ਕਿਸਾਨ ਖੁਦਕੁਸ਼ੀਆਂ ਦੇ ਮਾਮਲੇ 'ਤੇ ਸਿੱਧੂ ਨੇ ਘੇਰੀ 'ਆਪ', ਕੇਜਰੀਵਾਲ ਨੂੰ ਯਾਦ ਕਰਵਾਏ ਵਾਅਦੇ

04/24/2022 5:45:36 PM

ਚੰਡੀਗੜ੍ਹ : ਪੰਜਾਬ 'ਚ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਗੱਲ ਚਾਹੇ ਕਿਸਾਨਾਂ ਸਿਰ ਚੜ੍ਹੇ ਕਰਜ਼ਿਆਂ ਦੀ ਹੋਵੇ ਜਾਂ ਫ਼ਸਲਾਂ ਦੇ ਢੁੱਕਵੇਂ ਮੁਆਵਜ਼ੇ ਨਾ ਮਿਲਣ ਦੀ। ਕੋਈ ਵੀ ਸਰਕਾਰ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਨੂੰ ਰੋਕਣ ਵਿੱਚ ਕਾਮਯਾਬ ਨਹੀਂ ਹੋ ਰਹੀ। ਪੰਜਾਬ 'ਚ ਸੱਤਾ ਪਰਿਵਰਤਨ ਹੋਇਆ ਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਕਮਾਨ ਸੰਭਾਲੀ। ਕਿਸਾਨਾਂ ਦੀ ਭਲਾਈ ਲਈ ਵੱਡੇ ਫ਼ੈਸਲੇ ਲੈਣ ਦੀ ਆਸ ਬੱਝੀ ਪਰ ਹਾਲੇ ਤੱਕ ਇਸ ਦਾ ਸਾਕਾਰਾਤਮਕ ਅਸਰ ਵੇਖਣ ਨੂੰ ਨਹੀਂ ਮਿਲਿਆ। ਇਸੇ ਮਹੀਨੇ ਦੀ ਗੱਲ ਕਰੀਏ ਤਾਂ 10 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਇਸ ਮਸਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ 'ਆਪ' ਸੁਪਰੀਮੋ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲਿਆ ਹੈ। ਸਿੱਧੂ ਨੇ ਕੇਜਰੀਵਾਲ ਨੂੰ ਸਵਾਲ ਕਰਦਿਆਂ ਪੁੱਛਿਆ ਹੈ ਕਿ ਉਹ ਪੰਜਾਬ ਵਿੱਚ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਕਦੋਂ ਮਿਲਣਗੇ। ਚੋਣਾਂ ਤੋਂ ਪਹਿਲਾਂ ਦਾਅਵਾ ਕੀਤਾ ਗਿਆ ਸੀ ਕਿ ਜੇਕਰ ਪੰਜਾਬ ਵਿੱਚ 'ਆਪ' ਦੀ ਸਰਕਾਰ ਆਉਂਦੀ ਹੈ ਤਾਂ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ ਪਰ ਇਸ ਸਿਲਸਿਲਾ ਬੇਰੋਕ ਜਾਰੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਸ਼ਹਿਰ ਧੂਰੀ 'ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, 3 ਮੋਟਰਸਾਈਕਲ ਸਵਾਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੀ, ਕੁੰਭਕਰਨੀ ਨੀਂਦ 'ਚੋਂ ਬਾਹਰ ਆਓ। ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਕੇ ਤੁਸੀਂ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਆਏ ਦਿਨ ਹੋ ਰਹੀਆਂ ਖੁਦਕੁਸ਼ੀਆਂ ਲਗਾਤਾਰ ਜਾਰੀ ਹਨ। ਤੁਸੀਂ ਪੰਜਾਬ ਨੂੰ ਸਿਰਫ਼ ਆਪਣੀਆਂ ਸਿਆਸੀ ਲਾਲਸਾਵਾਂ ਲਈ ਪੌੜੀ ਦਾ ਡੰਡਾ ਬਣਾਇਆ ਹੈ। ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਆਉਂਦਿਆਂ ਹੀ ਤੁਹਾਨੂੰ ਪੰਜਾਬ ਦੇ ਬਾਰੇ ਸਭ ਕੁਝ ਭੁੱਲ ਗਿਆ ਹੈ। ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਸਿੱਧੂ ਲਗਾਤਾਰ 'ਆਪ' ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕ ਰਹੇ ਹਨ। ਬੀਤੇ ਦਿਨੀਂ ਵੀ ਸਿੱਧੂ ਨੇ ਅਰਵਿੰਦ ਕੇਜਰੀਵਾਲ ਦੀ ਇਕ ਪੁਰਾਣੀ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਸੀ, "ਅਰਵਿੰਦ ਕੇਜਰੀਵਾਲ ਜੀ, ਤੁਸੀਂ ਝੂਠ ਬੋਲਣਾ ਕਦੋਂ ਬੰਦ ਕਰੋਗੇ।... ਇੱਕੋ ਜ਼ਿਲ੍ਹੇ 'ਚ 7 ਕਿਸਾਨ ਖੁਦਕੁਸ਼ੀ ਕਰ ਗਏ ਹਨ, ਸੋਚ ਕੇ ਦੇਖੋ 23 ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀ ਕੀ ਹਾਲਤ ਹੋਵੇਗੀ। ਕੀ ਤੁਸੀਂ ਇੱਕ ਵੀ ਪਰਿਵਾਰ ਨੂੰ ਜਾ ਕੇ ਮਿਲੇ ਹੋ? ਪੰਜਾਬ ਪ੍ਰਤੀ ਤੁਹਾਡੀ ਜ਼ਿੰਮੇਵਾਰੀ ਅਤੇ ਫ਼ਿਕਰ ਹੁਣ ਕਿੱਥੇ ਹੈ? ਵਾਅਦੇ ਅਨੁਸਾਰ ਕਿਸਾਨਾਂ ਦਾ ਮੁਆਵਜ਼ਾ ਕਿੱਥੇ ਹੈ? ਜੋ ਪ੍ਰਵਚਨ ਤੁਸੀਂ ਦਿੰਦੇ ਹੋ ਉਸ ਉੱਪਰ ਅਮਲ ਵੀ ਕਰੋ...।"

