ਸਰਕਾਰੀ ਖਰੀਦ ਚਾਲੂ ਕਰਨ ਅਤੇ ਫਸਲ ਨੁਕਸਾਨ ਦੇ ਮੁਆਵਜ਼ੇ ਲਈ ਡੀ.ਸੀ. ਦਫਤਰ ਅੱਗੇ ਕਿਸਾਨਾਂ ਦਾ ਪ੍ਰਦਰਸ਼ਨ
Thursday, Apr 16, 2026 - 02:53 PM (IST)
ਦੋਰਾਹਾ (ਵਿਨਾਇਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ ਵੱਲੋਂ ਅੱਜ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਦੌਰਾਨ ਕਿਸਾਨਾਂ ਨੇ ਸਰਕਾਰੀ ਖਰੀਦ ਤੁਰੰਤ ਚਾਲੂ ਕਰਨ ਅਤੇ ਬੇਮੌਸਮੀ ਬਾਰਿਸ਼, ਝੱਖੜ ਅਤੇ ਗੜੇਮਾਰੀ ਕਾਰਨ ਹੋਏ ਫਸਲ ਨੁਕਸਾਨ ਦਾ ਯੋਗ ਮੁਆਵਜ਼ਾ ਦੇਣ ਦੀ ਮੰਗ ਉੱਠਾਈ।
ਇਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ ਜਾਣ-ਬੁੱਝ ਕੇ ਨਵੀਆਂ-ਨਵੀਆਂ ਸ਼ਰਤਾਂ ਲਾਗੂ ਕਰਕੇ ਕਿਸਾਨਾਂ ਦੀ ਫਸਲ ਖਰੀਦਣ ਤੋਂ ਕਤਰਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ ਅਤੇ ਖਰੀਦ ਪ੍ਰਕਿਰਿਆ ਵਿਚ ਬੇਵਜ੍ਹਾ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੌਜੂਦਾ ਨੀਤੀਆਂ ਕਿਸਾਨ ਵਿਰੋਧੀ ਹਨ ਅਤੇ ਇਹ ਕਿਸਾਨੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਵਾਲੀਆਂ ਹਨ। ਸਰਕਾਰ ਵੱਲੋਂ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾਉਣ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ, ਜਦਕਿ ਕਿਸਾਨਾਂ ਦੇ ਹੱਕਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵੱਡੇ ਉਦਯੋਗਪਤੀਆਂ ਦੇ ਲੱਖਾਂ-ਕਰੋੜਾਂ ਰੁਪਏ ਮਾਫ਼ ਕੀਤੇ ਜਾਂਦੇ ਹਨ, ਪਰ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਤੱਕ ਨਹੀਂ ਕੀਤੀ ਜਾਂਦੀ, ਜੋ ਕਿ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਹੈ।
ਸੌਦਾਗਰ ਸਿੰਘ ਘੁਡਾਣੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਅੰਦੋਲਨ ਛੇੜਿਆ ਜਾਵੇਗਾ। ਇਸ ਮੌਕੇ ਜ਼ਿਲਾ ਮੀਤ ਪ੍ਰਧਾਨ ਮਨੋਹਰ ਸਿੰਘ ਕਲਾਹੜ, ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ੍ਹ, ਯੁਵਰਾਜ ਸਿੰਘ ਘੁਡਾਣੀ, ਬਲਾਕ ਆਗੂ ਜਸਵੀਰ ਸਿੰਘ ਅਸ਼ਕਰੀਪੁਰ, ਨਾਜਰ ਸਿੰਘ ਸਿਆੜ ਅਤੇ ਜਸਵੰਤ ਸਿੰਘ ਭੱਟੀਆਂ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਸਰਕਾਰ ਦੀਆਂ ਨੀਤੀਆਂ ਦਾ ਜ਼ੋਰਦਾਰ ਵਿਰੋਧ ਕੀਤਾ। ਇਸ ਧਰਨੇ ਦੌਰਾਨ ਕਿਸਾਨਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਕਜੁੱਟ ਹੋ ਕੇ ਆਪਣੀਆਂ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਲਿਆ।
