ਵਿਆਹ ਸਮਾਗਮ ਦੌਰਾਨ ਹੋਈ ਬਹਿਸ ਨੇ ਧਾਰਿਆ ਝਗੜੇ ਦਾ ਰੂਪ, ਦੋ ਧਿਰਾਂ ਦੇ ਲੋਕ ਜ਼ਖਮੀ
Sunday, Nov 15, 2026 - 04:17 PM (IST)
ਡੇਰਾਬੱਸੀ (ਅਨਿਲ ਸ਼ਰਮਾ) : ਬੀਤੀ ਰਾਤ ਭਾਂਖਰਪੁਰ ਸਥਿਤ ਮੁੰਦਰਾ ਫਾਰਮ 'ਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਹੋਈ ਬਹਿਸਬਾਜ਼ੀ ਨੇ ਉਸ ਸਮੇਂ ਗੰਭੀਰ ਰੂਪ ਧਾਰ ਲਿਆ, ਜਦੋਂ ਪਿੰਡ ਡੇਰਾ ਜਗਾਧਰੀ ਦੇ ਰਹਿਣ ਵਾਲੇ ਦੋ ਗੁਆਂਢੀ ਘਰ ਪਹੁੰਚਣ ਤੋਂ ਬਾਅਦ ਆਪਸ 'ਚ ਭਿੜ ਗਏ। ਇਸ ਦੌਰਾਨ ਦੋਵਾਂ ਧਿਰਾਂ ਦੇ ਇੱਕ-ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਭਾਂਖਰਪੁਰ ਦੇ ਮੁੰਦਰਾ ਫਾਰਮ 'ਚ ਵਿਆਹ ਦੀ ਪਾਰਟੀ ਚੱਲ ਰਹੀ ਸੀ। ਇਸ ਸਮਾਗਮ 'ਚ ਪਿੰਡ ਡੇਰਾ ਜਗਾਧਰੀ ਦੇ ਰਹਿਣ ਵਾਲੇ ਦੋ ਵਿਅਕਤੀ ਵੀ ਮੌਜੂਦ ਸਨ, ਜੋ ਆਪਸ 'ਚ ਗੁਆਂਢੀ ਹਨ। ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਬਹਿਸਬਾਜ਼ੀ ਹੋ ਗਈ। ਹਾਲਾਂਕਿ ਉਸ ਸਮੇਂ ਮਾਮਲਾ ਸ਼ਾਂਤ ਹੋ ਗਿਆ ਪਰ ਘਰ ਵਾਪਸ ਪਹੁੰਚਣ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਮੁੜ ਤਕਰਾਰ ਹੋ ਗਈ, ਜਿਸ ਨੇ ਲੜਾਈ ਦਾ ਰੂਪ ਧਾਰ ਲਿਆ।
ਇਸ ਝਗੜੇ ਦੌਰਾਨ ਦੋਵਾਂ ਪਾਸਿਆਂ ਦੇ ਇੱਕ-ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ। ਜ਼ਖਮੀਆਂ ਦੀ ਪਛਾਣ ਵਿਸ਼ਾਲ ਪੁੱਤਰ ਕਰਨੈਲ ਸਿੰਘ ਅਤੇ ਸਤਪਾਲ ਸਿੰਘ ਪੁੱਤਰ ਮਹਿੰਦਰ ਸਿੰਘ, ਦੋਵੇਂ ਵਾਸੀ ਪਿੰਡ ਡੇਰਾ ਜਗਾਧਰੀ ਵਜੋਂ ਹੋਈ ਹੈ। ਦੋਵਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਝਗੜੇ ਦੇ ਅਸਲ ਕਾਰਨਾਂ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦਾ ਪਤਾ ਲੱਗ ਸਕੇਗਾ।
