ਜਾਣੋ ਕੌਣ ਹੈ ਪੰਜਾਬ ’ਚ ਸਭ ਤੋਂ ਘੱਟ ਉਮਰ ’ਚ ਵਿਧਾਇਕਾ ਬਣੀ ਨਰਿੰਦਰ ਕੌਰ ਭਰਾਜ

Saturday, Mar 12, 2022 - 10:32 PM (IST)

ਜਾਣੋ ਕੌਣ ਹੈ ਪੰਜਾਬ ’ਚ ਸਭ ਤੋਂ ਘੱਟ ਉਮਰ ’ਚ ਵਿਧਾਇਕਾ ਬਣੀ ਨਰਿੰਦਰ ਕੌਰ ਭਰਾਜ

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ’ਚ ਆਮ ਆਦਮੀ ਪਾਰਟੀ ਦੇ ਹੱਕ ’ਚ ਚੱਲੀ ਸੁਨਾਮੀ ’ਚ ਆਮ ਘਰਾਂ ਦੇ ਉਮੀਦਵਾਰਾਂ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਧਾਕੜ ਆਗੂਆਂ ਨੂੰ ਮਾਤ ਦਿੰਦਿਆਂ ਵਿਧਾਨ ਸਭਾ ’ਚ ਪਹਿਲੀ ਵਾਰ ਹਾਜ਼ਰੀ ਭਰਨੀ ਹੈ। ‘ਆਪ’ ਨੇ ਪੰਜਾਬ ਅੰਦਰ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੇ ਸਿਸਟਮ ਤੋਂ ਅੱਕ ਚੁੱਕੇ ਸਨ, ਸੋ ਬਦਲਾਅ ਲਈ ਤਿਆਰ ਆਮ ਆਦਮੀ ਪਾਰਟੀ ਨੂੰ ਆਪਣਾ ਫ਼ਤਵਾ ਦਿੱਤਾ ਹੈ। ਜੇਕਰ ਵਿਧਾਨ ਸਭਾ ਹਲਕਾ ਸੰਗਰੂਰ ਦੀ ਗੱਲ ਕੀਤੀ ਜਾਵੇ ਤਾਂ ਇਥੋਂ ਇਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੋਂ ਹਾਰੇ ਬਾਦਲ ਪਰਿਵਾਰ ਦੇ ਸਾਰੇ ਮੈਂਬਰ

ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਵਿਜੇਇੰਦਰ ਸਿੰਗਲਾ ਮੌਜੂਦਾ ਕਾਂਗਰਸ ’ਚ ਕੈਬਨਿਟ ਮੰਤਰੀ ਸਨ ਅਤੇ ਇਸ ਤੋਂ ਪਹਿਲਾਂ ਉਹ ਲੋਕ ਸਭਾ ਮੈਂਬਰ ਵੀ ਸੰਗਰੂਰ ਤੋਂ ਰਹਿ ਚੁੱਕੇ ਹਨ। ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ। ਭਰਾਜ ਪੰਜਾਬ ’ਚ ਸਭ ਤੋਂ ਘੱਟ ਉਮਰ (27 ਸਾਲ) ’ਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ’ਤੇ ਜਾ ਕੇ ਭਰੇ ਅਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ’ਚ ਵਿਚਰਦੀ ਰਹੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਭਰਾਜ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਨੌਜਵਾਨ ਪੀੜ੍ਹੀ ਵੱਲੋਂ ‘ਆਪ’ ਦਾ ਬੂਥ ਲਗਾਉਣ ਲਈ ਕੋਈ ਅੱਗੇ ਨਹੀਂ ਸੀ ਆ ਰਿਹਾ ਤਾਂ ਨਰਿੰਦਰ ਕੌਰ ਨੇ ਪਿੰਡ ਭਰਾਜ ’ਚ ਬੂਥ ਲਗਾਇਆ ਸੀ। ਭਰਾਜ ਸਾਂਝੇ ਪਰਿਵਾਰ ’ਚ ਰਹਿੰਦੀ ਹੈ, ਜਿਸ ’ਚ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਤੇ ਚਾਚਾ-ਚਾਚੀ ਹਨ। ਉਨ੍ਹਾਂ ਦੇ ਭਰਾ ਦੀ ਛੋਟੀ ਉਮਰ ’ਚ ਹੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਯੂਕ੍ਰੇਨ ਤੋਂ ਪਰਤੀ ਪਿੰਡ ਹੈਬਤਪੁਰ ਦੀ ਗੁਰਲੀਨ, ਕਿਹਾ-ਅਜੇ ਵੀ ਕੰਨਾਂ ’ਚ ਗੂੰਜ ਰਹੀ ਬੰਬਾਂ ਦੀ ਆਵਾਜ਼

ਉਨ੍ਹਾਂ ਦੇ ਪਿਤਾ ਗੁਰਨਾਮ ਸਿੰਘ ਕਾਫ਼ੀ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ ਪਰ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਰਹਿੰਦੀ ਸੀ, ਇਸੇ ਕਰਕੇ ਭਰਾਜ ਆਪਣੇ ਪਿਤਾ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਕੇ ‘ਆਪ’ ਦਾ ਹਿੱਸਾ ਬਣ ਗਈ। ਉਨ੍ਹਾਂ ਨੂੰ ‘ਮਿੰਨੀ ਭਗਵੰਤ ਮਾਨ’ ਦੇ ਨਾਂ ਨਾਲ ਵੀ ਬੁਲਾਇਆ ਜਾਂਦਾ ਹੈ। ਉਨ੍ਹਾਂ ਦੇ ਪਿਤਾ ਖੇਤੀਬਾੜੀ ਕਰਦੇ ਹਨ। ਇਸ ਤਰ੍ਹਾਂ ਅਸੀਂ ਕਹਿ ਸਕਦੇ ਹਾਂ ਕਿ ਇਸ ਵਾਰ ‘ਆਪ’ ਦੇ ਹੱਕ ’ਚ ਚੱਲੀ ਸੁਨਾਮੀ ਨੇ ਵੱਡੇ-ਵੱਡੇ ਸਿਆਸੀ ਆਗੂਆਂ ਨੂੰ ਨਕਾਰ ਕੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਜੇਤੂ ਬਣਾਇਆ।

ਇਹ ਵੀ ਪੜ੍ਹੋ : ਵਿਧਾਨ ਸਭਾ ’ਚ ਜਾਣ ਵਾਲੇ ਪਹਿਲੇ ਆਈ. ਪੀ. ਐੱਸ. ਹਨ ਕੁੰਵਰ ਵਿਜੇ ਪ੍ਰਤਾਪ


author

Manoj

Content Editor

Related News