ਕਿਸਾਨ ਆਗੂਆਂ ਨੇ ਠੁਕਰਾਇਆ ਕੇਂਦਰ ਦਾ ਪ੍ਰਸਤਾਵ, ਅੱਜ ਦੇਸ਼ ਭਰ 'ਚ ਰੋਕਣਗੇ ਰੇਲਾਂ (ਵੀਡੀਓ)

03/10/2024 5:26:51 AM

ਚੰਡੀਗੜ (ਨਵਿੰਦਰ)- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ (ਐੱਸ.ਕੇ.ਐੱਮ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ.ਐੱਮ.ਐਮ.) ਦੇ ਆਗੂਆਂ ਵੱਲੋ ਇਕ ਸਾਂਝੀ ਪ੍ਰੈੱਸ ਕਾਨਫਰੰਸ ਕਿਸਾਨ ਭਵਨ ਸੈਕਟਰ 35 ਵਿਖੇ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਅਭਿਮਨਿਊ ਕੋਹਾੜ, ਹਰਭਜਨ ਸਿੰਘ, ਹੈਪੀ ਨਿਮੋਲੀ ਸੁਖਜੀਤ ਸਿੰਘ, ਗੁਰਿੰਦਰ ਸਿੰਘ ਭੰਗੂ, ਅੰਗਰੇਜ ਸਿੰਘ ਕੋਟਲੀ, ਅਮਨਦੀਪ ਸਿੰਘ ਘੁੰਮਣ ਆਦਿ ਆਗੂ ਮੌਜੂਦ ਸਨ।

ਹਾਲ ਹੀ ਵਿੱਚ ਕੇਂਦਰੀ ਖੁਰਾਕ ਅਤੇ ਵਣਜ ਮੰਤਰੀ ਪੀਯੂਸ਼ ਗੋਇਲ ਵੱਲੋਂ ਇੱਕ ਮੀਡੀਆ ਰਿਪੋਰਟ ਦੇ ਹਵਾਲੇ ਨਾਲ ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਸਿਰਫ ਪੰਜ ਫਸਲਾਂ ਉੱਤੇ ਪੰਜ ਸਾਲ ਲਈ ਐੱਮ.ਐੱਸ.ਪੀ. ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਰਵਾਇਤੀ ਫਸਲਾਂ ਨੂੰ ਛੱਡ ਕੇ ਫਸਲੀ ਵਿਭਿੰਨਤਾ ਅਪਣਾਉਣ ਲਈ ਵੀ ਕਿਹਾ ਸੀ। ਮੰਤਰੀ ਪੀਯੂਸ਼ ਗੋਇਲ ਦੇ ਬਿਆਨ ਦਾ ਸਮੂਹ ਕਿਸਾਨ ਆਗੂਆਂ ਨੇ ਵਿਰੋਧ ਕੀਤਾ। 

ਇਸ ਮੌਕੇ ਸੰਬੋਧਨ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮਹਿਜ਼ ਪੰਜ ਫਸਲਾਂ ਤੇ ਐੱਮ.ਐੱਸ.ਪੀ. ਅਤੇ ਪੰਜ ਸਾਲ ਲਈ ਐੱਮ.ਐੱਸ.ਪੀ. ਵਾਲੀਆਂ ਫਸਲਾਂ ਦੀ ਖਰੀਦ ਦੀ ਕੋਈ ਤੁਕ ਨਹੀਂ ਬਣਦੀ। ਦੋਵੇਂ ਫੋਰਮਾ ਦੇ ਕਿਸਾਨ ਆਗੂਆਂ ਨੇ ਪੀਯੂਸ਼ ਗੋਇਲ ਦੇ ਮੀਡੀਆ ਨੂੰ ਦਿੱਤੇ ਉਪਰੋਕਤ ਬਿਆਨ ਨੂੰ ਹਾਸੋਹੀਣਾ ਦੱਸਿਆ। ਡੱਲੇਵਾਲ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਸਾਰੀਆਂ ਫਸਲਾਂ ਤੇ ਐੱਮ.ਐੱਸ.ਪੀ. ਦਿੰਦੀ ਹੈ ਤਾਂ ਕੇਂਦਰ ਸਰਕਾਰ ਨੂੰ ਬਾਹਰ ਤੋਂ ਦਾਲਾਂ ਤੇ ਤੇਲ ਬੀਜ ਮੰਗਵਾਉਣ ਦੀ ਕੋਈ ਜ਼ਰੂਰਤ ਨਹੀਂ ਪਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਵੇਗੀ ਗੜ੍ਹੇਮਾਰੀ ਤੇ ਆਏਗਾ ਤੂਫ਼ਾਨ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ (ਵੀਡੀਓ)