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਤਬਾਦਲੇ

ਦੱਸਣਯੋਗ ਹੈ ਕਿ ਨਵਜੋਤ ਸਿੱਧੂ ਬੀਤੇ ਦਿਨੀਂ ਬਠਿੰਡਾ ਵਿਖੇ ਉਨ੍ਹਾਂ 2 ਕਿਸਾਨਾਂ ਦੇ ਘਰ ਗਏ ਸਨ, ਜਿਨ੍ਹਾਂ ਨੇ ਖੁਦਕੁਸ਼ੀ ਕਰ ਲਈ ਸੀ। ਅੱਜ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ 'ਆਪ' ਸੁਪਰੀਮੋ ਨੇ ਚੋਣਾਂ ਤੋਂ ਪਹਿਲਾਂ ਇਹ ਦਾਅਵਾ ਕੀਤਾ ਸੀ ਕਿ 1 ਅਪ੍ਰੈਲ ਤੋਂ ਬਾਅਦ ਪੰਜਾਬ ਦਾ ਕੋਈ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ ਪਰ ਇਸ ਤਰ੍ਹਾਂ ਨਹੀਂ ਹੋ ਰਿਹਾ। ਦੁੱਖਦਾਈ ਹੈ ਕਿ ਪੰਜਾਬ 'ਚ 'ਆਪ' ਦੀ ਸਰਕਾਰ ਆਉਣ ਮਗਰੋਂ ਅਪ੍ਰੈਲ ਮਹੀਨੇ ਵਿੱਚ ਹੀ 10 ਤੋਂ ਵੱਧ ਕਿਸਾਨਾਂ ਵੱਲੋਂ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ ਹੈ। ਇਨ੍ਹਾਂ 'ਚੋਂ ਬਹੁਤੇ ਕਿਸਾਨ ਫ਼ਸਲ ਦੀ ਘੱਟ ਖ਼ਰੀਦ ਅਤੇ ਕਰਜ਼ੇ ਤੋਂ ਪ੍ਰੇਸ਼ਾਨ ਸਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Harnek Seechewal

Content Editor

Related News