ਚੰਡੀਗੜ੍ਹ ''ਚ ਅੱਜ ਕਿਸਾਨਾਂ ਵੱਲੋਂ ਕੱਢਿਆ ਜਾਵੇਗਾ ''ਟਰੈਕਟਰ ਮਾਰਚ'', ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਪ੍ਰਦਰਸ਼ਨ
Tuesday, May 17, 2022 - 08:46 AM (IST)
ਚੰਡੀਗੜ੍ਹ (ਰਮਨਜੀਤ) : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 23 ਕਿਸਾਨ ਜੱਥੇਬੰਦੀਆਂ ਦੇ ਅਹੁਦੇਦਾਰਾਂ ਨੇ ਸੋਮਵਾਰ ਨੂੰ ਆਨਲਾਈਨ ਮੀਟਿੰਗ ਕਰ ਕੇ 17 ਮਈ ਮੰਗਲਵਾਰ ਤੋਂ ਕੀਤੇ ਜਾਣ ਵਾਲੇ ਚੰਡੀਗੜ੍ਹ ਟਰੈਕਟਰ ਮਾਰਚ ਅਤੇ ਪੱਕੇ ਮੋਰਚੇ ਸਬੰਧੀ ਚਰਚਾ ਕੀਤੀ। ਬੈਠਕ ’ਚ ਤੈਅ ਕੀਤਾ ਗਿਆ ਕਿ ਜੱਥੇਬੰਦੀਆਂ ਆਪਣੀ ਪੂਰੀ ਤਿਆਰੀ ਨਾਲ ਟਰੈਕਟਰ-ਟਰਾਲੀਆਂ ਲੈ ਕੇ ਚੰਡੀਗੜ੍ਹ ਵੱਲ ਮੰਗਲਵਾਰ ਸਵੇਰੇ ਹੀ ਕੂਚ ਕਰਨਗੀਆਂ। ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਮਾਮਲੇ ’ਤੇ ਕਿਸਾਨ ਜੱਥੇਬੰਦੀਆਂ ਨੇ ਤਾਂ 25 ਮਾਰਚ ਨੂੰ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਪਰ ਪੰਜਾਬ ਸਰਕਾਰ ਨੇ ਇਸ ਮਸਲੇ ’ਤੇ ਕੋਈ ਵੀ ਬਿਆਨ ਹਾਲੇ ਤੱਕ ਜਾਰੀ ਨਹੀਂ ਕੀਤਾ।
ਪੰਜਾਬ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਨਹੀਂ ਕਰ ਰਹੀ, ਜਦੋਂ ਕਿ ਕੇਂਦਰ ਸਰਕਾਰ ਨੇ ਡੈਮ ਸੇਫਟੀ ਬਿੱਲ ਪਾਸ ਕਰ ਕੇ ਭਾਖੜਾ ਡੈਮ ਦਾ ਪੂਰਾ ਪ੍ਰਬੰਧ ਪੰਜਾਬ ਤੋਂ ਖੋਹ ਕੇ ਆਪਣੇ ਹੱਥ ਲੈ ਲਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ, ਜਿਸ ’ਚ ਕਿਸਾਨਾਂ ਨੂੰ ਬੋਨਸ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹਾਲੇ ਤੱਕ ਬੋਨਸ ਦੇਣ ਦਾ ਐਲਾਨ ਨਹੀਂ ਕੀਤਾ। ਚਿੱਪ ਵਾਲੇ ਮੀਟਰ ਰੋਕਣ ਦਾ ਫ਼ੈਸਲਾ ਰੱਦ ਕਰਨ ਦੀ ਕਿਸਾਨਾਂ ਨੇ ਮੰਗ ਕੀਤੀ, ਉਹ ਵੀ ਹਾਲੇ ਜਿਉਂ ਦਾ ਤਿਉਂ ਖੜ੍ਹਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਅਹਿਮ ਖ਼ਬਰ, ਹੁਣ ਇਹ ਕੰਮ ਕਰਨ 'ਤੇ ਹੀ ਮਿਲੇਗਾ 'ਲੋਕਲ ਰੈਂਕ'
ਮੱਕੀ, ਮੂੰਗੀ ਦੀ ਫ਼ਸਲ ਬਾਰੇ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਐੱਮ. ਐੱਸ. ਪੀ. ’ਤੇ ਖ਼ਰੀਦ ਕੀਤੀ ਜਾਵੇਗੀ ਪਰ ਹਾਲੇ ਤੱਕ ਦਾ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਮੀਟਿੰਗ ’ਚ ਕਿਸਾਨ ਆਗੂ ਡਾ. ਦਰਸ਼ਨਪਾਲ ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਫੂਲ, ਹਰਿੰਦਰ ਸਿੰਘ ਲੱਖੋਵਾਲ, ਜਸਵਿੰਦਰ ਸਿੰਘ ਸਾਈਆਂਵਾਲਾ, ਮੇਜਰ ਸਿੰਘ ਪੁੰਨਾਂਵਾਲ, ਸਤਨਾਮ ਸਿੰਘ ਬਾਗੜੀਆਂ, ਗੁਰਮੀਤ ਸਿੰਘ ਮਹਿਮਾ, ਅਵਤਾਰ ਸਿੰਘ ਮਹਿਮਾ, ਸੁਖਜਿੰਦਰ ਸਿੰਘ ਖੋਸਾ, ਗੁਰਿੰਦਰ ਸਿੰਘ ਭੰਗੂ, ਸੁਖਦੇਵ ਸਿੰਘ, ਭੋਜਰਾਜ, ਹਰਪਾਲ ਸਿੰਘ ਸੰਘਾ, ਸੁਖਪਾਲ ਸਿੰਘ ਡੱਫਰ, ਸੁਖਜੀਤ ਸਿੰਘ ਅਤੇ ਇੰਦਰਜੀਤ ਸਿੰਘ ਕੋਟਬੁੱਢਾ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