਾਅ 'ਤੇ ਸਰਮਾਏਦਾਰਾਂ ਦੇ ਕਬਜ਼ੇ ਕਰਾਉਣ ਦੀ ਕੋਝੀ ਚਾਲ ਚੱਲ ਰਹੀ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਯੂਨੀਅਨ ਵੱਲੋਂ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ਼ 20 ਜੁਲਾਈ ਨੂੰ ਸੜਕਾਂ 'ਤੇ ਆ ਕੇ ਤਿੱਖਾਂ ਸੰਘਰਸ਼ ਕੀਤਾ ਜਾਵੇਗਾ। 

ਇਸ ਮੌਕੇ 'ਤੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਨੇ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਫੈਸਲਿਆਂ ਨੂੰ ਰੱਦ ਕਰਵਾਉਣ ਲਈ ਸਮੂਹ ਕਿਸਾਨਾਂ ਨੂੰ 20 ਜੁਲਾਈ ਨੂੰ ਪੂਰੇ ਪੰਜਾਬ ਵਿਚ ਸਬ ਡਵੀਜਨ ਪੱਧਰ 'ਤੇ ਕੀਤੇ ਜਾ ਰਹੇ ਸੰਘਰਸ਼ ਵਿਚ ਆਪਣੇ ਟਰੈਕਟਰ-ਟਰਾਲੀਆਂ 'ਤੇ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਜਗਦੇਵ ਸਿੰਘ ਘਰਾਚੋਂ ਜ਼ਿਲ੍ਹਾ ਮੀਤ ਪ੍ਰਧਾਨ, ਕਸ਼ਮੀਰ ਸਿੰਘ ਘਰਾਚੋਂ ਜ਼ਿਲ੍ਹਾ ਸੀ: ਮੀਤ ਪ੍ਰਧਾਨ, ਜਗਸੀਰ ਸਿੰਘ ਬਲਾਕ ਖ਼ਜਾਨਚੀ, ਜਸਵੰਤ ਸਿੰਘ ਕਪਿਆਲ, ਜਨਕ ਸਿੰਘ ਕਪਿਆਲ ਇਕਾਈ ਪ੍ਰਧਾਨ, ਕੁਲਤਾਰ ਸਿੰਘ ਘਰਾਚੋਂ, ਬਘੇਲ ਸਿੰਘ, ਸੋਹਣ ਸਿੰਘ ਘਰਾਚੋਂ ਚਰਨਜੀਤ ਸਿੰਘ ਬਾਲਦ, ਅਜਮੇਰ ਸਿੰਘ ਆਲੋਅਰਖ਼, ਗੁਰਦੀਪ ਸਿੰਘ ਆਲੋਅਰਖ਼, ਗੁਰਦੇਵ ਸਿੰਘ ਅਤੇ ਸਤਗੁਰ ਸਿੰਘ ਬਾਲਦ ਸਮੇਤ ਕਈ ਹੋਰ ਕਿਸਾਨ ਵੀ ਮੌਜੂਦ ਸਨ।


author

Harinder Kaur

Content Editor

Related News