ਤਿੰਨ ਰੋਜ਼ਾ ਸਲਾਨਾ ਸ਼ਹੀਦੀ ਜੋੜ ਮੇਲ ਅਰਦਾਸ ਉਪਰੰਤ ਰਮਸੀ ਤੌਰ 'ਤੇ ਸਪੰਨ

12/28/2019 5:43:06 PM

ਫਤਿਹਗਡ਼੍ਹ ਸਾਹਿਬ (ਜਗ ਬਾਣੀ ਟੀਮ,ਜਗਦੇਵ):  ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋਡ਼ ਮੇਲ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁ. ਸ੍ਰੀ ਫਤਿਹਗਡ਼੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਿੱਖ ਜਥੇਬੰਦੀਆਂ, ਧਾਰਮਕ ਸਭਾ ਸੋਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਇਸ ਨਗਰ ਨਗਰ ਕੀਰਤਨ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਵੱਡੀ ਗਿਣਤੀ ’ਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰ ਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਤੋਂ ਇਲਾਵਾ ਲੱਖਾਂ ਦੀ ਗਿਣਤੀ ’ਚ ਸੰਗਤਾਂ ਵੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਫ਼ਤਿਹਗਡ਼੍ਹ ਸਾਹਿਬ ਦੀ ਧਰਤੀ ’ਤੇ ਪੁੱਜੀਆਂ ਹੋਈਆਂ ਸਨ।

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਿਹਗਡ਼੍ਹ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਹੋਇਆ ਤੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਇਸ ਦੌਰਾਨ ਸੰਗਤੀ ਰੂਪ ’ਚ ਜਪੁਜੀ ਸਾਹਿਬ ਦੇ ਪਾਠ ਮਗਰੋਂ ਅਰਦਾਸ ਕੀਤੀ ਗਈ ਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਗੱਤਕਾ ਅਖਾਡ਼ਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਤੇ ਸਭਾ-ਸੋਸਾਇਟੀਆਂ ਵੱਲੋਂ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਾਏ ਗਏ।

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਸਮੇਂ ਸਜਾਏ ਗਏ ਗੁਰਮਤਿ ਸਮਾਗਮ ’ਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋਡ਼ਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਤੇ ਸਮਾਪਤੀ ਦੀ ਅਰਦਾਸ ਗਿਆਨੀ ਰਘਬੀਰ ਸਿੰਘ ਜਥੇ. ਤਖਤ ਸ੍ਰੀ ਕੇਸਗਡ਼੍ਹ ਸਾਹਿਬ ਨੇ ਕੀਤੀ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀ. ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਅੰਤ੍ਰਿੰਗ ਮੈਂਬਰ ਜਸਮੇਰ ਸਿੰਘ ਲਾਛਡ਼ੂ, ਬੀਬੀ ਕੁਲਦੀਪ ਕੌਰ ਟੌਹਡ਼ਾ, ਮੈਂਬਰ ਜਥੇ. ਕਰਨੈਲ ਸਿੰਘ ਪੰਜੋਲੀ, ਭਾਈ ਅਮਰਜੀਤ ਸਿੰਘ ਚਾਵਲਾ, ਰਵਿੰਦਰ ਸਿੰਘ ਖ਼ਾਲਸਾ, ਅਵਤਾਰ ਸਿੰਘ ਰਿਆ ਜਗਦੀਪ ਸਿੰਘ ਚੀਮਾ, ਦਰਬਾਰਾ ਸਿੰਘ ਗੁਰੂ, ਸਕੱਤਰ ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ, ਸਾਬਕਾ ਸਕੱਤਰ ਦਲਮੇਘ ਸਿੰਘ ਖੱਟਡ਼ਾ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਗਿਆਨੀ ਫੂਲਾ ਸਿੰਘ, ਗਿਆਨੀ ਪ੍ਰਣਾਮ ਸਿੰਘ, ਬਾਬਾ ਜੱਸਾ ਸਿੰਘ, ਸਵਿੰਦਰ ਸਿੰਘ ਸੱਭਰਵਾਲ, ਜਥੇ. ਦੀਦਾਰ ਸਿੰਘ ਭੱਟੀ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਬਜੀਤ ਸਿੰਘ ਝਿੰਜਰ, ਜਥੇ. ਸਵਰਨ ਸਿੰਘ ਚਨਾਰਥਲ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਮੈਨੇਜਰ ਨੱਥਾ ਸਿੰਘ, ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਕਰਨੈਲ ਸਿੰਘ ਪੀਰ ਮੁਹੰਮਦ, ਐਡ. ਅਮਰਜੀਤ ਸਿੰਘ ਚੀਮਾ, ਗੁਰਬਿੰਦਰ ਸਿੰਘ ਭੱਟੀ, ਗੁਰਮੀਤ ਸਿੰਘ ਸੋਨੂੰ ਚੀਮਾ, ਕੁਲਵਿੰਦਰ ਸਿੰਘ ਡੇਰਾ, ਸ਼ਰਨਜੀਤ ਸਿੰਘ ਚਨਾਰਥਲ, ਹਰਵਿੰਦਰ ਸਿੰਘ ਬੱਬਲ, ਨਰਿੰਦਰ ਸਿੰਘ ਰਸੀਦਪੁਰ, ਤਰਲੋਚਨ ਸਿੰਘ ਧਾਂਦਲੀ, ਬਲਜੀਤ ਸਿੰਘ ਭੁੱਟਾ, ਲਖਵੀਰ ਸਿੰਘ ਥਾਬਲਾ, ਭੁਪਿੰਦਰ ਸਿੰਘ ਬਧੌਛੀ, ਜਥੇ. ਮਨਜੀਤ ਸਿੰਘ ਚਨਾਰਥਲ, ਅਵਤਾਰ ਸਿੰਘ ਚਨਾਰਥਲ, ਮੈਨੇਜਰ ਅਮਰਜੀਤ ਸਿੰਘ, ਮੈਨੇਜਰ ਜੋਗਾ ਸਿੰਘ ਤੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਆਦਿ ਹਾਜ਼ਰ ਸਨ।