ਕੇਂਦਰ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਕਰਨ ਦਾ ਮਾਦਾ ਨਹੀਂ ਰੱਖਦੀ : ਡੱਲੇਵਾਲ
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਫਰਵਰੀ ਮਹੀਨੇ ਤੋਂ ਕਿਸਾਨਾਂ ਦਾ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਧਰਨਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨ ਵਜ਼ੀਰਾਂ ਨਾਲ ਪਿਛਲੇ ਸਮੇਂ ਦੌਰਾਨ ਕਿਸਾਨ ਆਗੂਆਂ ਵੱਲੋਂ ਕਈ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਲੱਗਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਕਰਨ ਦਾ ਮਾਦਾ ਨਹੀਂ ਰੱਖਦੀ। ਜਾਣ ਬੁੱਝ ਕੇ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਕਿਸਾਨ ਆਪਣੀਆਂ ਮੰਗਾਂ ਦੇ ਹੱਲ ਲਈ ਅੰਦੋਲਨ ਕਰਨ ਲਈ ਮਜਬੂਰ ਹਨ। 

ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਆਤਮਨਿਰਭਰ ਭਾਰਤ ਅਤੇ ਸਵਦੇਸ਼ੀ ਦਾ ਨਾਅਰਾ ਦਿੰਦੀ ਹੈ ਪਰ ਦੂਜੇ ਪਾਸੇ 1 ਲੱਖ 41 ਹਜ਼ਾਰ ਕਰੋੜ ਰੁਪਏ ਦਾ ਅਨਾਜ, ਤੇਲ ਅਤੇ 29 ਲੱਖ ਟਨ ਦਾਲਾਂ ਬਾਹਰੋਂ ਮੰਗਵਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਦੇਸ਼ ਦੀ ਆਰਥਿਕਤਾ ਦਾ ਪਹੀਆ ਤੇਜ਼ੀ ਨਾਲ ਦੌੜੇਗਾ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਸੰਯੁਕਤ ਕਿਸਾਨ ਮੋਰਚਾ ਦੇ ਨਾਂ ਇਕ ਪੱਤਰ ਜਾਰੀ ਕੀਤਾ।

