ਜਲੰਧਰ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ 'ਚ ਉਬਾਲ ਜਾਰੀ, ਮਨੋਰੰਜਨ ਕਾਲੀਆ ਦੀ ਕੋਠੀ ਦਾ ਕੀਤਾ ਘਿਰਾਓ
Saturday, Jun 05, 2021 - 01:47 PM (IST)
ਜਲੰਧਰ (ਵੈੱਬ ਡੈਸਕ, ਸੋਨੂੰ)- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਆਗੂਆਂ ਦੇ ਘਰਾਂ ਨੂੰ ਘੇਰਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲ ਦਿੱਤੀ ਗਈ ਸੀ। ਇਸੇ ਨੂੰ ਲੈ ਕੇ ਅੱਜ ਪੂਰੇ ਦੇਸ਼ ਭਰ ਵਿਚ ਭਾਜਪਾ ਨੇਤਾਵਾਂ ਦੇ ਘਰਾਂ ਨੂੰ ਕਿਸਾਨਾਂ ਵੱਲੋਂ ਘੇਰਿਆ ਜਾ ਰਿਹਾ ਹੈ। ਇਥੇ ਦੱਸ ਦੇਈਏ ਕਿ ਕੇਂਦਰ ਵੱਲੋਂ ਲਿਆਂਦੇ ਗਏ ਤਿੰਨੇ ਖੇਤੀ ਕਾਨੂੰਨਾਂ ਨੂੰ ਅੱਜ ਪੂਰਾ ਇਕ ਸਾਲ ਹੋ ਚੁੱਕਾ ਹੈ। 5 ਜੂਨ ਨੂੰ ਹੀ ਤਿੰਨੇ ਖੇਤੀ ਕਾਨੂੰਨ ਦੇ ਬਿੱਲ ਲਿਆਂਦੇ ਗਏ ਸਨ। ਇਸੇ ਤਹਿਤ ਅੱਜ ਜਲੰਧਰ ਵਿਚ ਵੀ ਕਿਸਾਨਾਂ ਵੱਲੋਂ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਜਲੰਧਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਵੱਡੀ ਗਿਣਤੀ ਵਿਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਜਿਵੇਂ ਹੀ ਕਿਸਾਨ ਮਨੋਰੰਜਨ ਕਾਲੀਆ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਤਾਂ ਮੌਕੇ ਉਤੇ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਇਹ ਵਿਰੋਧ ਜਾਰੀ ਰੱਖਣਗੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ 5 ਜੂਨ 2020 ਨੂੰ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਮੋਰਚਾ ਖੋਲ੍ਹਿਆ ਹੋਇਆ ਹੈ। ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਦਿਨ-ਰਾਤ ਇਕ ਕਰ ਵਿਰੋਧ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਟਰੇਨ ਵਿਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਜੂਨ ਦੇ ਆਖਰੀ ਰਫ਼ਤੇ ਰੱਦ ਰਹਿਣਗੀਆਂ 29 ਟਰੇਨਾਂ
ਇਹ ਹਨ ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨ
1. ਜਰੂਰੀ ਵਸਤਾਂ (ਸੋਧ) ਆਰਡੀਨੈਂਸ-2020
ਕੇਂਦਰੀ ਮੰਤਰੀ ਮੰਡਲ ਨੇ ਜ਼ਰੂਰੀ ਵਸਤਾਂ ਐਕਟ ਵਿੱਚ ਇਤਿਹਾਸਿਕ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਖੇਤੀਬਾੜੀ ਖੇਤਰ ਵਿੱਚ ਪਰਿਵਰਤਨ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੀ ਦਿਸ਼ਾ ਵਿੱਚ ਇਕ ਦੂਰਦਰਸ਼ੀ ਕਦਮ ਹੈ।
ਜ਼ਰੂਰੀ ਵਸਤਾਂ ਐਕਟ ਵਿੱਚ ਸੋਧ ਦੁਆਰਾ ਅਨਾਜ, ਦਾਲ਼ਾਂ, ਤੇਲ ਬੀਜ, ਖੁਰਾਕੀ ਤੇਲਾਂ, ਗੰਢੇ ਅਤੇ ਆਲੂ ਜਿਹੀਆਂ ਵਸਤਾਂ ਨੂੰ ਜ਼ਰੂਰੀ ਵਸਤਾਂ ਦੀ ਸੂਚੀ ਤੋਂ ਹਟਾ ਦਿੱਤਾ ਜਾਵੇਗਾ। ਇਸ ਵਿਵਸਥਾ ਨਾਲ ਨਿੱਜੀ ਨਿਵੇਸ਼ਕ ਅਤਿਅਧਿਕ ਰੈਗੂਲੇਟਰੀ ਦਖ਼ਲਅੰਦਾਜ਼ੀ ਦੇ ਡਰ ਤੋਂ ਮੁਕਤ ਹੋ ਜਾਣਗੇ। ਉਤਪਾਦਨ, ਭੰਡਾਰਨ, ਢੁਆਈ, ਵੰਡ ਅਤੇ ਸਪਲਾਈ ਕਰਨ ਦੀ ਆਜ਼ਾਦੀ ਨਾਲ ਵਿਆਪਕ ਪੱਧਰ ‘ਤੇ ਉਤਪਾਦਨ ਕਰਨਾ ਸੰਭਵ ਹੋ ਜਾਵੇਗਾ। ਇਸ ਦੇ ਨਾਲ ਖੇਤੀਬਾੜੀ ਖੇਤਰ ਵਿੱਚ ਨਿਜੀ/ਪ੍ਰਤੱਖ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕੀਤਾ ਜਾ ਸਕੇਗਾ। ਇਸ ਨਾਲ ਕੋਲਡ ਸਟੋਰੇਜ ਵਿੱਚ ਨਿਵੇਸ਼ ਵਧਾਉਣ ਅਤੇ ਫੂਡ ਸਪਲਾਈ ਚੇਨ ਦੇ ਆਧੁਨਿਕੀਕਰਨ ਵਿੱਚ ਮਦਦ ਮਿਲੇਗੀ।
ਇਹ ਵੀ ਪੜ੍ਹੋ : ਫਗਵਾੜਾ ਵਿਖੇ ਇਨਸਾਨੀਅਤ ਸ਼ਰਮਸਾਰ, ਬਾਜ਼ਾਰ 'ਚ ਰੋਂਦੇ ਬੱਚੇ ਨੂੰ ਇਕੱਲੇ ਛੱਡ ਫਰਾਰ ਹੋਈ ਮਹਿਲਾ
2. ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020
ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020 ਦੇ ਲਾਗੂ ਹੋ ਜਾਣ ਨਾਲ ਕਿਸਾਨਾਂ ਲਈ ਇਕ ਆਸਾਨ ਅਤੇ ਮੁਕਤ ਮਾਹੌਲ ਤਿਆਰ ਹੋ ਸਕੇਗਾ, ਜਿਸ ਵਿੱਚ ਉਨ੍ਹਾਂ ਨੂੰ ਆਪਣੀ ਸੁਵਿਧਾ ਦੇ ਹਿਸਾਬ ਨਾਲ ਖੇਤੀਬਾੜੀ ਉਤਪਾਦ ਖਰੀਦਣ ਅਤੇ ਵੇਚਣ ਦੀ ਅਜ਼ਾਦੀ ਹੋਵੇਗੀ। ਆਰਡੀਨੈਂਸ ਨਾਲ ਸੂਬੇ ਦੇ ਅੰਦਰ ਅਤੇ ਬਾਹਰ ਦੋਹਾਂ ਥਾਵਾਂ ’ਤੇ ਅਜਿਹੇ ਖੇਤੀਬਾੜੀ ਉਤਪਾਦਾਂ ਦਾ ਵਪਾਰ ਸੌਖਾ ਹੋ ਜਾਵੇਗਾ, ਜੋ ਸੂਬਿਆਂ ਦੇ ਖੇਤੀਬਾੜੀ ਉਤਪਾਦ ਮਾਰਕਿਟਿੰਗ ਕਮੇਟੀ (ਏ.ਪੀ.ਐੱਮ.ਸੀ.) ਐਕਟ ਤਹਿਤ ਅਧਿਸੂਚਿਤ ਹਨ। ਇਸ ਨਾਲ ਬਾਜ਼ਾਰ ਦੀ ਲਾਗਤ ਘੱਟ ਹੋਵੇਗੀ ਅਤੇ ਕਿਸਾਨਾਂ ਨੂੰ ਆਪਣੀ ਉਪਜ ਦੀ ਚੰਗੀ ਕੀਮਤ ਮਿਲ ਸਕੇਗੀ। ਇਸ ਦੇ ਇਲਾਵਾ ਉਪਜ ਵਾਲੇ ਖੇਤਰਾਂ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦ ਦੀ ਚੰਗੀ ਕੀਮਤ ਮਿਲ ਸਕੇਗੀ ਅਤੇ ਨਾਲ ਹੀ ਦੂਜੇ ਪਾਸੇ ਘੱਟ ਉਪਜ ਵਾਲੇ ਖੇਤਰਾਂ ਵਿੱਚ ਖ਼ਪਤਕਾਰਾਂ ਨੂੰ ਜ਼ਿਆਦਾ ਕੀਮਤਾਂ ਨਹੀਂ ਚੁਕਾਉਣੀਆਂ ਪੈਣਗੀਆਂ।
ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਡੈਨਮਾਰਕ ਤੋਂ ਆਉਂਦਿਆਂ ਜਹਾਜ਼ ’ਚ ਕਾਲਾ ਸੰਘਿਆਂ ਦੇ ਨੌਜਵਾਨ ਦੀ ਮੌਤ
3. ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020
ਇਹ ਤੀਜਾ ਖੇਤੀ ਕਾਨੂੰਨ ਆਰਡੀਨੈਂਸ ਕਿਸਾਨਾਂ ਨੂੰ ਸ਼ੋਸ਼ਣ ਦੇ ਡਰ ਦੇ ਬਿਨਾ ਸਮਾਨਤਾ ਦੇ ਅਧਾਰ ਉੱਤੇ ਪ੍ਰੋਸੈੱਸਰਾਂ, ਐਗਰੀਗੇਟਰਾਂ, ਥੋਕ ਵਿਕਰੇਤਾਵਾਂ, ਵੱਡੇ ਖੁਦਰਾ ਕਾਰੋਬਾਰੀਆਂ, ਬਰਾਮਦਕਾਰਾਂ ਆਦਿ ਨਾਲ ਜੁੜਨ ਦੇ ਸਮਰੱਥ ਬਣਾਵੇਗਾ। ਇਸ ਨਾਲ ਬਜ਼ਾਰ ਦੀ ਅਨਿਸ਼ਚਿਤਤਾ ਦਾ ਜੋਖਿਮ ਪ੍ਰਾਯੋਜਕ ਉੱਤੇ ਹੋ ਜਾਵੇਗਾ ਅਤੇ ਨਾਲ ਹੀ ਕਿਸਾਨਾਂ ਦੀ ਆਧੁਨਿਕ ਤਕਨੀਕ ਅਤੇ ਬਿਹਤਰ ਇਨਪੁਟਸ ਤੱਕ ਪਹੁੰਚ ਵੀ ਸੁਨਿਸ਼ਚਿਤ ਹੋਵੇਗੀ। ਇਸ ਨਾਲ ਮਾਰਕਿਟਿੰਗ ਦੀ ਲਾਗਤ ਵਿੱਚ ਕਮੀ ਆਵੇਗੀ ਅਤੇ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਹੋਵੇਗਾ।
ਇਹ ਵੀ ਪੜ੍ਹੋ: ਗੂਗਲ ਤੋਂ ਬੈਂਕ ਦੇ ਕਸਟਮਰ ਕੇਅਰ ਦਾ ਨੰਬਰ ਲੈਣ ਵਾਲੇ ਹੋ ਜਾਣ ਸਾਵਧਾਨ, ਤੁਹਾਡੇ ਨਾਲ ਵੀ ਹੋ ਸਕਦੀ ਹੈ ਅਜਿਹੀ ਠੱਗੀ
ਇਹ ਆਰਡੀਨੈਂਸ ਕਿਸਾਨਾਂ ਦੀ ਉਪਜ ਦੀ ਆਲਮੀ ਬਜ਼ਾਰਾਂ ਵਿੱਚ ਸਪਲਾਈ ਲਈ ਜ਼ਰੂਰੀ ਸਪਲਾਈ ਤੰਦ ਤਿਆਰ ਕਰਨ ਨੂੰ ਨਿਜੀ ਖੇਤਰ ਤੋਂ ਨਿਵੇਸ਼ ਆਕਰਸ਼ਿਤ ਕਰਨ ਵਿੱਚ ਇਕ ਉਤਪ੍ਰੇਰਕ ਦੇ ਰੂਪ ਵਿੱਚ ਕੰਮ ਕਰੇਗਾ। ਕਿਸਾਨਾਂ ਦੀ ਉੱਚੇ ਮੁੱਲ ਵਾਲੀ ਖੇਤੀਬਾੜੀ ਲਈ ਤਕਨਾਲਜੀ ਅਤੇ ਸਲਾਹ-ਮਸ਼ਵਰੇ ਤੱਕ ਪਹੁੰਚ ਯਕੀਨੀ ਹੋਵੇਗੀ, ਨਾਲ ਹੀ ਉਨ੍ਹਾਂ ਨੂੰ ਅਜਿਹੀਆਂ ਫ਼ਸਲਾਂ ਲਈ ਤਿਆਰ ਬਜ਼ਾਰ ਵੀ ਮਿਲੇਗਾ। ਕਿਸਾਨ ਪ੍ਰਤੱਖ ਰੂਪ ਨਾਲ ਮਾਰਕਿਟਿੰਗ ਨਾਲ ਜੁੜ ਸਕਣਗੇ, ਜਿਸ ਨਾਲ ਵਿਚੋਲਿਆਂ ਦੀ ਭੂਮਿਕਾ ਖਤਮ ਹੋਵੇਗੀ ਅਤੇ ਉਨ੍ਹਾਂ ਨੂੰ ਆਪਣੀ ਫ਼ਸਲ ਦਾ ਬਿਹਤਰ ਮੁੱਲ ਮਿਲੇਗਾ। ਕਿਸਾਨਾਂ ਨੂੰ ਲੋੜੀਂਦੀ ਸੁਰੱਖਿਆ ਦਿੱਤੀ ਗਈ ਹੈ ਅਤੇ ਸਮਾਧਾਨ ਦੀ ਸਪਸ਼ਟ ਸਮਾਂ ਸੀਮਾ ਦੇ ਨਾਲ ਪ੍ਰਭਾਵੀ ਵਿਵਾਦ ਸਮਾਧਾਨ ਤੰਤਰ ਵੀ ਉਪਲੱਬਧ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: GNA ਯੂਨੀਵਰਸਿਟੀ ਕਰੇਗੀ ਤੁਹਾਡੇ ਸੁਫ਼ਨੇ ਪੂਰੇ, ਕੁਕਿੰਗ ਦੇ ਕੋਰਸਾਂ ਦੇ ਸ਼ੌਕੀਨ ਜ਼ਰੂਰ ਪੜ੍ਹਨ ਇਹ ਖ਼ਬਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