ਬਿਜਲੀ ਸਪਲਾਈ ਨਾ ਮਿਲਣ ''ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ

Tuesday, Jun 30, 2026 - 01:06 PM (IST)

ਬਿਜਲੀ ਸਪਲਾਈ ਨਾ ਮਿਲਣ ''ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ

ਡੇਰਾਬੱਸੀ (ਅਨਿਲ) : ਖੇਤਾਂ 'ਚ ਕਈ ਦਿਨਾਂ ਤੋਂ ਬਿਜਲੀ ਸਪਲਾਈ ਨਾ ਆਉਣ ਕਾਰਨ ਗੁੱਸੇ 'ਚ ਆਏ ਕਿਸਾਨਾਂ ਨੇ ਸੋਮਵਾਰ ਨੂੰ ਬਰਵਾਲਾ ਰੋਡ 'ਤੇ ਸਥਿਤ ਪਿੰਡ ਸੈਦਪੁਰਾ ਦੇ ਗਰਿੱਡ 'ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਸੀ ਕਿ ਲਗਾਤਾਰ ਬਿਜਲੀ ਸਪਲਾਈ ਪ੍ਰਭਾਵਿਤ ਰਹਿਣ ਕਾਰਨ ਫ਼ਸਲਾਂ ਦੀ ਸਿੰਚਾਈ ਨਹੀਂ ਹੋ ਰਹੀ, ਜਿਸ ਨਾਲ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਆਵਾਜਾਈ ਠੱਪ ਹੋਣ ਕਰਕੇ ਬਰਵਾਲਾ ਰੋਡ ਦੇ ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਲਗਭਗ ਦੋ ਘੰਟੇ ਆਵਾਜਾਈ ਪ੍ਰਭਾਵਿਤ ਰਹੀ, ਜਿਸ ਕਰਕੇ ਆਮ ਲੋਕਾਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਬਿਜਲੀ ਵਿਭਾਗ ਦੇ ਨਾਲ-ਨਾਲ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ।

ਉਨ੍ਹਾਂ ਨੇ ਮੰਗ ਕੀਤੀ ਕਿ ਖੇਤੀਬਾੜੀ ਲਈ ਨਿਰਧਾਰਿਤ ਸਮੇਂ ਅਨੁਸਾਰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਮੌਕੇ 'ਤੇ ਪਹੁੰਚੇ ਬਿਜਲੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਐੱਸ. ਪੀ. ਸਿੰਘ ਨੇ ਆ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਥਰਮਲ ਪਲਾਂਟ ਬੰਦ ਹੋਣ ਅਤੇ ਬਰਸਾਤ ਨਾ ਹੋਣ ਕਾਰਨ ਬਿਜਲੀ ਦੀ ਕਿੱਲਤ ਆ ਰਹੀ ਹੈ। ਉਨ੍ਹਾਂ ਕਿਹਾ ਕੀ ਕੰਡੀ ਏ. ਪੀ. ਅਤੇ ਕੰਡੀ ਮਿਕਸ ਨੂੰ ਕੱਟ ਨਾ ਲੱਗਣ ਇਸ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਕਿ ਕੱਟਾਂ ਨੂੰ ਸੀਮਤ ਕੀਤਾ ਜਾਵੇਗਾ ਅਤੇ ਪਹਿਲ ਦੇ ਆਧਾਰ 'ਤੇ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ। ਆਵਾਜਾਈ ਠੱਪ ਹੋਣ ਕਰਕੇ ਡੇਰਾਬੱਸੀ ਦੇ ਐੱਸ. ਐੱਚ. ਓ. ਸੁਮਿਤ ਮੋਰ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਆਵਾਜਾਈ ਬਹਾਲ ਕਰਨ ਦੀ ਅਪੀਲ ਕੀਤੀ। ਬਿਜਲੀ ਵਿਭਾਗ ਵੱਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਕਰੀਬ ਦੋ ਘੰਟਿਆਂ ਬਾਅਦ ਜਾਮ ਖੋਲ੍ਹ ਦਿੱਤਾ, ਜਿਸ ਨਾਲ ਆਵਾਜਾਈ ਮੁੜ ਆਮ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਖੇਤਾਂ ਲਈ ਰੈਗੂਲਰ ਅਤੇ ਪੂਰੀ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਆਉਣ ਵਾਲੇ ਦਿਨਾਂ 'ਚ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।


author

Babita

Content Editor

Related News