ਕਿਸਾਨ ਅੰਦੋਲਨ 2.0 : ਕਿਸਾਨ ਅੱਜ ਮਨਾਉਣਗੇ ਕਾਲਾ ਦਿਨ, 26 ਨੂੰ ਹੋਵੇਗੀ ਟਰੈਕਟਰ ਪਰੇਡ
Friday, Feb 23, 2024 - 08:57 AM (IST)
ਚੰਡੀਗੜ੍ਹ (ਨਵਿੰਦਰ) - ਖਨੌਰੀ ਬਾਰਡਰ ’ਤੇ ਬਠਿੰਡੇ ਦੇ 21 ਸਾਲਾਂ ਨੌਜਵਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਕਿਸਾਨ ਭਵਨ ਚੰਡੀਗੜ੍ਹ ਵਿੱਚ ਇੱਕ ਲੰਬੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਪਹਿਲਾਂ ਸਮੂਹ ਕਿਸਾਨ ਆਗੂਆਂ ਨੇ 2 ਮਿੰਟ ਦਾ ਮੌਨ ਰੱਖ ਕੇ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਮੀਟਿੰਗ ਵਿੱਚ ਪੂਰੇ ਭਾਰਤ ਤੋਂ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਪਹੁੰਚੀਆਂ ਹੋਈਆਂ ਸਨ। ਕਿਸਾਨਾਂ ਦੀਆਂ ਸਮੂਹ ਜਥੇਬੰਦੀਆਂ ਨੇ ਖਨੌਰੀ ਵਿਖੇ ਵਾਪਰੀ ਘਟਨਾ ਨੂੰ ਹਰਿਆਣਾ ਸਰਕਾਰ ਵੱਲੋਂ ਕੀਤਾ ਜਬਰ ਕਰਾਰ ਦਿੰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਗ੍ਰਹਿ ਮੰਤਰੀ ਅਨਿਲ ਵਿਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮੀਟਿੰਗ ਵਿੱਚ ਡਾਕਟਰ ਦਰਸ਼ਨ ਪਾਲ, ਰਾਕੇਸ਼ ਟਿਕੈਤ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ ਹਰਿੰਦਰ ਸਿੰਘ ਲੱਖੋਵਾਲ, ਐਡਵੋਕੇਟ ਪ੍ਰੇਮ ਸਿੰਘ ਭੰਗੂ, ਜੋਗਿੰਦਰ ਸਿੰਘ ਉਗਰਾਹਾਂ, ਸੱਤਿਆਵਾਨ, ਰਵਿੰਦਰ ਪਟਿਆਲਾ, ਯੁੱਧਵੀਰ ਆਦਿ ਕਿਸਾਨ ਆਗੂ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।
ਸੰਯੁਕਤ ਕਿਸਾਨ ਮੋਰਚਾ ਦੇ ਸਮੂਹ ਕਿਸਾਨ ਆਗੂਆਂ ਨੇ ਮੀਟਿੰਗ ਦੌਰਾਨ 23 ਫਰਵਰੀ ਦਾ ਦਿਨ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਸਣੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੇਸ਼ ਭਰ ਵਿਚ ਪੁਤਲੇ ਫੂਕੇ ਜਾਣਗੇ।
ਮਾਮਲੇ ਦੀ ਕੀਤੀ ਜਾਵੇ ਨਿਆਇਕ ਜਾਂਚ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਖੇਤਰ ਵਿੱਚ ਹਰਿਆਣਾ ਪੁਲਸ ਦੀ ਗੋਲੀ ਲੱਗਣ ਕਾਰਨ ਨੌਜਵਾਨ ਸ਼ੁਭਕਰਨ ਦੀ ਮੌਤ ਹੋਈ ਹੈ। ਉਨ੍ਹਾਂ ਸਾਰੇ ਮਾਮਲੇ ਦੀ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਨਿਆਇਕ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਦੋਸ਼ੀ ਪਾਏ ਗਏ ਹਰਿਆਣਾ ਦੇ ਪੁਲਸ ਮੁਲਾਜਮਾਂ ਤੋਂ ਇਕ ਕਰੋੜ ਰੁਪਏ ਦਾ ਮੁਆਵਜ਼ਾ ਵਸੂਲ ਕੇ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ 14 ਮਾਰਚ ਨੂੰ ਰਾਮ ਲੀਲਾ ਗਰਾਊਂਡ ਦਿੱਲੀ ਵਿਚ ਮਹਾ ਪੰਚਾਇਤ ਕਰਨ ਦਾ ਐਲਾਨ ਕੀਤਾ।
26 ਫਰਵਰੀ ਪੂਰੇ ਦੇਸ਼ ਅੰਦਰ ਟਰੈਕਟਰ ਮਾਰਚ ਕੱਢ ਕੀਤਾ ਜਾਵੇਗਾ ਰੋਸ ਮਾਰਚ
ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਫਰਵਰੀ ਨੂੰ ਪੂਰੇ ਦੇਸ਼ ਅੰਦਰ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ-ਨਾਲ ਅੰਮ੍ਰਿਤਸਰ ਤੋਂ ਸ਼ੰਭੂ ਤੱਕ ਸੜਕ ਦੇ ਇਕ ਪਾਸੇ ਵੱਡੀ ਗਿਣਤੀ ਵਿੱਚ ਟਰੈਕਟਰ ਖੜ੍ਹੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਵਪਾਰ ਸੰਸਥਾ ਵਿੱਚੋਂ ਬਾਹਰ ਆਵੇ ਅਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਐੱਮ.ਐੱਸ.ਪੀ. ਦੀ ਗਾਰੰਟੀ ਦੇਣ ਤੋਂ ਨਾ ਭੱਜੇ। ਉਹ ਕਿਹਾ ਕਿ ਆਬੂ ਧਾਬੀ ਵਿੱਚ 26 ਤੋਂ 27 ਫਰਵਰੀ ਤੱਕ ਚੱਲਣ ਵਾਲੀ ਦੋ ਰੋਜ਼ਾ ਵਿਸ਼ਵ ਵਪਾਰ ਸੰਸਥਾ ਦੀ ਮੀਟਿੰਗ ਦੌਰਾਨ ਦੇਸ਼ ਭਰ ਵਿੱਚ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ ਜਾਣ ਦਾ ਐਲਾਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਕਹਿਣ ’ਤੇ ਹੀ ਐੱਮ. ਐੱਸ. ਪੀ. ਦੀ ਗਾਰੰਟੀ ਦਾ ਕਾਨੂੰਨ ਨਹੀਂ ਬਣਾ ਰਹੀ। ਕੇਂਦਰ ਸਰਕਾਰ ਕਾਰਪੋਰੇਟਾਂ ਦਾ ਹੱਥ ਟੋਕਾ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅੰਦੋਲਨ ਜਿੱਤਣ ਲਈ ਇਕ ਹੋਣਾ ਪਵੇਗਾ ਨਹੀਂ ਤਾਂ ਸਰਕਾਰ ਕਿਸਾਨਾਂ ਨੂੰ ਤਾਰ-ਤਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ।
ਇਸ ਮੌਕੇ ਕਿਸਾਨ ਆਗੂ ਰਵਿੰਦਰ ਪਟਿਆਲਾ ਨੇ ਹਰਿਆਣਾ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਅਨਿਲ ਵਿਜ ਸਣੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਤੁਰੰਤ ਪ੍ਰਭਾਵ ਨਾਲ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖਨੌਰੀ ਬਾਰਡਰ ’ਤੇ ਜੋ ਘਟਨਾ ਵਾਪਰੀ ਹੈ, ਉਸ ਲਈ ਦੇਸ਼ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ। ਰਮਿੰਦਰ ਪਟਿਆਲਾ ਨੇ 14 ਮਾਰਚ ਨੂੰ ਰਾਮਲੀਲਾ ਗਰਾਊਂਡ ਦਿੱਲੀ ਵਿਖੇ ਕੀਤੀ ਜਾ ਰਹੀ ਮਹਾ ਪੰਚਾਇਤ ਵਿੱਚ ਪੂਰੇ ਦੇਸ਼ ਭਰ ਤੋਂ ਕਿਸਾਨਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ।
ਕਿਸਾਨਾਂ ਨੂੰ ਇਕਜੁੱਟ ਕਰਨ ਲਈ ਬਣਾਈ 6 ਮੈਂਬਰੀ ਕਮੇਟੀ
ਕਿਸਾਨ ਆਗੂ ਸੱਤਿਆਵਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਕਜੁੱਟ ਕਰਨ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ। ਕਮੇਟੀ ਵਿੱਚ ਹਨਨ ਮੌਲਾ, ਯੁੱਧਵੀਰ, ਜੋਗਿੰਦਰ ਸਿੰਘ ਉਗਰਾਹਾਂ, ਡਾਕਟਰ ਦਰਸ਼ਨ ਪਾਲ, ਬਲਵੀਰ ਸਿੰਘ ਰਾਜੇਵਾਲ ਅਤੇ ਰਵਿੰਦਰ ਪਟਿਆਲਾ ਨੂੰ ਸ਼ਾਮਲ ਕੀਤਾ ਗਿਆ ਹੈ। ਸੱਤਿਆਵਾਨ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਤੁਰੰਤ ਬਰਖਾਸਤ ਕਰਕੇ ਉਸ ਨੂੰ ਜੇਲ ਵਿੱਚ ਡੱਕਣਾ ਚਾਹੀਦਾ ਹੈ।
ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ : ਯੁੱਧਵੀਰ
ਕਿਸਾਨ ਆਗੂ ਯੁੱਧਵੀਰ ਕਿਹਾ ਕਿ ਨੌਜਵਾਨ ਦੀ ਮੌਤ ਦੇ ਜ਼ਿੰਮੇਵਾਰ ਪੁਲਸ ਅਧਿਕਾਰੀਆਂ ਉੱਤੇ 302 ਦਾ ਮਾਮਲਾ ਦਰਜ ਕੀਤਾ ਜਾਵੇ ਅਤੇ 100 ਤੋਂ ਵੱਧ ਟਰੈਕਟਰਾਂ ਦੀ ਹੋਈ ਭੰਨ-ਤੋੜ ਦੇ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਤੋਂ ਹੁਣ ਭੱਜਣਾ ਨਹੀਂ ਚਾਹੀਦਾ।