ਪੰਜਾਬ 'ਚ ਕਿਸਾਨ ਅੰਦੋਲਨ ਤੇਜ਼, ਅੱਜ ਕਰਨਗੇ ਲਲਕਾਰ ਰੈਲੀ
Saturday, Oct 15, 2022 - 12:24 PM (IST)
ਸੰਗਰੂਰ (ਸਿੰਗਲਾ, ਬੇਦੀ) : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ ’ਤੇ 6ਵੇਂ ਦਿਨ ਵੀ ਉਤਸ਼ਾਹ ਨਾਲ ਜਾਰੀ ਰਿਹਾ। ਇਸ ’ਚ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਤੇ ਮਜ਼ਦੂਰ ਨੌਜਵਾਨ ਸ਼ਾਮਲ ਹੋਏ। ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਮਾਨ ਦੀ ਰੀਸ ਨਾਲ ਮਾਲਵਿੰਦਰ ਕੰਗ ਅਤੇ ਹਰਜੋਤ ਬੈਂਸ ਵਰਗੇ 'ਆਪ' ਦੇ ਆਗੂ ਵੀ ਮੰਗਾਂ ਮੰਨ ਲੈਣ ਦੇ ਬਾਵਜੂਦ ਕਿਸਾਨਾਂ ਵੱਲੋਂ ਬਿਨਾਂ ਵਜ੍ਹਾ ਮੋਰਚਾ ਲਾਉਣ ਦਾ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ, ਜਦੋਂ ਕਿ ਕਿਸਾਨ ਮੋਰਚਾ ਇਨ੍ਹਾਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਲਈ ਹੀ ਲਾਇਆ ਹੋਇਆ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਡੇਂਗੂ ਦੇ 40 ਨਵੇਂ ਮਰੀਜ਼ਾਂ ਦੀ ਪੁਸ਼ਟੀ, ਵਾਇਰਲ ਦੇ 70 ਮਰੀਜ਼ ਆਏ ਸਾਹਮਣੇ
ਉਨ੍ਹਾਂ ਐਲਾਨ ਕੀਤਾ ਕਿ ਇਨ੍ਹਾਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਬਾਰੇ ‘ਆਪ’ ਸਰਕਾਰ ਦੇ ਇਸ ਗੁੰਮਰਾਹਕੁੰਨ ਪ੍ਰਚਾਰ ਦਾ ਪਰਦਾਫਾਸ਼ 15 ਅਕਤੂਬਰ ਨੂੰ ਲਲਕਾਰ ਦਿਵਸ ਮੌਕੇ ਲਾਮਿਸਾਲ ਇਕੱਠ ਰਾਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਕੈਂਪਸ 'ਚ ਮੁੰਡਿਆਂ ਦੇ ਹੋਸਟਲ 'ਚ ਚੱਲੀ ਗੋਲੀ, ਮੌਕੇ 'ਤੇ ਪੁੱਜੀ ਪੁਲਸ
ਸੂਬਾ ਮੀਤ ਪ੍ਰਧਾਨ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਕਿਸਾਨਾਂ ਦੀਆਂ ਭਖਦੀਆਂ ਮੰਗਾਂ ’ਚ ਬੀਤੇ ਵਰ੍ਹੇ ਜਾਂ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ, ਗੜੇਮਾਰੀ/ਭਾਰੀ ਮੀਂਹਾਂ ਜਾਂ ਵਾਇਰਲ ਰੋਗ ਨਾਲ ਕਈ ਜ਼ਿਲ੍ਹਿਆਂ 'ਚ ਤਬਾਹ ਹੋਏ ਨਰਮੇ ਤੇ ਹੋਰ ਫ਼ਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਪੂਰਾ-ਪੂਰਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ’ਚ ਤੁਰੰਤ ਵੰਡਾਉਣ ਲਈ ਆਦਿ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