ਕਿਸਾਨਾਂ ਨੇ ਲੁਧਿਆਣਾ ''ਚ ਜਾਮ ਕੀਤੀ ਰੇਲਵੇ ਲਾਈਨ, ਕੀਤਾ ਰੋਸ ਪ੍ਰਦਰਸ਼ਨ
Wednesday, Dec 18, 2024 - 03:23 PM (IST)
ਲੁਧਿਆਣਾ (ਗਣੇਸ਼): ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਰੇਲਗੱਡੀਆਂ ਰੋਕਣ ਦਾ ਸੱਦਾ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਸ਼ਹਿਰਾਂ ਦੇ ਵਿਚ ਰੇਲਾਂ ਰੋਕ ਕੇ ਕੇਂਦਰ ਦੀ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਸੇ ਲੜੀ ਤਹਿਤ ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ 'ਤੇ ਕਿਸਾਨ ਆਗੂਆਂ ਅਤੇ ਕਿਸਾਨ ਬੀਬੀਆਂ ਵੱਲੋਂ ਰੇਲਵੇ ਲਾਈਨ 'ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਦਿਲਬਾਗ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ 12 ਵਜੇ ਤੋਂ 3 ਵਜੇ ਤੱਕ ਉਨ੍ਹਾਂ ਵੱਲੋਂ ਇਹ ਪ੍ਰਦਰਸ਼ਨ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਕਿਸਾਨ ਮਾਰੂ ਨੀਤੀਆਂ ਦੇ ਵਿਰੁੱਧ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ
ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਆਪਣੇ ਹਰ ਵਾਅਦੇ ਤੋਂ ਮੁੱਕਰ ਰਹੀ ਹੈ। ਸ਼ੰਭੂ ਅਤੇ ਖਨੌਰੀ ਬਾਰਡਰ 'ਤੇ 309 ਦਿਨ ਤੋਂ ਵੱਧ ਦਾ ਸਮਾਂ ਹੋ ਗਿਆ, ਕਿਸਾਨ ਧਰਨਾ ਲਗਾਈ ਬੈਠੇ ਹਨ। ਉਨ੍ਹਾਂ ਨੂੰ ਪੈਦਲ ਵੀ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ। ਉਨ੍ਹਾਂ ਦੇ ਲੀਡਰ ਜਗਜੀਤ ਸਿੰਘ ਡੱਲੇਵਾਲ ਵੀ ਪਿਛਲੇ 23 ਦਿਨ ਤੋਂ ਮਰਨ ਵਰਤ 'ਤੇ ਹਨ, ਉਨ੍ਹਾਂ ਦੀ ਹਾਲਤ ਵੀ ਲਗਾਤਾਰ ਖ਼ਰਾਬ ਹੋ ਰਹੀ ਹੈ। ਪਰ ਕੇਂਦਰ ਅਤੇ ਹਰਿਆਣਾ ਦੀ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ। ਕੇਂਦਰ ਸਰਕਾਰ ਦੇ ਕਈ ਮੰਤਰੀ ਵੀ ਕਹਿ ਚੁੱਕੇ ਹਨ ਕਿ ਕਿਸਾਨ ਟਰਾਲੀ-ਟਰੈਕਟਰ ਲੈ ਕੇ ਦਿੱਲੀ ਨਾ ਜਾਣ ਪਰ ਹੁਣ ਤਾਂ ਕਿਸਾਨ ਪੈਦਲ ਜਾ ਰਹੇ ਨੇ ਫਿਰ ਵੀ ਉਨ੍ਹਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਦੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਵੱਲੋਂ ਇੱਕ ਵੱਡਾ ਸੰਘਰਸ਼ ਛੇੜਿਆ ਜਾਵੇਗਾ ਜੇਕਰ ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜਿੰਮੇਵਾਰੀ ਕੇਂਦਰ ਦੀ ਸਰਕਾਰ ਹੋਵੇਗੀ। ਕੇਂਦਰ ਦੀ ਸਰਕਾਰ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ, ਫਸਲਾਂ ਦੀ ਐੱਮ.ਐੱਸ.ਪੀ. ਗਾਰੰਟੀ ਅਤੇ ਹੋਰ ਜੋ ਵਾਅਦੇ ਕੀਤੇ ਸੀ, ਉਨ੍ਹਾਂ ਸਾਰਿਆਂ ਤੋਂ ਮੁੱਕਰ ਚੁੱਕੀ ਹੈ। ਸਰਕਾਰ ਨੇ ਉਨ੍ਹਾਂ ਨਾਲ ਸਿਰਫ ਦੋ-ਤਿੰਨ ਵਾਰ ਮੀਟਿੰਗ ਕੀਤੀ, ਉਸ ਤੋਂ ਬਾਅਦ ਮੀਟਿੰਗ ਵੀ ਬੰਦ ਕਰ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8