ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੀ ਸਬਸਿਡੀ ਹੋਵੇਗੀ ਬੰਦ

Wednesday, Oct 04, 2017 - 03:21 PM (IST)

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੀ ਸਬਸਿਡੀ ਹੋਵੇਗੀ ਬੰਦ


ਪਟਿਆਲਾ (ਰਾਣਾ)-ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਭੇਜਿਆ ਗਿਆ ਸੀ। ਇਸ 'ਤੇ ਵਿਚਾਰ ਕਰਨ ਉਪਰੰਤ ਮੌਜੂਦਾ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਪੱਤਰ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਲਾਉਣਗੇ, ਉਨ੍ਹਾਂ ਦੀਆਂ ਸਬਸਿਡੀਆਂ ਬੰਦ ਕਰ ਦਿੱਤੀਆਂ ਜਾਣਗੀਆਂ। 
ਵਧਦੇ ਪ੍ਰਦੂਸ਼ਣ ਨੂੰ ਦੇਖਦਿਆਂ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਨੇ ਕਿਹਾ ਹੈ ਕਿ ਪਰਾਲੀ ਨੂੰ ਇਕੱਠਾ ਕਰਨ ਲਈ ਵੱਖ-ਵੱਖ ਮਸ਼ੀਨਾਂ ਅਤੇ ਹੋਰ ਔਜ਼ਾਰ ਮਾਰਕੀਟ ਵਿਚ ਲਿਆਂਦੇ ਗਏ ਹਨ ਤਾਂ ਜੋ ਸਮੁੱਚੇ ਕਿਸਾਨ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ²ਕਰਨ। ਉਨ੍ਹਾਂ ਇਸ 'ਤੇ ਪੂਰਨ ਤੌਰ 'ਤੇ ਪਾਬੰਦੀ ਲਾਉਣ ਲਈ ਖੇਤੀਬਾੜੀ ਹੈੱਡ-ਕੁਆਰਟਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਲਾਉਣਗੇ, ਉਨ੍ਹਾਂ ਦੀਆਂ ਸਮੁੱਚੀਆਂ ਸਬਸਿਡੀਆਂ ਨੂੰ ਤੁਰੰਤ ਬੰਦ ਕਰ ਦਿੱਤਾ ਜਾਵੇ। ਦਿਨੋ-ਦਿਨ ਵਧ ਰਹੇ ਪ੍ਰਦੂਸ਼ਣ ਨੂੰ ਦੇਖਦਿਆਂ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿਉਂਕਿ 2016 ਦੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲੱਗਣ ਕਰ ਕੇ ਅਸਮਾਨ ਵਿਚ ਛਾਏ ਕਾਲੇ ਜ਼ਹਿਰੀਲੇ ਧੂੰਏਂ ਕਾਰਨ ਉੱਤਰੀ ਭਾਰਤ ਦਾ ਵਾਤਾਵਰਣ ਗੰਧਲਾ ਹੋ ਗਿਆ ਸੀ। ਇਸ ਨਾਲ ਮਨੁੱਖੀ ਅਤੇ ਹੋਰ ਜੀਵਾਂ ਲਈ ਬੀਮਾਰੀਆਂ ਲੱਗਣ ਦਾ ਖਦਸ਼ਾ ਬਣ ਗਿਆ ਸੀ। ਇਹ ਸਖ਼ਤ ਕਦਮ ਸਰਕਾਰ ਵੱਲੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਤਹਿਤ ਚੁੱਕੇ ਗਏ ਹਨ।


Related News