ਸਿੱਖ ਕੌਮ ਨੂੰ ਆਪਣੇ ਸ਼ਹੀਦੀ ਵਿਰਸੇ ’ਤੇ ਮਾਣ ਹੈ ਤੇ ਹਮੇਸ਼ਾ ਰਹੇਗਾ : ਭਾਈ ਲੌਂਗੋਵਾਲ

 ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਕੌਮ ਲਈ ਮਾਰਗ ਦਰਸ਼ਨ ਹੈ ਤੇ ਸਮੁੱਚੀ ਕੌਮ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕਰੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਬਿਖਡ਼ੇ ਸਮੇਂ ਹਿੰਮਤ ਦਾ ਪੱਲਾ ਫਡ਼੍ਹ ਕੇ ਧਰਮ ’ਚ ਪਰਪੱਕ ਰਹਿਣ ਦਾ ਰਾਹ ਦਿਖਾਉਂਦੀਆਂ ਹਨ। ਸਿੱਖ ਕੌਮ ਨੂੰ ਆਪਣੇ ਸ਼ਹੀਦੀ ਵਿਰਸੇ ’ਤੇ ਮਾਣ ਹੈ ਤੇ ਹਮੇਸ਼ਾ ਰਹੇਗਾ। ਭਾਈ ਲੌਂਗੋਵਾਲ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਨਾਲ-ਨਾਲ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਾਥ ਦੇਣ ਵਾਲੀਆਂ ਮਹਾਨ ਸ਼ਖ਼ਸੀਅਤਾਂ ਦੀ ਸ਼ਹੀਦੀ ਨੂੰ ਵੀ ਯਾਦ ਕੀਤਾ। ਭਾਈ ਲੌਂਗੋਵਾਲ ਨੇ ਉਨ੍ਹਾਂ ਸਮੂਹ ਧਾਰਮਿਕ ਸ਼ਖਸੀਅਤਾਂ, ਸਿੱਖ ਜਥੇਬੰਦੀਆਂ, ਸਭਾ-ਸੋਸਾਇਟੀਆਂ, ਸਕੂਲਾਂ/ਕਾਲਜਾਂ, ਪ੍ਰਸ਼ਾਸਨ ਤੇ ਸੰਗਤਾਂ ਦਾ ਸ਼ਹੀਦੀ ਸਭਾ ਦੌਰਾਨ ਸਹਿਯੋਗ ਕਰਨ ਲਈ ਧੰਨਵਾਦ ਕੀਤਾ।

