ਜ਼ਮੀਨ ਦਾ ਰੇਟ ਘੱਟ ਦੇਣ ਦੇ ਰੋਸ ਵਜੋਂ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ, ਜਾਣੋ ਪੂਰਾ ਮਾਮਲਾ
Thursday, Jul 28, 2022 - 09:48 PM (IST)
ਭਵਾਨੀਗੜ੍ਹ (ਕਾਂਸਲ) : ਕੇਂਦਰ ਸਰਕਾਰ ਵੱਲੋਂ ਭਾਰਤ ਮਾਲਾ ਪ੍ਰਾਜੈਕਟ ਤਹਿਤ ਬਣਾਏ ਜਾ ਰਹੇ ਦਿੱਲੀ-ਕੱਟੜਾ ਐਕਸਪ੍ਰੈੱਸ ਵੇ ਲਈ ਨੇੜਲੇ ਪਿੰਡ ਹਰਕਿਸ਼ਨਪੁਰਾ, ਸੰਤੋਖਪੁਰਾ ਤੇ ਖੇੜੀ ਚੰਦਵਾਂ ਦੀਆਂ ਜ਼ਮੀਨਾਂ ਨੂੰ ਐਕਵਾਇਰ ਕਰਨ ਸਬੰਧੀ ਕਥਿਤ ਤੌਰ ’ਤੇ ਕਿਸਾਨਾਂ ਤੋਂ ਸਸਤੇ ਭਾਅ ‘ਤੇ ਜਬਰੀ ਜ਼ਮੀਨਾਂ ਐਕਵਾਇਰ ਕਰਨ ਦੀ ਕਾਰਵਾਈ ਦੇ ਵਿਰੋਧ ‘ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਪੀੜਤ ਕਿਸਾਨਾਂ ਵੱਲੋਂ ਲਗਾਏ ਗਏ ਪੱਕੇ ਮੋਰਚੇ ਦੌਰਾਨ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਖ਼ਬਰ ਇਹ ਵੀ : ਸੁਖਬੀਰ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ, ਉਥੇ ਕੈਬਨਿਟ ਮੀਟਿੰਗ 'ਚ ਅਹਿਮ ਫ਼ੈਸਲਿਆਂ 'ਤੇ ਮੋਹਰ, ਪੜ੍ਹੋ TOP 10
ਇਸ ਮੌਕੇ ਪੀੜਤ ਕਿਸਾਨਾਂ ਐਡਵੋਕੇਟ ਹਰਵਿੰਦਰ ਸਿੰਘ ਦੁੱਲਟ, ਧਰਮਿੰਦਰ ਸਿੰਘ ਸੰਤੋਖਪੁਰਾ, ਪ੍ਰਿਤਪਾਲ ਸਿੰਘ, ਬੀ.ਕੇ.ਯੂ. ਏਕਤਾ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਤੇ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਨੇ ਦੱਸਿਆ ਕਿ ਦਿੱਲੀ-ਕੱਟੜਾ ਐਕਸਪ੍ਰੈੱਸ ਵੇ ਦੇ ਨਿਰਮਾਣ ਲਈ ਐੱਨ.ਐੱਚ.ਏ.ਆਈ. ਤੇ ਪ੍ਰਸ਼ਾਸਨ ਪਹਿਲਾਂ ਕਿਸਾਨਾਂ ਤੋਂ 20 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜ਼ਮੀਨ ਐਕਵਾਇਰ ਕਰ ਰਿਹਾ ਸੀ ਪਰ ਕਿਸਾਨਾਂ ਨੇ ਇੱਥੇ ਤਿੱਖਾ ਸੰਘਰਸ਼ ਕਰਕੇ ਜ਼ਮੀਨ ਦਾ ਰੇਟ 74 ਲੱਖ ਰੁਪਏ ਪ੍ਰਤੀ ਏਕੜ ਕਰਨ ਦੀ ਮੰਗ ਮੰਨਵਾ ਲਈ ਸੀ, ਜਿਸ ਦੇ ਤਹਿਤ ਨੇੜਲੇ ਪਿੰਡ ਫੱਗੂਵਾਲਾ ਜੋ ਕਿ ਇੱਥੋਂ ਮਾਤਰ 2 ਕਿਲੋਮੀਟਰ ਦੀ ਦੂਰੀ 'ਤੇ ਹੀ ਸਥਿਤ ਹੈ, ਦੇ ਕਿਸਾਨਾਂ ਦੀ ਐਕਵਾਇਰ ਕੀਤੀ ਜ਼ਮੀਨ ਦਾ ਰੇਟ 74 ਲੱਖ ਰੁਪਏ ਦੇ ਹਿਸਾਬ ਨਾਲ ਦਿੱਤਾ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ਭੇਜਿਆ
ਕਿਸਾਨਾਂ ਨੇ ਦੋਸ਼ ਲਾਇਆ ਕਿ ਹੁਣ ਸੰਤੋਖਪੁਰਾ, ਹਰਕਿਸ਼ਨਪੁਰਾ ਤੇ ਖੇੜੀ ਚੰਦਵਾਂ ਪਿੰਡਾਂ ’ਚ ਕਿਸਾਨਾਂ ਦੀ ਜ਼ਮੀਨ ਉਹੀ ਪੁਰਾਣੇ 20 ਲੱਖ ਰੁਪਏ ਦੇ ਰੇਟ ‘ਤੇ ਹੀ ਪ੍ਰਸ਼ਾਸਨ ਤੇ ਸਬੰਧਿਤ ਅਥਾਰਟੀ ਐਕਵਾਇਰ ਕਰਨ ਲਈ ਧੱਕਾ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਭਾਕਿਯੂ (ਏਕਤਾ ਉਗਰਾਹਾਂ) ਦੇ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਪ੍ਰਸ਼ਾਸਨ ਨੂੰ ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਐਕਵਾਇਰ ਨਹੀਂ ਕਰਨ ਦਿੱਤੀ ਜਾਵੇਗੀ ਤੇ ਜਦੋਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਸਹੀ ਮੁੱਲ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਸੜਕ ਨਿਰਮਾਣ ਕਰਨ ਵਾਲੀ ਕੰਪਨੀ ਤੇ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੂੰ ਜ਼ਮੀਨ ‘ਚ ਦਾਖਲ ਵੀ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਬਲਵਿੰਦਰ ਸਿਘ ਘਨੌੜ, ਜਗਤਾਰ ਸਿੰਘ ਲੱਡੀ, ਅਮਨਦੀਪ ਸਿੰਘ ਮਹਿਲਾ ਚੌਕ, ਗੁਰਚੇਤ ਸਿੰਘ ਭੱਟੀਵਾਲ ਸਮੇਤ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।
ਇਹ ਵੀ ਪੜ੍ਹੋ : CM ਮਾਨ ਨੇ ਕੀਤਾ ਐਲਾਨ- ਸੁਚੱਜੀ ਯੋਜਨਾਬੰਦੀ ਲਾਗੂ ਕਰਕੇ ਸੇਮ ਦੀ ਸਮੱਸਿਆ ਦਾ ਕੀਤਾ ਜਾਵੇਗਾ ਪੱਕਾ ਹੱਲ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।