ਕੇਂਦਰ ਨਾਲ ਬੈਠਕ ਤੋਂ ਪਹਿਲਾਂ ਅਮਰਿੰਦਰ ਗਿੱਲ ਤੇ ਦਿਲਜੀਤ ਨੇ ਕੀਤੀ ਅਰਦਾਸ, ਮੰਗੀ ਕਿਸਾਨਾਂ ਦੀ ਜਿੱਤ

01/04/2021 11:28:36 AM

ਚੰਡੀਗੜ੍ਹ (ਬਿਊਰੋ) : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਕਿਸਾਨਾਂ ਦੀ ਅੱਜ ਯਾਨੀ ਕਿ 4 ਦਸਬੰਰ ਨੂੰ 7ਵੇਂ ਦੌਰ ਦੀ ਗੱਲਬਾਤ ਹੋਵੇਗੀ। ਕਿਸਾਨ ਆਗੂ ਅਤੇ ਕੇਂਦਰੀ ਮੰਤਰੀ ਦਿੱਲੀ ਸਥਿਤ ਵਿਗਿਆਨ ਭਵਨ 'ਚ ਦੁਪਹਿਰ 2 ਵਜੇ ਬੈਠਕ ਕਰਨਗੇ। ਹੁਣ ਤੱਕ 6 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜਿਸ 'ਚ ਕੋਈ ਹੱਲ ਨਹੀਂ ਨਿਕਲਿਆ। ਅਜੇ ਵੀ ਗੱਲ ਉੱਥੇ ਹੀ ਅੜੀ ਹੈ, ਜਿੱਥੇ ਪਹਿਲਾਂ ਸੀ। ਸਰਕਾਰ ਨੇ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ 2020 ਨੂੰ ਲੈ ਕੇ ਦੋ ਮੰਗਾਂ ਮੰਨੀਆਂ ਹਨ ਪਰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਕਾਨੂੰਨੀ ਰੂਪ ਦੇਣ ਦੀ ਕਿਸਾਨਾਂ ਦੀਆਂ ਮੰਗਾਂ ਸਰਕਾਰ ਨੇ ਹਾਲੇ ਤੱਕ ਨਹੀਂ ਮੰਨੀਆਂ ਹਨ, ਜਿਸ 'ਤੇ ਅੱਜ ਮੰਥਨ ਹੋਵੇਗਾ। ਜੇਕਰ ਸਰਕਾਰ, ਕਿਸਾਨਾਂ ਦੀਆਂ ਇਹ ਦੋ ਮੰਗਾਂ ਨਹੀਂ ਮੰਨਦੀ ਤਾਂ ਉਹ ਆਪਣਾ ਅੰਦੋਲਨ ਤੇਜ਼ ਕਰਨਗੇ। ਉਥੇ ਹੀ ਪੰਜਾਬੀ ਫ਼ਿਲਮ ਤੇ ਸੰਗੀਤ ਜਗਤ ਦੇ ਕਲਾਕਾਰਾਂ ਨੇ ਅੱਜ ਦੀ ਮੀਟਿੰਗ ਨੂੰ ਲੈ ਕੇ ਟਵੀਟ ਕਰ ਰਹੇ ਹਨ। ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਟਵੀਟ ਕਰਦਿਆਂ ਲਿਖਿਆ ਹੈ, 'ਬਾਬਾ ਕਿਰਪਾ ਕਰੇ ਅੱਜ ਕੋਈ ਹੱਲ ਨਿਕਲ ਆਵੇ। ਨਾਲ ਹੀ ਹੱਥ ਜੋੜਦਿਆਂ ਦੀਆਂ ਇਮੋਜ਼ੀਆਂ ਵੀ ਸਾਂਝੀਆਂ ਕੀਤੀਆਂ ਹਨ। 


ਪੰਜਾਬ ਦੇ ਉੱਘੇ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਨੇ ਬਜ਼ੁਰਗ ਕਿਸਾਨਾਂ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ 'ਟੋਟਲ ਰਿਪੇਲ।' ਯਾਨੀ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਰੱਦ ਹੋਣ।'

ਪੰਜਾਬੀ ਅਦਾਕਾਰ ਹਰਭਜਨ ਮਾਨ ਨੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਬਜ਼ੁਰਗ ਬੇਬੇ ਅਤੇ ਬਾਪੂ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਲਿਖਿਆ, 'ਕਿਰਪਾ ਕਰੀਂ ਦਾਤਿਆ, ਅੱਜ ਕਿਸਾਨਾਂ ਨੂੰ ਹੱਕ ਮਿਲਣ ਅਤੇ ਸਭ ਸਹੀ ਸਲਾਮਤ ਆਪਣੇ ਘਰ ਵਾਪਸ ਆਉਣ।'


ਉਥੇ ਹੀ ਸ਼ੈਰੀ ਮਾਨ ਨੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਕਿਸਾਨ ਵਰ੍ਹਦੇ ਮੀਂਹ ਟਰਾਲੀ ਹੇਠ ਬੈਠੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨਾਲ ਸ਼ੈਰੀ ਮਾਨ ਨੇ ਲਿਖਿਆ ਹੈ 'ਸਰਬਤ ਦਾ ਭਲਾ।'

ਦੱਸ ਦਈਏ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ 6 ਅਤੇ 26 ਜਨਵਰੀ ਨੂੰ ਦਿੱਲੀ 'ਚ ਟਰੈਕਟਰ ਪਰੇਡ ਕੱਢੀ ਜਾਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਸਾਨੂੰ ਕਿਸੇ ਸੋਧ ਦੀ ਨਹੀਂ ਸਗੋਂ ਅਸੀਂ ਤਿੰਨੋਂ ਕਾਨੂੰਨਾਂ ਦੀ ਵਾਪਸੀ ਚਾਹੁੰਦੇ ਹਾਂ। ਜੇਕਰ ਅੱਜ ਦੀ ਚਰਚਾ 'ਚ ਸਰਕਾਰ ਨਹੀਂ ਮੰਨਦੀ ਤਾਂ ਗਣਤੰਤਰ ਦਿਵਸ ਦੇ ਦਿਨ ਦਿੱਲੀ ਵੱਲ ਟਰੈਕਟਰ ਪਰੇਡ ਕੱਢੀ ਜਾਵੇਗੀ। 
ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ 40ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ ਅਤੇ ਮੀਂਹ ਦੇ ਬਾਵਜੂਦ ਕਿਸਾਨ ਸੜਕਾਂ 'ਤੇ ਡਟੇ ਹੋਏ ਹਨ। ਓਧਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਉਹ ਅੱਜ ਦੀ ਬੈਠਕ ਨੂੰ ਲੈ ਕੈ ਆਸਵੰਦ ਹਨ, ਉਮੀਦ ਹੈ ਕਿ ਸਕਾਰਾਤਮਕ ਨਤੀਜੇ ਆਉਣਗੇ। ਉਨ੍ਹਾਂ ਕਿਹਾ ਕਿ ਜੋ ਵੀ ਫ਼ੈਸਲਾ ਹੋਵੇਗਾ, ਉਹ ਦੇਸ਼ ਅਤੇ ਕਿਸਾਨਾਂ ਦੇ ਹਿੱਤ 'ਚ ਹੋਵੇਗਾ। ਦਿੱਲੀ ਦੀਆਂ ਬਰੂਹਾਂ 'ਤੇ ਡਟੇ ਕਿਸਾਨਾਂ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਉਥੇ ਹੀ ਪੰਜਾਬੀ ਕਲਾਕਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ। 

 

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

sunita

This news is Content Editor sunita