ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਦੇਸ਼ ਭਰ ''ਚ ਕੀਤੀ ਨਾਅਰੇਬਾਜ਼ੀ, ਅਗਲੀ ਕਾਰਵਾਈ ਲਈ ਵੀ ਕੀਤੇ ਵੱਡੇ ਐਲਾਨ
Friday, Aug 02, 2024 - 03:57 AM (IST)
ਪਟਿਆਲਾ/ਸਨੌਰ (ਮਨਦੀਪ ਜੋਸਨ)- ਆਪਣੇ ਹੱਕਾਂ ਲਈ ਦਿੱਲੀ ਜਾ ਕੇ ਸੰਘਰਸ਼ ਕਰਨ ਲਈ ਪੱਬਾਂ-ਭਾਰ ਕਿਸਾਨ ਭਰਾਵਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਰੋਕ ਕੇ ਉਨ੍ਹਾਂ ’ਤੇ ਤਸ਼ੱਦਦ ਢਾਹੁਣ ਵਾਲੇ ਪੁਲਸ ਕਰਮਚਾਰੀਆਂ, ਅਧਿਕਾਰੀਆਂ ਨੂੰ ਕੇਂਦਰ ਸਰਕਾਰ ਵੱਲੋਂ ਸਨਮਾਨਿਤ ਕਰਨ ਦੇ ਰੋਸ ਵਜੋਂ ਸਮੁੱਚੇ ਭਾਰਤ ’ਚ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਮੋਦੀ ਸਰਕਾਰ ਦੇ ਜਿਥੇ ਸ਼ੰਭੂ ਤੇ ਖਨੌਰੀ ਬਾਰਡਰ ਵਿਖੇ ਪੁਤਲੇ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ, ਉੱਥੇ ਦੇਸ਼ ਭਰ ’ਚ ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ, ਤਾਮਿਲਨਾਡੂ, ਤੇਲਗਨਾ, ਆਂਧਰਾ ਪ੍ਰਦੇਸ਼ ਅਤੇ ਹੋਰ ਰਾਜਾਂ ’ਚ ਵੀ ਦਰਜਨਾਂ ਥਾਵਾਂ ’ਤੇ ਭਾਜਪਾ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ ਤੇ ਹੋਰ ਨੇਤਾਵਾਂ ਨੇ ਦੱਸਿਆ ਕਿ ਦੇਸ਼ ਦੇ ਨਾਗਰਿਕਾਂ ’ਤੇ ਜੁਲਮ ਕਰਨ ਵਾਲੇ ਅਤੇ ਨਿਹੱਥੇ ਲੋਕਾਂ ਦੇ ਕਾਤਲ ਅਫਸਰਾਂ ਦੇ ਨਾਂ ਰਾਸ਼ਟਰਪਤੀ ਐਵਾਰਡ ਲਈ ਸਿਫਾਰਿਸ਼ ਕਰਨ ਦਾ ਮਾੜਾ ਕਾਰਾ ਕਰ ਕੇ ਭਾਜਪਾ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਭਾਰਤ ਅਜਿਹਾ ਪਹਿਲਾ ਦੇਸ਼ ਬਣ ਗਿਆ ਹੈ, ਜਿਸ ਵੱਲੋਂ ਆਪਣੇ ਹੀ ਦੇਸ਼ ਦੇ ਬੇਕਸੂਰ ਨਿਹੱਥੇ ਲੋਕਾਂ ਦੇ ਕਾਤਲ ਅਫਸਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ- ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਦੇ ਨਿਯਮਾਂ 'ਚ ਨਵੀਂ ਅਪਡੇਟ, ਬੱਚਿਆਂ ਦੇ ਮਾਪੇ ਜ਼ਰੂਰ ਪੜ੍ਹੋ ਇਹ ਖ਼ਬਰ
ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸੇ ਵੀ ਲੋਕਤਾਂਤਰਿਕ ਦੇਸ਼ ’ਚ ਉਸ ਦੇਸ਼ ਦਾ ਸੰਵਿਧਾਨ ਲੋਕਾਂ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੰਦਾ ਹੈ ਪਰ ਕੇਂਦਰ ਸਰਕਾਰ ਦੇ ਇਸ਼ਾਰੇ ਉੱਪਰ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਦਿੱਲੀ ਨੂੰ ਜਾ ਰਹੇ ਆਪਣੇ ਹੀ ਦੇਸ਼ ਦੇ ਨਾਗਰਿਕਾਂ ’ਤੇ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ 13, 14 ਅਤੇ 21 ਫਰਵਰੀ ਨੂੰ ਅਣਮਨੁੱਖੀ ਅੱਤਿਆਚਾਰ ਕਰਦਿਆਂ ਉਨ੍ਹਾਂ ਕੈਮੀਕਲ ਵਾਲੇ ਹਥਿਆਰਾਂ ਦਾ ਇਸਤੇਮਾਲ ਕੀਤਾ ਗਿਆ, ਜਿਨ੍ਹਾਂ ਦੇ ਇਸਤੇਮਾਲ ਦੀ ਇਜ਼ਾਜਤ ਕੋਈ ਵੀ ਅੰਤਰਰਾਸ਼ਟਰੀ ਕਾਨੂੰਨ ਨਹੀਂ ਦਿੰਦਾ ਹੈ।
ਕਿਸਾਨ ਆਗੂਆਂ ਨੇ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੁਦ ਇਸ ਮੁੱਦੇ ਉੱਪਰ ਸੂ ਮੋਟੋ ਨੋਟਿਸ ਲੈਂਦੇ ਹੋਏ ਜੁਡੀਸ਼ੀਅਲੀ ਜਾਂਚ ਕਰਵਾਏ ਕਿਉਂਕਿ ਜਿੰਨਾ ਹਰਿਆਣਾ ਸਰਕਾਰ ਦੇ ਪੁਲਸ ਮੁਲਾਜ਼ਮਾਂ ਵੱਲੋਂ ਲੋਕਾਂ ਉੱਪਰ ਅਣਮਨੁੱਖੀ ਅੱਤਿਆਚਾਰ ਕੀਤਾ ਗਿਆ ਹੈ ਅਤੇ ਸ਼ੁਭਕਰਨ ਸਿੰਘ ਨੂੰ ਗੋਲੀ ਮਾਰ ਕੇ ਸ਼ਹੀਦ ਕੀਤਾ ਗਿਆ, ਉਨ੍ਹਾਂ ਪੁਲਸ ਮੁਲਾਜ਼ਮਾਂ ਕੋਲੋਂ ਇਨਸਾਫ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
ਕਿਸਾਨ ਆਗੂਆਂ ਨੇ ਦੱਸਿਆ ਕਿ ਮੋਰਚੇ ਵੱਲੋਂ 15 ਅਗਸਤ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਕੀਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਆਜ਼ਾਦੀ ਖੋਹਣ ਲਈ ਲਿਆਂਦੇ ਗਏ 3 ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ 31 ਅਗਸਤ ਨੂੰ ਬਾਰਡਰਾਂ ਉੱਪਰ ਮੋਰਚੇ ਦੇ 200 ਦਿਨ ਪੂਰੇ ਹੋਣ ’ਤੇ ਵੱਡੇ ਇਕੱਠ ਕੀਤੇ ਜਾਣਗੇ ਅਤੇ 1 ਸਤੰਬਰ ਤੋਂ ਲੈ ਕੇ 22 ਸਤੰਬਰ ਤੱਕ ਯੂ. ਪੀ. ਅਤੇ ਹਰਿਆਣਾ ’ਚ ਮੋਰਚੇ ਨੂੰ ਮ਼ਜਬੂਤ ਕਰਨ ਵੱਡੀਆਂ ਕਿਸਾਨ ਮਹਾ-ਪੰਚਾਇਤਾਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ- ਪੰਜਾਬ 'ਚ ਅੱਧੀ ਰਾਤੀ ਹੋਇਆ ਵੱਡਾ ਐਨਕਾਊਂਟਰ, ਪੁਲਸ ਟੀਮ ਤੇ ਬਦਮਾਸ਼ਾਂ ਵਿਚਾਲੇ ਹੋਈ ਤਾਬੜਤੋੜ ਫਾਇਰਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e