ਸੁਖਬੀਰ ਬਾਦਲ ’ਤੇ ਵਰ੍ਹੇ ਢੀਂਡਸਾ, ਕਿਹਾ- ਸਿੱਖੀ ਸਿਧਾਂਤਾਂ ਦੀਆਂ ਰੱਜ ਕੇ ਉਡਾਈਆਂ ਧੱਜੀਆਂ
Thursday, Dec 24, 2020 - 09:28 AM (IST)
ਫਤਿਹਗੜ੍ਹ ਸਾਹਿਬ (ਜਗਦੇਵ)- ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸਮੇਤ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਮਿਸਾਲ ਦੁਨੀਆ ਭਰ ’ਚ ਕਿਤੇ ਨਹੀਂ ਮਿਲਦੀ ਤੇ ਸਮੁੱਚੀ ਕਾਇਨਾਤ ਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮੋਦੀ ਵਲੋਂ ਵਿਰੋਧੀ ਧਿਰ ’ਤੇ ਸੁੱਟੀ ਜਾ ਰਹੀ ‘ਗਾਜ਼’ ਭਾਜਪਾ ਨੂੰ ਪਵੇਗੀ ਮਹਿੰਗੀ ਜਾਂ ...?
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵਰ੍ਹਦਿਆਂ ਕਿਹਾ ਕਿ ਜਦੋਂ ਦੇ ਉਹ ਪਾਰਟੀ ਪ੍ਰਧਾਨ ਬਣੇ ਹਨ ਉਦੋਂ ਦੀ ਹੀ ਪਾਰਟੀ ਨੂੰ ਖੋਰਾ ਲੱਗਣਾ ਸ਼ੁਰੂ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ’ਚ ਉਨ੍ਹਾਂ ਦੀ ਸਿਧਾਂਤਕ ਲੜਾਈ ਹੀ ਸੀ। ਉਨ੍ਹਾਂ ਕਿਹਾ ਕਿ ਪੰਥ ’ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਵੱਲੋਂ ਗੁ. ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆ ਕੇ ਅਤੇ ਚੌਰ ਸਾਹਿਬ ਦੀ ਸੇਵਾ ਕਰ ਕੇ ਸਿੱਖੀ ਸਿਧਾਂਤਾਂ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਗਈਆਂ ਹਨ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ’ਤੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਬੀਰਦਵਿੰਦਰ ਸਿੰਘ, ਮਨਜੀਤ ਸਿੰਘ ਭੋਮਾ, ਤੇਜਿੰਦਰ ਸਿੰਘ ਸੰਧੂ, ਨਿਰਮਲ ਸਿੰਘ ਸਾਬਕਾ ਵਿਧਾਇਕ, ਬੀਬੀ ਪਰਮਜੀਤ ਕੌਰ ਗੁਲਸ਼ਨ, ਨਿਧੜਕ ਸਿੰਘ ਬਰਾੜ, ਜਗਰਾਜ ਸਿੰਘ ਦੌਧਰ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਆਸ਼ੂਪ੍ਰੀਤ ਕੌਰ ਸੰਧੂ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