ਵਿੱਤ ਵਿਭਾਗ ਨੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਰੁਪਏ ਜਾਰੀ ਕਰਨ ਦੀ ਦਿੱਤੀ ਪ੍ਰਵਾਨਗੀ
Saturday, Sep 03, 2022 - 05:21 PM (IST)
ਚੰਡੀਗੜ੍ਹ (ਬਿਊਰੋ) : ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਇਸ ਹਫ਼ਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਮਾਝਾ ਖੇਤਰ ਦੀਆਂ ਦੋ ਉੱਚ ਸਿੱਖਿਆ ਸੰਸਥਾਵਾਂ ਲਈ 8.5 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ’ਚ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ, ਕੈਰੋਂ, ਤਰਨਤਾਰਨ ਨੂੰ ਉਸਾਰੀ ਕਾਰਜਾਂ ਲਈ 6.75 ਕਰੋੜ ਰੁਪਏ ਅਤੇ ਆਈ. ਆਈ. ਐੱਮ. ਅੰਮ੍ਰਿਤਸਰ ਲਈ 1.71 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ : ਬਿਜਲੀ ਮੰਤਰੀ ਹਰਭਜਨ ਸਿੰਘ ਦਾ ਵੱਡਾ ਦਾਅਵਾ, 25 ਲੱਖ ਪਰਿਵਾਰਾਂ ਦਾ ਬਿੱਲ ਆਇਆ ‘ਜ਼ੀਰੋ’
ਚੀਮਾ ਨੇ ਅੱਗੇ ਦੱਸਿਆ ਕਿ ਵਿੱਤ ਵਿਭਾਗ ਨੇ ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੁਹਾਲੀ ਨੂੰ ਵਿੱਤੀ ਸਾਲ 2022-23 ਲਈ ਪ੍ਰਵਾਨਿਤ ਬਜਟ ’ਚੋਂ 6.50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਇਕਮੁਸ਼ਤ ਰਕਮ ਵਜੋਂ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਫੰਡਾਂ ਦੀ ਕੋਈ ਘਾਟ ਨਾ ਆਵੇ।