ਗਣਤੰਤਰ ਦਿਵਸ ਪਰੇਡ ’ਚ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਜਾਣਾ ਚਾਹੀਦਾ ਸੀ : ਜਾਖੜ

Monday, Jan 25, 2021 - 01:28 AM (IST)

ਚੰਡੀਗੜ੍ਹ, (ਅਸ਼ਵਨੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਨੂੰ ਗਣਤੰਤਰ ਦਿਵਸ ਦੀ ਕੌਮੀ ਪੱਧਰ ਦੀ ਪਰੇਡ ਵਿਚ ਨਾ ਬੁਲਾ ਕੇ ਸਰਕਾਰ ਤੇ ਕਿਸਾਨਾਂ ਵਿਚਕਾਰ ਅੜਿੱਕੇ ਨੂੰ ਤੋੜਨ ਦਾ ਸੁਨਹਿਰੀ ਮੌਕਾ ਗੁਆ ਲਿਆ ਹੈ। ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਹੁਣ ਵੀ ਸੁਝਾਅ ਦਿੱਤਾ ਕਿ ਉਹ ਉਸ ਬਿਰਧ ਮਾਤਾ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਆਉਣ ਦਾ ਸੱਦਾ ਦੇਣ, ਜਿਸ ਨੇ ਆਪਣਾ ਪੁੱਤਰ ਦੇਸ਼ ਦੀਆਂ ਸਰੱਹਦਾਂ ਦੀ ਰਾਖੀ ਲਈ ਕੁਰਬਾਨ ਕਰ ਦਿੱਤਾ ਸੀ ਅਤੇ ਹੁਣ ਆਪਣੇ ਪੋਤਰੇ ਨਾਲ ਦੇਸ਼ ਦੇ ਸੰਵਿਧਾਨ ਅਤੇ ਦੇਸ਼ ਦੇ ਆਮ ਲੋਕਾਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਿਸਾਨ ਸੰਘਰਸ਼ ਦਾ ਹਿੱਸਾ ਬਣੀ ਹੈ।

ਜਾਖੜ ਨੇ ਕਿਹਾ ਕਿ ਗਣਤੰਤਰ ਮਨਾਉਣਾ ਤਾਂ ਹੀ ਸਾਰਥਕ ਹੈ ਜੇਕਰ ਸਰਕਾਰ ਦੇਸ਼ ਦੇ ਗਣ ਦੀ ਗੱਲ ਸੁਣੇ। ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਚੰਗਾ ਹੁੰਦਾ ਜੇਕਰ ਸਰਕਾਰ ਕਿਸਾਨਾਂ ਨੂੰ ਵੀ ਸਰਕਾਰੀ ਪੱਧਰ ’ਤੇ ਹੋਣ ਵਾਲੀ ਪਰੇਡ ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦੀ। ਉਨ੍ਹਾਂ ਨੇ ਕਿਹਾ ਕਿ ਉਹ ਰਿਟਾਇਰਡ ਐਡਮਿਰਲ ਰਾਮਦਾਸ ਦੇ ਸੁਝਾਅ ਨਾਲ ਸਹਿਮਤ ਹਨ ਕਿ ਰਾਜਪਥ ’ਤੇ ਸਰਕਾਰੀ ਪਰੇਡ ਤੋਂ ਬਾਅਦ ਉਥੇ ਹੀ ਕਿਸਾਨਾਂ ਨੂੰ ਟਰੈਕਟਰ ਪਰੇਡ ਕਰਨ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਮਾਤਾ ਮਹਿੰਦਰ ਕੌਰ ਨੂੰ ਵੀ ਸੱਦਾ ਦਿੱਤਾ ਜਾਵੇ, ਜਿਸ ਨੂੰ ਭਾਜਪਾ ਦੇ ਲੋਕਾਂ ਨੇ ਦਿਹਾੜੀਦਾਰ ਕਹਿ ਕੇ ਅਪਮਾਨ ਕੀਤਾ ਸੀ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਤਿਆਗ ਕੇ ਕਿਸਾਨਾਂ ਨਾਲ ਗੱਲਬਾਤ ਜਾਰੀ ਰੱਖਦਿਆਂ ਉਨ੍ਹਾਂ ਦੀ ਮੰਗ ਮੰਨ ਕੇ ਤਿੰਨੋਂ ਕਾਲੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ।


Bharat Thapa

Content Editor

Related News