ਕਿਸਾਨਾਂ ਨੇ ਅਮਿਤ ਸ਼ਾਹ, ਖੱਟੜ ਤੇ ਅਨਿਲ ਵਿਜ ਦੇ ਸਾੜੇ ਪੁਤਲੇ, ਕੀਤੀ ਨਾਅਰੇਬਾਜ਼ੀ

02/23/2024 1:25:18 PM

ਭਵਾਨੀਗੜ੍ਹ (ਕਾਂਸਲ) : ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰਿਆਣਾ ਪੁਲਸ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਜ਼ਬਰ ਦੇ ਵਿਰੋਧ ’ਚ ਅੱਜ ਪੂਰੇ ਪੰਜਾਬ ਅੰਦਰ ਕਾਲਾ ਦਿਵਸ ਮਨਾਉਣ 'ਤੇ ਤਹਿਸੀਲ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਇਲਾਕੇ ਦੀਆਂ ਵੱਖ-ਵੱਖ ਕਿਸਾਨ ਅਤੇ ਹੋਰ ਸੰਘਰਸ਼ਸ਼ੀਲ ਜੱਥੇਬੰਦੀਆਂ ਵੱਲੋਂ ਸਥਾਨਕ ਸ਼ਹਿਰ ’ਚੋਂ ਲੰਘਦੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ 'ਤੇ ਬਲਿਆਲ ਰੋਡ ਕੱਟ ਨਜ਼ਦੀਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਮਨੋਹਰ ਖੱਟਰ ਤੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਪੁਤਲੇ ਸਾੜ ਕੇ ਕੇਂਦਰ ਤੇ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਬੀ. ਕੇ. ਯੂ. ਡਕੌਂਦਾ (ਬੁਰਜਗਿੱਲ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ, ਬੀ. ਕੇ. ਯੂ ਰਾਜਵੇਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਰਘਵੀਰ ਸਿੰਘ ਭਵਾਨੀਗੜ੍ਹ, ਬੀ. ਕੇ. ਯੂ. ਡਕੌਂਦਾ (ਧਨੇਰ) ਦੇ ਮਹਿੰਦਰ ਸਿੰਘ ਮਾਝੀ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ 'ਤੇ ਹਰਿਆਣਾ ਪੁਲਸ ਵੱਲੋਂ ਕੀਤੇ ਜਾ ਰਹੇ ਜ਼ਬਰ ਦੀ ਅਸੀਂ ਸਖ਼ਤ ਸਬਦਾਂ 'ਚ ਨਿਖੇਧੀ ਕਰਦੇ ਹਾਂ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਬਾਰਡਰ ’ਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਹਰਿਆਣਾ ਪੁਲਸ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾਣ।


Babita

Content Editor

Related News