ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਧੀ ਦੇ ਜਨਮ ''ਤੇ ਦਿੱਤੀ ਜਾਵੇਗੀ ਵਿੱਤੀ ਰਾਸ਼ੀ

11/08/2023 7:08:18 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿੱਥੇ ਇਸ ਯੋਜਨਾ ਨੂੰ ਲਾਗੂ ਕਰਨ ਦਾ ਉਦੇਸ਼ ਕੁੜੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ, ਉੱਥੇ ਹੀ ਔਰਤਾਂ ਨੂੰ ਅੰਸ਼ਕ ਮੁਆਵਜ਼ਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਬੱਚੇ ਦੇ ਜਨਮ 'ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (3000+2000) ਦਿੱਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਯੋਜਨਾ 'ਚ ਵਾਧਾ ਕਰਦਿਆਂ ਹੁਣ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ 6000 ਰੁਪਏ ਦਿੱਤੇ ਜਾ ਰਹੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕਿਸ਼ਤਾਂ 'ਚ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਪਹਿਲਾਂ ਲੈ ਚੁੱਕਾ ਸੀ 3,000

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕੁੜੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਆਧਾਰ ਕਾਰਡ ਲਿੰਕਡ ਬੈਂਕ ਖਾਤਿਆਂ/ ਡਾਕਘਰ ਖਾਤਿਆਂ ਵਿੱਚ ਕੀਤੀ ਜਾਵੇਗੀ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 13321 ਔਰਤ ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਜਾ ਚੁੱਕੀ ਹੈ।

ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਤੁਰੰਤ ਭਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਇਸ ਸਬੰਧੀ ਜਾਗਰੂਕ ਕਰਕੇ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ : ਰੇਲਵੇ ਨੇ ਆਮਦਨ ਤੇ ਟਿਕਟਾਂ ਦੀ ਵਿਕਰੀ ਵਧਾਉਣ ਲਈ ਚਲਾਇਆ ਅਭਿਆਨ, ਵਸੂਲਿਆ 3 ਕਰੋੜ ਤੋਂ ਵੱਧ ਜੁਰਮਾਨਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harpreet SIngh

Content Editor

Related News