ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ 'ਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ ਧਾਲੀਵਾਲ

10/11/2022 1:02:07 AM

ਤਰਨ ਤਾਰਨ (ਰਮਨ) : ਰਾਜ ਦੀਆਂ ਮੰਡੀਆਂ 'ਚ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ 'ਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾਡ਼ੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲਾ ਦੀਆਂ ਦਾਣਾ ਮੰਡੀਆਂ ਤਰਨ ਤਾਰਨ ਅਤੇ ਹਰੀਕੇ ਪੱਤਣ ਦਾ ਦੌਰਾ ਕਰਨ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆਡ਼੍ਹਤੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਖੂ ਮੰਡੀ ਦਾ ਕੀਤਾ ਦੌਰਾ, ਦਿੱਤੀਆਂ ਇਹ ਹਦਾਇਤਾਂ

ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ 'ਚ ਬਿਜਲੀ, ਪਾਣੀ ਅਤੇ ਸਫ਼ਾਈ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿਚ ਕੋਈ ਦਿੱਕਤ ਨਾ ਆਵੇ। ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਫਸਲ ਦੇ ਇਕ-ਇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਮੁੱਖ ਸਕੱਤਰ ਨੇ ਪਰਾਲੀ ਪ੍ਰਬੰਧਨ ਬਾਰੇ ਪੰਜਾਬ ਦੇ ਉੱਚ ਅਧਿਕਾਰੀਆਂ ਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ

ਇਸ ਮੌਕੇ ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਪ੍ਰਬੰਧਨ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਸਾਡੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਵੀ ਵਾਤਾਵਰਨ ਦੀ ਸਾਂਭ-ਸੰਭਾਲ ਲਈ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।


Mandeep Singh

Content Editor

Related News