ਨਹੀਂ ਸਿਰੇ ਚੜ੍ਹ ਸਕੀ ਦੋਵਾਂ ਕਿਸਾਨ ਸੰਗਠਨਾਂਂ ਦੀ ਮੀਟਿੰਗ, ਮੁੜ ਸੱਦੀ ਜਾਵੇਗੀ ਬੈਠਕ

Sunday, Dec 22, 2024 - 05:37 AM (IST)

ਨਹੀਂ ਸਿਰੇ ਚੜ੍ਹ ਸਕੀ ਦੋਵਾਂ ਕਿਸਾਨ ਸੰਗਠਨਾਂਂ ਦੀ ਮੀਟਿੰਗ, ਮੁੜ ਸੱਦੀ ਜਾਵੇਗੀ ਬੈਠਕ

ਪਟਿਆਲਾ/ਸਨੌਰ (ਮਨਦੀਪ ਜੋਸਨ)- ਸੰਯੁਕਤ ਕਿਸਾਨ ਮੋਰਚਾ ਅਤੇ ਸ਼ੰਭੂ ਖਨੌਰੀ ਬਾਰਡਰ ’ਤੇ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਨੇਤਾਵਾਂ ਵਿਚਕਾਰ ਬੀਤੇ ਦਿਨ ਪਟਿਆਲਾ ਵਿਖੇ ਏਕਤਾ ਦੇ ਯਤਨਾਂ ਨੂੰ ਲੈ ਕੇ ਹੋਈ ਮੀਟਿੰਗ ਸਿਰੇ ਨਹੀਂ ਚੜ੍ਹ ਸਕੀ। ਦੋਵੇਂ ਨੇਤਾਵਾਂ ਵੱਲੋਂ ਇਕੱਠੀ ਪ੍ਰੈੱਸ ਕਾਨਫਰੰਸ ਕਰ ਕੇ ਐਲਾਨ ਕੀਤਾ ਗਿਆ ਕਿ ਜਲਦ ਹੀ ਇਕ ਹੋਰ ਮੀਟਿੰਗ ਹੋਵੇਗੀ।

ਮੀਟਿੰਗ ਦੌਰਾਨ ਸ਼ੰਭੂ ਅਤੇ ਖਨੌਰੀ ਮੋਰਚੇ ਦੇ ਸੀਨੀਅਰ ਨੇਤਾ ਸਰਵਣ ਸਿੰਘ ਪੰਧੇਰ, ਐੱਸ.ਕੇ.ਐੱਮ. ਦੇ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੀਟਿੰਗ ’ਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਨੀਤੀ ਸਬੰਧੀ ਖਰੜੇ ਅਤੇ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਲੰਬੀ ਚਰਚਾ ਹੋਈ। ਮੀਟਿੰਗ ਉਪਰੰਤ ਕਿਸਾਨ ਆਗੂਆਂ ਨੇ ਆਖਿਆ ਕਿ ਮੀਟਿੰਗ ਸੁਖਾਵੇਂ ਮਾਹੌਲ ’ਚ ਹੋਈ ਹੈ। ਆਖਰੀ ਫੈਸਲਾ ਦੋਨਾਂ ਫੋਰਮਾਂ ਦੀਆਂ ਆਪਣੀਆਂ ਮੀਟਿੰਗਾਂ ਕਰਨ ਉਪਰੰਤ ਮੁੜ ਬੈਠਕ ਕਰ ਕੇ ਲਿਆ ਜਾਵੇਗਾ।

PunjabKesari

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਨੂੰ ਲਿਖੇ ਪੱਤਰਾਂ ਉਪਰੰਤ ਐੱਸ.ਕੇ.ਐੱਮ. ਵਫਦ ਵੱਲੋਂ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਬੈਠਕ ਕੀਤੀ ਗਈ ਹੈ। ਇਸ ’ਚ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਂਦੇ ਨਵੇਂ ਖਰੜੇ ਅਤੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਗੇ ਕਿਵੇਂ ਤੋਰਨਾ ਹੈ, ਬਾਰੇ ਚਰਚਾ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ AAP ਤੇ ਕਾਂਗਰਸ ਵਿਚਾਲੇ ਫ਼ਸ ਗਿਆ 'ਪੇਚ', Draw ਹੋ ਗਿਆ ਮੁਕਾਬਲਾ

