ਫਤਹਿਗੜ੍ਹ ਸਾਹਿਬ ''ਚ ਸਪੀਕਰ ਸੰਧਵਾਂ ਨੇ ਚੜ੍ਹਾਇਆ ਝੰਡਾ, ਬੋਲੇ ਅਸੀਂ ਸ਼ਹੀਦਾਂ ਦੇ ਸੁਫਨਿਆਂ ਵਾਲਾ ਪੰਜਾਬ ਸਿਰਜ ਰਹੇ
Saturday, Aug 15, 2026 - 10:57 AM (IST)
ਫਤਹਿਗੜ੍ਹ ਸਾਹਿਬ (ਜਗਦੇਵ) : 80ਵੇਂ ਆਜ਼ਾਦੀ ਦਿਵਸ ਮੌਕੇ ਇਤਿਹਾਸਕ ਜ਼ਿਲਾ ਫਤਹਿਗੜ੍ਹ ਸਾਹਿਬ ਦੇ ਮਾਧੋਪੁਰ ਸਥਿਤ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੌਮੀ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਾਂ, ਬੈਂਡ ਵੱਲੋਂ ਮਾਰਚ ਪਾਸਟ ਤੋਂ ਬਾਅਦ ਸਲਾਮੀ ਵੀ ਲਈ ਗਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਅਤੇ ਜ਼ਿਲਾ ਪੁਲਸ ਮੁਖੀ ਸ਼ੁਭਮ ਅਗਰਵਾਲ ਵੀ ਮੌਜੂਦ ਰਹੇ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦੇ ਹੋਏ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਅਤੇ ਚੰਗੇ ਸਮਾਜ ਦੀ ਸਿਰਜਣਾ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਫ਼ਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੇ ਸ਼ਰਧਾਂਜਲੀ ਵੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਇਕੱਲਾ ਸੂਬਾ ਪੰਜਾਬ ਹੈ, ਜਿਸ ਨੇ ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ ਗਰੇਸ਼ੀਆ ਦੀ ਰਾਸ਼ੀ 50 ਲੱਖ ਦੇ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਅਗਨੀ ਵੀਰਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9,400 ਤੋਂ ਵਧਾ ਕੇ 11000 ਕਰ ਦਿੱਤੀ ਹੈ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਸਨਮਾਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਅਗਲੀਆਂ ਪੀੜੀਆਂ ਨੂੰ ਜੋੜਨ ਦੀ ਸੋਚ ਨੂੰ ਅੱਗੇ ਵਧਾਉਂਦਿਆ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਗਈ ਤੀਰਥ ਯਾਤਰਾ ਸਕੀਮ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸ਼ਰਧਾਲੂ ਯਾਤਰਾ ਕਰ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਵੀ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਆਪਣੇ ਸੰਬੋਧਨ ਦੌਰਾਨ ਉਜਾਗਰ ਕੀਤੀਆਂ । ਉਨ੍ਹਾਂ ਕਿਹਾ ਕਿ ਅਸੀਂ ਸ਼ਹੀਦਾਂ ਦੇ ਸੁਫਨਿਆਂ ਵਾਲਾ ਪੰਜਾਬ ਸਿਰਜ ਰਹੇ ਹਾਂ।
ਇਸ ਮੌਕੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਜ਼ਰੂਰਤਮੰਦਾਂ ਵਿਅਕਤੀਆਂ ਨੂੰ ਟਰਾਈਸਾਈਕਲ ਅਤੇ ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ ਤੇ ਆਜ਼ਾਦੀ ਦੇ ਇਸ ਜਸ਼ਨ ਵਿਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਗਿੱਧੇ ਭੰਗੜੇ ਸਮੇਤ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ ਗਿਆ। ਇਸ ਸਮਾਗਮ ਵਿਚ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ ਬੱਸੀ ਪਠਾਣਾ, ਗੁਰਪ੍ਰੀਤ ਸਿੰਘ ਜੀਪੀ ਪ੍ਰਧਾਨ ਐਸ.ਸੀ ਵਿੰਗ ਪੰਜਾਬ, ਅਜੇ ਸਿੰਘ ਲਿਬੜਾ ਚੇਅਰਮੈਨ ਜ਼ਿਲਾ ਯੋਜਨਾ ਬੋਰਡ, ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋ, ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਜ਼ਿਲਾ ਤੇ ਸੈਸ਼ਨ ਜੱਜ ਨਿਰਭੈ ਸਿੰਘ ਗਿੱਲ ਤੇ ਹੋਰ ਆਗੂ ਵੀ ਹਾਜ਼ਰ ਰਹੇ। ਇਸ ਮੌਕੇ ਆਜ਼ਾਦੀ ਘੁਲਾਟੀਆਂ ਤੇ ਸਮਾਜ ਵਿਚ ਚੰਗੇ ਕੰਮ ਕਰਨ ਵਾਲਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।