ਕਿਸਾਨਾਂ ਨੂੰ ਕੀਤਾ ਜਾ ਰਿਹਾ ਗੁੰਮਰਾਹ
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਕੇਂਦਰ ਸਰਕਾਰ ਤੇ ਹੋਰ ਆਗੂ ਕਹਿ ਰਹੇ ਹਨ ਕਿ ਸਰਕਾਰ ਨੇ ਕਿਸਾਨਾਂ ਦੀਆਂ ਬਹੁਤੀਆਂ ਮੰਗਾਂ ਮੰਨ ਲਈਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਚਾਰ ਦੌਰ ਦੀਆਂ ਮੀਟਿੰਗਾਂ ਵਿੱਚ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਖੇਤੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਅਤੇ ਬਿਜਲੀ ਕਾਨੂੰਨ ਤੋਂ ਦੂਰ ਰੱਖਣ, ਲਖੀਮਪੁਰ ਖੀਰੀ ਦੇ ਜ਼ਖਮੀ ਕਿਸਾਨਾਂ ਨੂੰ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਜ਼ੁਬਾਨੀ ਸਹਿਮਤੀ ਦਿੱਤੀ ਹੈ। ਸ਼ਹੀਦ ਕਿਸਾਨਾਂ ਦੇ ਪਰਿਵਾਰ 2020-21 ਦੇ ਕਿਸਾਨ ਅੰਦੋਲਨ ਦੇ ਬਾਕੀ ਬਚੇ ਕੇਸਾਂ ਨੂੰ ਖ਼ਤਮ ਕਰਨ 'ਤੇ ਜ਼ੁਬਾਨੀ ਸਹਿਮਤੀ, ਮਸਾਲੇ ਕਮਿਸ਼ਨ ਦੇ ਗਠਨ 'ਤੇ ਜ਼ੁਬਾਨੀ ਸਹਿਮਤੀ, ਭਾਰੀ ਜੁਰਮਾਨਾ ਲਗਾਉਣ ਦੀ ਵਿਵਸਥਾ ਕਰਨ 'ਤੇ ਜ਼ੁਬਾਨੀ ਸਹਿਮਤੀ ਦਿੱਤੀ ਗਈ ਹੈ।

ਮਾੜੇ ਬੀਜਾਂ ਅਤੇ ਖਾਦਾਂ ਦੇ ਮੁੱਦੇ ਅਤੇ ਐੱਮ.ਐੱਸ.ਪੀ. ਗਾਰੰਟੀ ਐਕਟ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਸਵਾਮੀਨਾਥਨ ਕਮਿਸ਼ਨ ਦੇ ਸੀ2+50 ਫੀਸਦੀ ਫਾਰਮੂਲੇ ਅਨੁਸਾਰ ਐੱਮ.ਐੱਸ.ਪੀ., 2013 ਦੇ ਭੂਮੀ ਗ੍ਰਹਿਣ ਕਾਨੂੰਨ ਨੂੰ ਲਾਗੂ ਕਰਨ 'ਤੇ ਕੋਈ ਸਹਿਮਤੀ ਨਹੀਂ ਬਣ ਸਕੀ, ਜਿਸ ਕਾਰਨ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅੱਜ ਦੋਵੇਂ ਫੋਰਮਾ ਵੱਲੋਂ ਪੰਜਾਬ ਵਿਚ 60 ਥਾਵਾਂ 'ਤੇ ਅਤੇ ਹਰਿਆਣੇ ਵਿੱਚ ਚਾਰ ਤੋਂ ਪੰਜ ਥਾਵਾਂ 'ਤੇ ਰੇਲ ਰੋਕੋ ਅੰਦੋਲਨ ਕਰਨ ਦੇ ਨਾਲ-ਨਾਲ ਪੂਰੇ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ।

ਡੱਲੇਵਾਲ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ 1 ਲੱਖ 38 ਹਜ਼ਾਰ ਕਰੋੜ ਦਾ ਪਾਮ ਆਇਲ ਬਾਹਰ ਤੋਂ ਮੰਗਵਾ ਸਕਦੀ ਹੈ ਤਾਂ ਪੌਣੇ ਦੋ ਲੱਖ ਕਰੋੜ ਖਰਚ ਕਰਕੇ ਕਿਸਾਨਾਂ ਨੂੰ ਐੱਮ.ਐੱਸ.ਪੀ. ਕਿਉਂ ਨਹੀਂ ਦੇ ਰਹੀ। ਡੱਲੇਵਾਲ ਨੇ ਪਾਮ ਆਇਲ ਨੂੰ ਜ਼ਹਿਰ ਦੱਸਦਿਆਂ ਇਸ ਦੀ ਵਰਤੋਂ ਨੂੰ ਖ਼ਤਰਨਾਕ ਦੱਸਿਆ। ਉਨ੍ਹਾਂ ਕਿਹਾ ਕਿ ਇਸ ਸਾਲ ਕੇਂਦਰ ਸਰਕਾਰ ਵਲੋਂ 29 ਫੀਸਦੀ ਪਾਮ ਆਇਲ ਬਾਹਰ ਤੋਂ ਮੰਗਵਾਇਆ ਜਾ ਰਿਹਾ ਹੈ। ਜਦਕਿ ਸਰ੍ਹੋਂ ਨੂੰ ਐੱਮ.ਐੱਸ.ਪੀ. ਤੋਂ ਵੀ ਘੱਟ ਕੀਮਤ 'ਤੇ ਖਰੀਦਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- CBI ਨੂੰ ਮਿਲੀ ਵੱਡੀ ਕਾਮਯਾਬੀ, ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਰੂਸ-ਯੂਕ੍ਰੇਨ ਜੰਗ 'ਚ ਧੱਕਣ ਵਾਲੇ ਗਿਰੋਹ ਦਾ ਪਰਦਾਫਾਸ਼

