ਕੋਰੋਨਾ ਵਾਇਰਸ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ’ਚ ਸਪੈਸ਼ਲ ਵਾਰਡ ਸਥਾਪਤ : ਸਿਹਤ ਮੰਤਰੀ

Thursday, Feb 20, 2020 - 10:50 AM (IST)

ਕੋਰੋਨਾ ਵਾਇਰਸ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ’ਚ ਸਪੈਸ਼ਲ ਵਾਰਡ ਸਥਾਪਤ : ਸਿਹਤ ਮੰਤਰੀ

ਫਾਜ਼ਿਲਕਾ (ਸੁਨੀਲ ਨਾਗਪਾਲ) - ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੋਹਾਲੀ ਤੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਬਾਹਰੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ ਲਈ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਤੁਰੰਤ ਬਲੱਡ ਸੈਂਪਲ ਲੈ ਜਾਂਚ ਕਰਵਾਈ ਜਾ ਰਹੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਬੀਮਾਰੀ ਦੇ ਢੁੱਕਵੇਂ ਇਲਾਜ ਲਈ ਸੂਬੇ ਦੇ ਸਰਕਾਰੀ ਹਸਪਤਾਲਾਂ ’ਚ ਸਪੈਸ਼ਲ ਵਾਰਡ ਬਣਾਏ ਗਏ ਹਨ। ਸਰਕਾਰੀ ਹਸਪਤਾਲਾਂ ’ਚ 58 ਡਾਕਟਰਾਂ ਦੀ ਭਰਤੀ ਪ੍ਰਕਿਰਿਆ ਦਾ ਕੰਮ ਚਲ ਰਿਹਾ ਹੈ, ਜਿਸ ’ਚ ਹੋਰ ਵਾਧਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਵਾਲ ਦਾ ਜਵਾਬ ਦਿੰਦਿਆਂ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੌਸ਼ ਯੋਜਨਾ ਤਹਿਤ ਲੋੜਵੰਦ ਕੈਂਸਰ ਪੀੜਤ ਮਰੀਜ਼ਾਂ ਨੂੰ ਡੇਢ ਲੱਖ ਰੁਪਏ ਤੱਕ ਇਲਾਜ ਦੀ ਸਹੂਲਤ ਉਪਲੱਬਧ ਹੈ। 

ਉਨ੍ਹਾਂ ਕਿਹਾ ਕਿ ਸੰਗਰੂਰ ਦੇ ਹੌਮੀ ਭਾਭਾ ਕੈਂਸਰ ਹਸਪਤਾਲ ’ਚ ਕੈਂਸਰ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ 2 ਕਰੋੜ ਰੁਪਏ ਤੋਂ ਵਧੇਰੇ ਦੀ ਰਾਸ਼ੀ ਮੁਹੱਈਆ ਕਰਵਾਈ ਗਈ। ਸੂਬੇ ’ਚ ਗੈਰ ਕਾਨੂੰਨੀ ਢੰਗ ਨਾਲ ਮਾਈਨਿੰਗ ਤੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲੇ ਅਤੇ ਗੈਰ-ਕਾਨੂੰਨੀ ਕੰਮਾਂ ’ਚ ਸ਼ਾਮਲ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਸਖਤ ਹੁਕਮ ਜਾਰੀ ਕੀਤੇ ਗਏ ਹਨ। ਸਿੱਧੂ ਨੇ ਡੀ.ਸੀ ਨੂੰ ਜ਼ਿਲਾ ਫਾਜ਼ਿਲਕਾ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਲਿਖਤੀ ਹਦਾਇਤਾਂ ਜਾਰੀ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਓਵਰਲੋਡਿੰਗ ਕਰਨ ਵਾਲੀਆਂ ਗੱਡੀਆਂ ਅਤੇ ਟਿੱਪਰ-ਟਰਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਐੱਮ. ਐੱਲ. ਏ. ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ, ਐੱਮ. ਐੱਲ. ਏ. ਜਲਾਲਾਬਾਦ ਰਮਿੰਦਰ ਆਵਲਾ, ਐੱਸ. ਐੱਸ. ਪੀ. ਫਾਜ਼ਿਲਕਾ ਹਰਜੀਤ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ।


author

rajwinder kaur

Content Editor

Related News