ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਗਿਆ ਸ਼ਹੀਦੀ ਨਗਰ ਕੀਰਤਨ, ਲੱਖਾਂ ਸੰਗਤਾਂ ਪਹੁੰਚੀਆਂ

Saturday, Dec 27, 2025 - 06:11 PM (IST)

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਗਿਆ ਸ਼ਹੀਦੀ ਨਗਰ ਕੀਰਤਨ, ਲੱਖਾਂ ਸੰਗਤਾਂ ਪਹੁੰਚੀਆਂ

ਸ੍ਰੀ ਫ਼ਤਹਿਗੜ੍ਹ ਸਾਹਿਬ (ਸੁਰੇਸ਼, ਸ਼ਰਮਾ, ਥਾਪਰ, ਜਗਦੇਵ, ਜੱਜੀ, ਰਾਜ ਕਮਲ, ਮਨਦੀਪ) : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੌਰਾਨ ਅੱਜ ਲੱਖਾਂ ਸੰਗਤਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਪੁਰਾਤਨ ਪ੍ਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਜਪੁਜੀ ਸਾਹਿਬ ਦੇ ਪਾਠ ਮਗਰੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚ ਕੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ ਅਰਦਾਸ ਨਾਲ ਸੰਪੂਰਨ ਹੋਇਆ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।        

PunjabKesari

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਕੀਤੀ। ਇਸ ਦੌਰਾਨ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਦੇ ਪਾਠ ਮਗਰੋਂ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ।

PunjabKesari

ਨਗਰ ਕੀਰਤਨ ਵਿਚ ਵੱਖ-ਵੱਖ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕਰਦਿਆਂ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਜਿੱਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਦੌਰਾਨ ਜਿੱਥੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ, ਉਥੇ ਸੰਗਤੀ ਰੂਪ ਵਿਚ ਗੁਰਮੰਤਰ ਤੇ ਮੂਲਮੰਤਰ ਦਾ ਜਾਪ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ, ਜਿਸ ਦੀ ਸਮਾਪਤੀ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਜਾਏ ਗਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਸੋਹਿਲਾ ਸਾਹਿਬ ਦਾ ਪਾਠ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕੀਤਾ ਅਤੇ ਸਮਾਪਤੀ ਦੀ ਅਰਦਾਸ ਗਿਆਨੀ ਹਰਪਾਲ ਸਿੰਘ ਨੇ ਕੀਤੀ।

PunjabKesari

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਾਬਤ ਸੂਰਤ, ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਕੂਮਤ ਸਮਝਦੀ ਸੀ ਕਿ ਸਹਿਬਜ਼ਾਦਿਆਂ ਨੂੰ ਸ਼ਹੀਦ ਕਰਕੇ ਸਿੱਖੀ ਦੀ ਗੱਲ ਮੁਕ ਗਈ, ਪਰ ਉਹ ਇਹ ਨਹੀਂ ਸਮਝੇ ਕਿ ਸਰੀਰਾਂ ਨੂੰ ਤਾਂ ਖ਼ਤਮ ਕੀਤਾ ਜਾ ਸਕਦਾ, ਪਰ ਸਿੱਖੀ ਸੋਚ ਨੂੰ ਨਹੀਂ। ਖਾਲਸਾ ਪੰਥ ਦੇ ਇਹ ਵੱਡੇ ਇਕੱਠ ਦਰਸਾਉਂਦੇ ਹਨ ਕਿ ਸਾਹਿਬਜ਼ਾਦਿਆਂ ਪ੍ਰਤੀ ਸਿੱਖਾਂ ਦੇ ਮਨਾਂ ਅੰਦਰ ਕਿੱਡਾ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਹਕੂਮਤਾਂ ਹਮੇਸ਼ਾ ਹੀ ਸਿੱਖੀ ਨੂੰ ਜ਼ਜ਼ਬ ਕਰਨ ਦੀ ਲਾਲਸਾ ਰਖਦੀਆਂ ਰਹੀਆਂ ਹਨ, ਪ੍ਰੰਤੂ ਪੰਥ ਹਮੇਸ਼ਾ ਚੜ੍ਹਦੀਕਲਾ ਵਿਚ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਗੁਰਧਾਮ ਸਿੱਖ ਦੀ ਆਸਥਾ ਦਾ ਕੇਂਦਰ ਹਨ, ਜਿਨ੍ਹਾਂ ਦਾ ਪ੍ਰਬੰਧ ਹਮੇਸ਼ਾ ਪੰਥ ਕੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਥ ਆਪਣੇ ਫੈਸਲੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਕਰਦਾ ਰਿਹਾ ਹੈ ਅਤੇ ਕਰਦਾ ਰਹੇਗਾ। ਉਨ੍ਹਾਂ ਸਮੁੱਚੇ ਪੰਥ ਨੂੰ ਹਕੂਮਤਾਂ ਵੱਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਹਨ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਮੌਕੇ ਪੂਰੇ ਪੰਜਾਬ ਅੰਦਰ ਨਸ਼ਾਬੰਦੀ ਹੋਏ। ਉਨ੍ਹਾਂ ਸਰਕਾਰ ਨੂੰ ਵੀ ਸੰਗਤਾਂ ਦੀਆਂ ਭਾਵਨਾਵਾਂ ਸਮਝਣ ਲਈ ਆਖਿਆ।

ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੈਂਬਰ ਅਵਤਾਰ ਸਿੰਘ ਰਿਆ, ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਕੇਵਲ ਸਿੰਘ ਬਾਦਲ, ਹਰਪਾਲ ਸਿੰਘ ਜੱਲਾ, ਅਜਮੇਰ ਸਿੰਘ ਖੇੜਾ, ਸਤਵਿੰਦਰ ਸਿੰਘ ਟੌਹੜਾ, ਅੰਮ੍ਰਿਤਪਾਲ ਸਿੰਘ ਕੁਲਾਰ, ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਅਮਰਦੀਪ ਸਿੰਘ ਪ੍ਰਿੰਸ ਛਤਵਾਲ, ਮੈਂਬਰ ਪਾਰਲੀਮੈਂਟ ਅਮਰ ਸਿੰਘ, ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ ਆਦਿ ਹਾਜ਼ਰ ਸਨ।


author

Gurminder Singh

Content Editor

Related News