ਲੇਵਾਲ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ ਵਿੱਚ ਹੋਈ ਗੜ੍ਹੇਮਾਰੀ ਅਤੇ ਮੀਂਹ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਲਈ ਪੰਜਾਬ ਸਰਕਾਰ ਨੂੰ ਮੰਗ ਕੀਤੀ ਤੇ ਨਾਲ ਹੀ ਹਰਿਆਣਾ ਪੁਲਸ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦੌਰਾਨ ਤਿੰਨ ਤੋਂ ਚਾਰ ਮੁੰਡਿਆਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਜਾਣ ਦੇ ਚਲਦਿਆਂ ਉਨ੍ਹਾਂ ਲਈ ਵੀ ਮਦਦ ਦੀ ਮੰਗ ਕੀਤੀ ਹੈ। 

ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਪੂਰਨ ਸਤਿਕਾਰ ਕਰਦੇ ਹਨ ਪਰ ਹਰਿਆਣੇ ਵਿਖੇ ਪਿਛਲੇ ਦਿਨਾਂ ਦੌਰਾਨ ਕਿਸਾਨਾਂ ਉੱਤੇ ਪੁਲਸ ਵੱਲੋਂ ਕੀਤੇ ਗਏ ਤਸ਼ੱਦਦ ਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਨੋਟਿਸ ਲੈਣਾ ਚਾਹੀਦਾ ਸੀ।

ਕੇਂਦਰ ਸਰਕਾਰ ਕਿਸਾਨਾਂ ਦੇ ਟਰੈਕਟਰਾਂ ਤੇ ਟਰਾਲੀਆਂ ਤੋਂ ਕਿਉਂ ਡਰ ਰਹੀ ਹੈ: ਅਭਿਮੰਨੀਯੂ ਕੋਹਾੜ

ਕਿਸਾਨ ਆਗੂ ਅਭਿਮੰਨੀਯੂ ਕੋਹਾੜ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਟਰੈਕਟਰ ਅਤੇ ਟਰਾਲੀਆਂ ਤੋਂ ਕਿਉਂ ਡਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਭਾਰਤ ਦੇ ਹੋਰਨਾਂ ਰਾਜਾਂ ਤੋਂ ਕਿਸਾਨ ਪੈਦਲ ਦਿੱਲੀ ਵੱਲ ਜਾ ਰਹੇ ਸਨ ਜਿਨਾਂ ਨੂੰ ਵੱਖ-ਵੱਖ ਸੂਬਿਆਂ ਦੀ ਪੁਲਸ ਵੱਲੋਂ ਰਾਹ ਵਿੱਚ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਪੈਦਲ ਵੀ ਦਿੱਲੀ ਵੱਲ ਨਹੀਂ ਜਾਣ ਦਿੱਤਾ ਜਾ ਰਿਹਾ ਤਾਂ ਕਿਸਾਨ ਕਿਸ ਤਰੀਕੇ ਨਾਲ ਦਿੱਲੀ ਪਹੁੰਚਣ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News