ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ''ਤੇ ਲਾਇਆ ਧਰਨਾ, ਪੜ੍ਹੋ ਕੀ ਰਿਹਾ ਕਾਰਨ
Sunday, May 17, 2026 - 01:28 PM (IST)
ਲੁਧਿਆਣਾ (ਵੈੱਬ ਡੈਸਕ, ਅਨਿਲ) : ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਭਾਰਤਮਾਲਾ ਨੈਸ਼ਨਲ ਹਾਈਵੇਅ ਪ੍ਰਾਜੈਕਟ ਤਹਿਤ ਐਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਦਾ ਮੁਆਵਜ਼ਾ ਨਾ ਮਿਲਣ ਦੇ ਵਿਰੋਧ 'ਚ ਅੱਜ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਇਸ ਪ੍ਰਾਜੈਕਟ ਅਧੀਨ ਲਈਆਂ ਗਈਆਂ ਹਨ, ਉਨ੍ਹਾਂ ਨੂੰ ਅੱਜ ਤੱਕ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਵਿਭਾਗ ਦੇ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕਰ ਰਹੇ ਹਨ ਅਤੇ ਮੁਆਵਜ਼ੇ ਦੀ ਰਾਸ਼ੀ ਜਾਰੀ ਨਹੀਂ ਕਰ ਰਹੇ।
ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਜਲਦ ਮੁਆਵਜ਼ਾ ਨਾ ਮਿਲਿਆ ਤਾਂ ਇਹ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।ਧਰਨੇ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ. ਡੀ. ਐੱਮ. ਵੈਸਟ ਕੁਲਦੀਪ ਬਾਵਾ ਮੌਕੇ 'ਤੇ ਪਹੁੰਚੇ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਕੁੱਝ ਹੀ ਦਿਨਾਂ 'ਚ ਸਬੰਧਿਤ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ। ਐੱਸ. ਡੀ. ਐੱਮ. ਦੇ ਇਸ ਭਰੋਸੇ ਤੋਂ ਬਾਅਦ ਕਿਸਾਨ ਯੂਨੀਅਨ ਨੇ ਟੋਲ ਪਲਾਜ਼ਾ ਤੋਂ ਆਪਣਾ ਧਰਨਾ ਚੁੱਕ ਲਿਆ।
