ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਰਾਲੀ ਦਾ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ, ਕੀਤੀ ਇਹ ਅਪੀਲ
Monday, Sep 25, 2023 - 03:31 PM (IST)
ਜਲੰਧਰ (ਧਵਨ) : ਪੰਜਾਬ ਦੇ ਸਥਾਨਕ ਸਰਕਾਰਾਂ ਦੇ ਮੰਤਰੀ ਬਲਕਾਰ ਸਿੰਘ ਨੇ ਅੱਜ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਚੌਗਿਰਦੇ ਨੂੰ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਜਾਏ ਸਰਕਾਰ ਵਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਨਾਲ ਝੋਨੇ ਦੀ ਪਰਾਲੀ ਦੀ ਸਹੀ ਸੰਭਾਲ ਕਰਨ। ਅੱਜ ਇਥੇ ਲਾਂਬੜਾ ਵਿਖੇ ਖੇਤੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਆਯੋਜਿਤ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ’ਚ ਕਿਸਾਨਾਂ ਦੀ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੁਦਰਤੀ ਸ੍ਰੋਤਾਂ ਦੀ ਸੁਰੱਖਿਆ ਦੇ ਨਾਲ ਕਿਸਾਨਾਂ ਦੀ ਬਿਹਤਰੀ ਨੂੰ ਪਹਿਲ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 22 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਕਿਹਾ- ਸਾਡੀ ਧੀ ਦਾ ਕਤਲ ਹੋਇਆ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਿੱਗਦੇ ਪਾਣੀ ਦੇ ਪੱਧਰ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਕ੍ਰਾਂਤੀਕਾਰੀ ਫੈਸਲਾ ਕੀਤਾ ਹੈ। ਝੋਨੇ ਦੇ ਬਦਲ ਦੇ ਰੂਪ ’ਚ ਬਾਸਮਤੀ, ਮੱਕੀ ਅਤੇ ਨਰਮੇ ਵਰਗੀਆਂ ਘੱਟ ਪਾਣੀ ਵਾਲੀਆਂ ਫਸਲਾਂ ਦੀ ਖੇਤੀ ਲਈ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਗਈਆਂ। ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪਿਛਲੇ ਸਾਲ ਨਾਲੋਂ ਪ੍ਰਤੀ ਸਾਲ 1500 ਰੁਪਏ ਦੀ ਹੌਸਲਾ ਅਫਜ਼ਾਈ ਰਾਸ਼ੀ ਵੀ ਦਿੱਤੀ ਜਾ ਰਹੀ ਹੈ। ਜ਼ਮੀਨ ਨੂੰ ਉਪਜਾਊ ਬਣਾਏ ਰੱਖਣ ਅਤੇ ਚੌਗਿਰਦੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸਥਾਨਕ ਸਰਕਾਰਾਂ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਸਰਕਾਰ ਵਲੋਂ 50 ਤੋਂ 80 ਫੀਸਦੀ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਨੇ ਜ਼ਿਲੇ ਦੇ ਕਿਸਾਨਾਂ ਨੂੰ ਪਹਿਲ ਦੇ ਆਧਾਰ ’ਤੇ ਖੇਤੀ ਇਨਪੁਟ ਆਦਿ ਦਿਵਾਉਣ ਦਾ ਵੀ ਭਰੋਸਾ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਤੇ ਵਧਿਆ ਟੀ.ਬੀ. ਦਾ ਖ਼ਤਰਾ, ਮਰੀਜ਼ਾਂ ਦੀ ਗਿਣਤੀ ਹੋਈ 50,000 ਤੋਂ ਪਾਰ
