ਕਿਸਾਨ ਤਿੰਨੇ ਕਾਲੇ ਬਿੱਲ ਰੱਦ ਕਰਵਾ ਕੇ ਹੀ ਘਰਾਂ ਨੂੰ ਮੁੜਨਗੇ : ਰਾਜੇਵਾਲ

09/20/2021 4:07:50 PM

ਮੋਹਾਲੀ (ਨਿਆਮੀਆਂ) : ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਹਾਲੀ ਵਿਖੇ ਕਿਸਾਨ ਮਹਾਪੰਚਾਇਤ ਕੀਤੀ ਗਈ, ਜਿਸ ਵਿਚ ਪੰਜਾਬ ਸਮੇਤ ਹਰਿਆਣਾ ਅਤੇ ਹੋਰ ਨੇੜਲੇ ਇਲਾਕਿਆਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇੱਥੋਂ ਦੇ ਵਾਈ. ਪੀ. ਐੱਸ. ਚੌਕ ਨੇੜੇ ਪੁੱਡਾ ਗਰਾਊਂਡ ਵਿੱਚ ਸਵੇਰੇ ਹੀ ਪੰਜਾਬ ਭਰ ’ਚੋਂ ਕਿਸਾਨ, ਬੀਬੀਆਂ ਅਤੇ ਨੌਜਵਾਨ ਵੱਡੇ ਕਾਫ਼ਲਿਆਂ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਸੀ। ਇਸ ਮੌਕੇ ਕਿਸਾਨ ਮਹਾ ਪੰਚਾਇਤ ਨੂੰ ਗੌਰਵ ਟਿਕੈਤ, ਸਮਾਜਿਕ ਚਿੰਤਕ ਮਨਜੀਤ ਸਿੰਘ, ਪਿਆਰੇ ਲਾਲ ਗਰਗ, ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ, ਬਲਦੇਵ ਸਿੰਘ ਸਿਰਸਾ, ਰੁਲਦੂ ਸਿੰਘ ਮਾਨਸਾ, ਹਰਵਿੰਦਰ ਸਿੰਘ ਲੱਖੋਵਾਲ, ਹਰਮਨਪ੍ਰੀਤ ਕੌਰ ਵਿਰਕ, ਲੱਖਾ ਸਿਧਾਣਾ, ਜਗਜੀਤ ਸਿੰਘ ਡੱਲੇਵਾਲ, ਮਨਦੀਪ ਸਿੰਘ, ਕੰਵਲਜੀਤ ਸਿੰਘ, ਲਖਵਿੰਦਰ ਸਿੰਘ ਕਰਾਲਾ, ਕਿਸਾਨ ਯੂਨੀਅਨ ਡਕੌਂਦਾ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਪੱਤਰਕਾਰ ਹਮੀਰ ਸਿੰਘ, ਮੁਕੇਸ਼ ਮਲੌਦ, ਪ੍ਰਤੀਕ ਮਾਨ ਅਤੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ।ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ, ਬੀਬੀਆਂ ਅਤੇ ਨੌਜਵਾਨਾਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਜੜਾਂ ਹਿਲਾਉਣ ਲਈ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਇਆ ਜਾਵੇ ਅਤੇ ਇਸ ਸਬੰਧੀ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ, ਕਿਸਾਨਾਂ ਤੇ ਆਮ ਲੋਕਾਂ ਸਮੇਤ ਵਪਾਰੀ ਵਰਗ, ਛੋਟੇ ਕਾਰੋਬਾਰੀਆਂ ਨੂੰ ਲਾਮਬੱਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਅੱਧੀ ਤੋਂ ਵੱਧ ਲੜਾਈ ਜਿੱਤ ਲਈ ਹੈ ਅਤੇ ਕਿਸਾਨ ਤਿੰਨੇ ਬਿੱਲ ਰੱਦ ਕਰਵਾ ਕੇ ਹੀ ਘਰਾਂ ਨੂੰ ਮੁੜਨਗੇ।

PunjabKesari

ਸੋਨੀਆ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਨੇ ਪੂਰੇ ਸੰਸਾਰ ਨੂੰ ਨਵੀਂ ਸੇਧ ਦਿੱਤੀ ਹੈ। ਕਿਸਾਨ ਅੰਦੋਲਨ ਦੀ ਸਫਲਤਾ ਲਈ ਬੀਬੀਆਂ ਦਾ ਅਹਿਮ ਰੋਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਬੀਬੀਆਂ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟਣਗੀਆਂ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ ਅਤੇ ਭਾਜਪਾ ਨੂੰ ਇਹ ਗੱਲ ਪੱਲੇ ਬੰਨ੍ਹ ਲੈਣੀ ਚਾਹੀਦੀ ਹੈ ਕਿ ਇਤਿਹਾਸ ਗਵਾਹ ਹੈ ਕਿ ਕਿਸਾਨਾਂ ਨਾਲ ਵਿਗਾੜ ਕੇ ਕੋਈ ਵੀ ਸਿਆਸੀ ਧਿਰ ਕਾਮਯਾਬ ਨਹੀਂ ਹੋਈ ਅਤੇ ਨਾ ਹੀ ਹੋ ਸਕਦੀ ਹੈ।


Anuradha

Content Editor

Related News