ਕਿਸਾਨੀ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ : ਐਡਵੋਕੇਟ ਧਾਮੀ

Tuesday, Dec 14, 2021 - 02:00 PM (IST)

ਕਿਸਾਨੀ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ : ਐਡਵੋਕੇਟ ਧਾਮੀ

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਅਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿਚ ਹਿੱਸਾ ਪਾਉਣ ਵਾਲੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਮਾਗਮ ਸਮੇਂ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਨਾਲ ਕਿਸਾਨੀ ਸੰਘਰਸ਼ ਨੂੰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ਦੇ ਬਣਾਏ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਕਿਸਾਨੀ ਅੰਦੋਲਨ ਨੇ ਇਤਿਹਾਸ ਨੂੰ ਦੁਬਾਰਾ ਜਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਅਡ਼ੀਅਲ ਰਵੱਈਏ ਕਾਰਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ, ਪਰ ਸਰਕਾਰ ਨੂੰ ਆਖਰ ਝੁਕਣਾ ਪਿਆ।

PunjabKesari

ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ। ਹਰਿਆਣਾ ਨੇ ਆਪਣੇ ਛੋਟੇ ਭਰਾ ਹੋਣ ਦਾ ਸਬੂਤ ਦਿੰਦਿਆਂ ਹਰ ਔਕਡ਼ ਸਮੇਂ ਡਟਵਾਂ ਮੁਕਾਬਲਾ ਕੀਤਾ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਜਥੇਬੰਦੀਆਂ ਵੱਲੋਂ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਮੋਰਚੇ ਦੌਰਾਨ ਅਨੇਕਾਂ ਔਕਡ਼ਾਂ ਆਈਆਂ ਪਰ ਪਰਮਾਤਮਾ ਦੀ ਮਿਹਰ ਸਦਕਾ ਕਿਸਾਨਾਂ ਦੀ ਹਰ ਔਕੜ ਦੂਰ ਹੋਈ। ਸ. ਰਾਜੇਵਾਲ ਨੇ ਕਿਹਾ ਕਿ ਇਸ ਮੋਰਚੇ ਦੀ ਜਿੱਤ ਨੇ ਪੰਜਾਬੀਆਂ ਦੇ ਇਤਿਹਾਸ ਦੀ 300 ਸਾਲ ਪੁਰਾਣੀ ਯਾਦ ਨੂੰ ਮੁੜ ਕੀਤਾ। ਇਸੇ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੇਤ, ਲਖਨਪਾਲ ਅਤੇ ਯੁੱਧਵੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੈਂਬਰ ਸਾਹਿਬਾਨ ਵੱਲੋਂ ਸਨਮਾਨਿਤ ਕੀਤਾ ਗਿਆ। 

ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਤੌਰ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਸਨਮਾਨਿਤ ਕੀਤਾ। ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਕਿਸਾਨ ਆਗੂਆਂ ਨੂੰ ਦਿੱਤੇ। ਸਨਮਾਨ ਵਿਚ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਸਨਮਾਨ ਪ੍ਰਾਪਤ ਕਰਨ ਵਾਲੇ ਆਗੂਆਂ ਵਿਚ ਬਲਬੀਰ ਸਿੰਘ ਰਾਜੇਵਾਲ, ਹਰਪਾਲ ਸਿੰਘ ਸੰਘਾ, ਮੇਜਰ ਸਿੰਘ ਪੁੰਨਾਵਾਲਾ, ਬਲਵਿੰਦਰ ਸਿੰਘ ਔਲਖ ਆਦਿ ਸ਼ਾਮਲ ਸਨ।


author

Anuradha

Content Editor

Related News