ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

10/19/2017 7:26:21 AM

ਸੁਲਤਾਨਪੁਰ ਲੋਧੀ, (ਸੋਢੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ਼ਿਲਾ ਕਪੂਰਥਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਪੱਸਣ ਕਦੀਮ ਦੀ ਅਗਵਾਈ ਹੇਠ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਮੰਗ ਕੀਤੀ ਗਈ ਕਿ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਕੀਤੇ ਕੇਸ ਵਾਪਸ ਲਏ ਜਾਣ। 
ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪੰਜਾਬ ਦੇ ਸਾਰੇ ਕਿਸਾਨਾਂ ਦਾ ਹਰੇਕ ਪ੍ਰਕਾਰ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕਰਨ ਵਾਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਹੁਣ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਦੇ ਚੱਕਰਵਿਊ 'ਚ ਫਸੇ ਹੋਏ ਕਿਸਾਨ ਤੇ ਮਜ਼ਦੂਰਾਂ ਨੂੰ ਖੇਤੀਬਾੜੀ ਸਭਾਵਾਂ ਵਲੋਂ ਕਰਜ਼ੇ ਦੀ ਕਿਸ਼ਤ ਨਾ ਜਮ੍ਹਾ ਕਰਵਾਉਣ ਕਰ ਕੇ ਖਾਦ ਤੇ ਦਵਾਈਆਂ ਦੇਣ ਤੋਂ ਜਵਾਬ ਦੇ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਲਈ ਸਿਰਫ ਚਾਰ ਘੰਟੇ ਹੀ ਬਿਜਲੀ ਸਪਲਾਈ ਦੇ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। 
ਗੁਰਪ੍ਰੀਤ ਸਿੰਘ ਗੋਪੀ ਪੱਸਣ ਕਦੀਮ ਨੇ ਕਿਹਾ ਕਿ ਸਰਕਾਰਾਂ ਦੀ ਬੇਰੁਖੀ ਕਾਰਨ ਕਿਸਾਨਾਂ ਨੂੰ ਆਪਣੇ ਆਲੂ ਮੁਫਤ 'ਚ ਹੀ ਸਟੋਰਾਂ 'ਚ ਛੱਡਣੇ ਪੈ ਰਹੇ ਹਨ ਤੇ ਦੁਕਾਨਦਾਰ 10 ਤੋਂ 20 ਰੁਪਏ ਕਿਲੋ ਦੇ ਹਿਸਾਬ ਆਲੂ ਵੇਚ ਕੇ ਲੱਖਾਂ ਰੁਪਏ ਕਮਾ ਰਹੇ ਹਨ। ਇਸ ਸਮੇਂ ਮਿਲਖਾ ਸਿੰਘ, ਬੱਗਾ ਸਿੰਘ ਤੇ ਹੋਰਨਾਂ ਕਿਸਾਨਾਂ ਨੇ ਸ਼ਿਰਕਤ ਕੀਤੀ।