ਉਨ੍ਹਾਂ ਦੱਸਿਆ ਕਿ ਮੀਟਿੰਗ ’ਚ ਵਿਚਾਰੇ ਗਏ ਮੁੱਦਿਆਂ ਬਾਰੇ ਅੰਤਿਮ ਫੈਸਲਾ ਲੈਣ ਲਈ ਦੋਨੋਂ ਫੋਰਮਾਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਦੋਨੋਂ ਫੋਰਮਾਂ ਦੇ ਆਗੂ ਆਪੋ-ਆਪਣੀਆਂ ਮੀਟਿੰਗਾਂ ਕਰਨ ਉਪਰੰਤ ਜਲਦ ਹੀ ਅਗਲੀ ਮੀਟਿੰਗ ਸੱਦੀ ਜਾਵੇਗੀ। ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਮੀਟਿੰਗ ਦਾ ਏਜੰਡਾ ਨੇੜਲੇ ਭਵਿੱਖ ’ਚ ਸਾਰੀਆਂ ਜਥੇਬੰਦੀਆਂ ਦੀ ਏਕਤਾ ਨਾਲ ਅੰਦੋਲਨ ਲੜਨਾ ਹੈ, ਜਿਸ ਸਬੰਧੀ ਮੀਟਿੰਗ ਸੁਖਾਵੇਂ ਮਾਹੌਲ ’ਚ ਹੋਈ ਹੈ। 

ਉਨ੍ਹਾਂ ਨੂੰ ਆਸ ਹੈ ਕਿ ਜਲਦ ਹੀ ਸਾਰੀਆਂ ਜਥੇਬੰਦੀਆਂ ਇਕੱਠੀਆਂ ਹੋ ਕੇ ਅੰਦੋਲਨ ਨੂੰ ਤੇਜ਼ ਕਰਨਗੀਆਂ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨਾਲ ਟੱਕਰ ਲੈਣ ਲਈ ਸਾਰਿਆਂ ਨੂੰ ਸਿਰ ਜੋੜ ਕੇ ਅੱਗੇ ਵਧਣਾ ਪਵੇਗਾ। ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 26ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਉਨ੍ਹਾਂ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ ਪਰ ਸਰਕਾਰਾਂ ’ਤੇ ਜੂੰ ਨਹੀਂ ਸਰਕ ਰਹੀ।

PunjabKesari

ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਕੇ.ਪੀ. ਯਾਦਵ, ਰਤਨ ਮਾਨ (ਬੀ.ਕੇ.ਯੂ. ਟਕੈਤ) ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਪਟਿਆਲਾ ਸ਼ਾਮਲ ਹੋਏ, ਜਦੋਂ ਕਿ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਰਵਣ ਸਿੰਘ ਪੰਧੇਰ ਤੋਂ ਇਲਾਵਾ ਮਨਜੀਤ ਸਿੰਘ ਰਾਏ ਬੀ.ਕੇ.ਯੂ. (ਦੁਆਬਾ), ਜਸਵਿੰਦਰ ਸਿੰਘ ਸੋਮਾ, ਬਲਦੇਵ ਜੀਰਾ, ਤੇਜਵੀਰ ਸਿੰਘ ਅਤੇ ਹੈਪੀ ਸ਼ਾਮਲ ਹੋਏ।

ਇਹ ਵੀ ਪੜ੍ਹੋ- ਜਲੰਧਰ 'ਚ AAP ਨੇ ਜਿੱਤੀਆਂ ਸਭ ਤੋਂ ਵੱਧ 38 ਸੀਟਾਂ, ਫ਼ਿਰ ਵੀ ਮੇਅਰ ਬਣਾਉਣ ਲਈ ਲਾਉਣਾ ਪਵੇਗਾ 'ਜੋੜ-ਤੋੜ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News