ਪੁਲਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਰੱਖਿਆ ਜਾਵੇਗਾ ਯਾਦ : ਕੌਂਡਲ

Monday, Oct 21, 2019 - 11:26 AM (IST)

ਪੁਲਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਰੱਖਿਆ ਜਾਵੇਗਾ ਯਾਦ : ਕੌਂਡਲ

ਫਤਿਹਗੜ੍ਹ ਸਾਹਿਬ (ਬਖਸ਼ੀ, ਜਗਦੇਵ) - ਪੰਜਾਬ ਪੁਲਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਪੰਜਾਬ ਪੁਲਸ ਦਾ ਗੌਰਵਸ਼ਾਲੀ ਇਤਿਹਾਸ ਹੈ ਤੇ ਪੰਜਾਬ ਪੁਲਸ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਪੁਲਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ 21 ਅਕਤੂਬਰ ਨੂੰ ਮਨਾਏ ਜਾ ਰਹੇ ਪੁਲਸ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਈ ਮਿੰਨੀ ਮੈਰਾਥਨ ਨੂੰ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਫਤਿਹਗੜ੍ਹ ਸਾਹਿਬ ਨੇੜਿਓਂ ਹਰੀ ਝੰਡੀ ਦਿਖਾਉਣ ਮੌਕੇ ਕੀਤਾ।

ਇਹ ਮੈਰਾਥਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਨੇੜੇ ਜਾ ਕੇ ਸੰਪੰਨ ਹੋਈ। ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜ਼ਿਲੇ ਦੇ 16 ਪੁਲਸ ਕਰਮਚਾਰੀਆਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ। ਉਨ੍ਹਾਂ ਨੇ ਪੁਲਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲਸ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਤੇ ਪੰਜਾਬ ਪੁਲਸ ਹਰ ਮੁਸ਼ਕਿਲ ਦੀ ਘੜੀ 'ਚ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ ਹੈ। ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ 21 ਅਕਤੂਬਰ ਨੂੰ ਪੁਲਸ ਲਾਈਨ ਮਹੱਦੀਆਂ ਸਥਿਤ ਸ਼ਹੀਦੀ ਸਮਾਰਕ ਵਿਖੇ ਮਨਾਏ ਜਾਣ ਵਾਲੇ ਪੁਲਸ ਸ਼ਹੀਦੀ ਦਿਵਸ ਮੌਕੇ ਸ਼ਹੀਦ ਹੋਏ ਪੁਲਸ ਤੇ ਕਰਮਚਾਰੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਮੌਕੇ ਸ਼੍ਰੀਮਤੀ ਕੌਂਡਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ। ਮੈਰਾਥਨ 'ਚ ਜ਼ਿਲਾ ਪੁਲਸ ਮੁਖੀ ਸਮੇਤ ਐੱਸ. ਪੀ. (ਡੀ) ਹਰਪਾਲ ਸਿੰਘ, ਐੱਸ. ਪੀ. (ਐੱਚ) ਨਵਰੀਤ ਸਿੰਘ ਵਿਰਕ, ਡੀ. ਐੱਸ. ਪੀ. ਹਰਦੀਪ ਸਿੰਘ, ਡੀ. ਐੱਸ. ਪੀ. ਮਨਜੋਤ ਕੌਰ, ਡੀ. ਐੱਸ. ਪੀ. ਰਮਿੰਦਰ ਸਿੰਘ ਕਾਹਲੋਂ, ਡੀ. ਐੱਸ. ਪੀ. ਸੁਖਮਿੰਦਰ ਸਿੰਘ ਚੌਹਾਨ, ਡੀ. ਐੱਸ. ਪੀ. ਧਰਮਪਾਲ ਸਿਘ ਸਿੰਘ ਸਮੇਤ ਪੰਜਾਬ ਪੁਲਸ ਦੇ ਅਧਿਕਾਰੀਆਂ, ਜਵਾਨਾਂ, ਵੱਡੀ ਗਿਣਤੀ ਵਿਦਿਆਰਥੀਆਂ ਤੇ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ।


author

rajwinder kaur

Content Editor

Related News