ਅਜੋਕੇ ਸਮੇਂ ਸਿੱਖ ਕੌਮ ਅੰਦਰ ਭੁਲੇਖੇ ਪੈਦਾ ਕਰਨ ਵਾਲਿਆਂ ਤੋਂ ਸੁਚੇਤ ਹੋਣ ਦੀ ਲੋਡ਼ : ਗਿ. ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਲਾਸਾਨੀ ਵਿਰਸੇ ਦੀ ਵਾਰਸ ਹੈ ਤੇ ਕੌਮ ਦੇ ਇਤਿਹਾਸ ਅੰਦਰ ਸ਼ਹਾਦਤਾਂ ਦੀ ਲੰਮੀ ਲਡ਼ੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਅਜੋਕੀ ਨੌਜੁਆਨੀ ਨੂੰ ਆਪਣੇ ਇਤਿਹਾਸ ਤੋਂ ਵਾਕਫ ਕਰਵਾਉਣ ਦੀ ਵੱਡੀ ਲੋਡ਼ ਹੈ। ਉਨ੍ਹਾਂ ਸਿੱਖ ਕੌਮ ਨੂੰ ਗੁਰਬਾਣੀ, ਇਤਿਹਾਸ, ਮਰਿਆਦਾ ਤੇ ਪ੍ਰੰਪਰਾਵਾਂ ਦੇ ਗਿਆਨ ਤੋਂ ਜਾਣੂ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਵਰਤਮਾਨ ਸਮੇਂ ਅੰਦਰ ਸਿੱਖ ਇਤਿਹਾਸ ਤੇ ਰਵਾਇਤਾਂ ਸਬੰਧੀ ਪਾਏ ਜਾ ਰਹੇ ਸ਼ੰਕਿਆਂ ਤੋਂ ਸੁਚੇਤ ਰਹੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਕੌਮ ਅੰਦਰ ਭੁਲੇਖੇ ਪੈਦਾ ਕਰਨ ਵਾਲਿਆਂ ਤੋਂ ਸੁਚੇਤ ਹੋਣ ਦੀ ਲੋਡ਼ ਹੈ। ਉਨ੍ਹਾਂ ਕਿਹਾ ਕਿ ਧਰਮ ਅੰਦਰ ਸ਼ਰਧਾ ਦਾ ਵੱਡਾ ਮਹੱਤਵ ਹੁੰਦਾ ਹੈ ਤੇ ਤਰਕ ਦੀ ਥਾਂ ਬਿਬੇਕ ਸਿੱਖ ਚਿੰਤਨ ਦਾ ਅਹਿਮ ਅੰਗ ਹੈ। ਉਨ੍ਹਾਂ ਕਿਹਾ ਕਿ ਕੌਮ ਨੂੰ ਅੱਜ ਬਿਬੇਕ ਨਾਲ ਅੱਗੇ ਵਧਣਾ ਚਾਹੀਦਾ ਹੈ ਤੇ ਆਪਣੀਆਂ ਰਵਾਇਤਾਂ, ਪ੍ਰੰਪਰਾਵਾਂ ਤੇ ਵਿਰਾਸਤ ਦੀ ਅਗਵਾਈ ’ਚ ਕੌਮੀ ਇਕਜੁੱਟਤਾ ਲਈ ਯਤਨ ਕਰਨੇ ਚਾਹੀਦੇ ਹਨ। ਇਸ ਸਮੇਂ ਸਟੇਜ ਦੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡ. ਹਰਜਿੰਦਰ ਸਿੰਘ ਧਾਮੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਭਾਵੁਕ ਪਲਾਂ ਨੂੰ ਸੰਗਤ ਨਾਲ ਸਾਂਝਾ ਕੀਤਾ।

 

Shyna

This news is Content Editor Shyna