ਇਸ ਦੌਰਾਨ ਕੈਬਨਿਟ ਮੰਤਰੀ ਨੇ ਝੋਨੇ ਦੀ ਪਰਾਲੀ ਦਾ ਸਹੀ ਨਿਪਟਾਰਾ ਕਰਨ ਵਾਲੇ 100 ਤੋਂ ਵੱਧ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਹੋਰ ਕਿਸਾਨਾਂ ਨੂੰ ਵੀ ਇਨ੍ਹਾਂ ਪ੍ਰਗਤੀਸ਼ੀਲ ਕਿਸਾਨਾਂ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਚੌਗਿਰਦੇ ਨੂੰ ਬਚਾਉਣ ’ਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਸ ਦੌਰਾਨ ਮੰਤਰੀ ਨੇ ਚੌਗਿਰਦੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੀ ਮੁਹਿੰਮ ’ਚ ਸਰਵਸ਼੍ਰੇਸ਼ਠ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ, ਜਿਨ੍ਹਾਂ ’ਚ ਐਕਸੀਅਨ ਪੀ. ਪੀ. ਸੀ. ਬੀ. ਸੰਦੀਪ ਕੁਮਾਰ, ਖੇਤੀ ਵਿਭਾਗ ਤੋਂ ਇੰਜੀ. ਨਵਦੀਪ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਰਣਜੀਤ ਚੌਹਾਨ ਅਤੇ ਜਗਤਾਰ ਸਿੰਘ ਸ਼ਾਮਲ ਸਨ। ਇਸ ਤੋਂ ਪਹਿਲਾਂ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਕੈਬਨਿਟ ਮੰਤਰੀ ਦਾ ਕੈਂਪ ’ਚ ਪਹੁੰਚਣ ’ਤੇ ਸਵਾਗਤ ਕੀਤਾ। ਮੁੱਖ ਖੇਤੀ ਅਧਿਕਾਰੀ ਡਾ. ਜਸਵੰਤ ਰਾਏ ਨੇ ਕਿਸਾਨਾਂ ਨੂੰ ਵਿਭਾਗ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ- ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ: ਹੁਣ ਦਫ਼ਤਰ ਜਾਣ ਦੀ ਨਹੀਂ ਪਵੇਗੀ ਲੋੜ
ਇਸ ਦੌਰਾਨ ਪੰਜਾਬ ਖੇਤੀ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਰੱਬੀ ਦੀਆਂ ਫ਼ਸਲਾਂ ਬਾਰੇ ਤਕਨੀਕੀ ਜਾਣਕਾਰੀ ਵੀ ਦਿੱਤੀ ਗਈ। ਇਸ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ’ਚ ਖੇਤੀ, ਬਾਗਵਾਨੀ, ਪਸ਼ੂਪਾਲਨ, ਮੱਛੀ ਪਾਲਨ, ਪਾਣੀ ਅਤੇ ਭੌਂ ਸੁਰੱਖਿਆ, ਇਫਕੋ, ਕੇ. ਵੀ. ਕੇ. ਸਮੇਤ ਵੱਖ-ਵੱਖ ਬਲਾਕਾਂ ਤੋਂ 1500 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਨੂਰਮਹਿਲ ’ਚ ਸਵੈਮ ਸਹਾਇਤਾ ਸਮੂਹਾਂ ਨੇ ਖੇਤੀ ਪ੍ਰਦਰਸ਼ਨੀਆਂ ਆਯੋਜਿਤ ਕਰ ਕੇ ਮੌਕੇ ’ਤੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ। ਕੈਂਪ ਦੌਰਾਨ ਕਿਸਾਨਾਂ ਵਲੋਂ ਆਪਣੀ ਪੈਦਾਵਰ ਦੇ ਸਟਾਲ ਵੀ ਲਗਾਏ ਗਏ। ਇਸ ਤੋਂ ਇਲਾਵਾ ਖੇਤੀ ਯੰਤਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ’ਚ ਕਿਸਾਨਾਂ ਨੂੰ ਖੇਤੀ ਯੰਤਰਾਂ ਦੇ ਸਬੰਧ ’ਚ ਤਕਨੀਕੀ ਜਾਣਕਾਰੀ ਦਿੱਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8