ਮਨਪ੍ਰੀਤ ਬਾਦਲ ਵਿਰੁੱਧ ਕੇਸ ਦਰਜ ਕੀਤਾ ਜਾਵੇ : ਮਜੀਠੀਆ
Thursday, Aug 03, 2017 - 06:57 AM (IST)

ਬਟਾਲਾ (ਬੇਰੀ) - ਅੱਜ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਮਜੀਠਾ ਤੋਂ ਮੌਜੂਦਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਭ ਤੋਂ ਜ਼ਿਆਦਾ ਸਿੱਤਮ ਵਾਲੀ ਗੱਲ ਇਹ ਹੈ ਕਿ ਕਰਜ਼ਾ ਮੁਆਫੀ ਦੇ ਨਾਂ 'ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਕੇਸ ਦਰਜ ਹੋਣਾ ਚਾਹੀਦਾ ਹੈ ਕਿਉਂਕਿ ਮਨਪ੍ਰੀਤ ਉਸ ਵਾਅਦੇ ਨੂੰ ਪੂਰਾ ਕਰਨ ਵਿਚ ਨਾਕਾਮ ਰਿਹਾ ਹੈ ਜੋ ਉਸ ਨੇ ਚੋਣ ਮੈਨੀਫੈਸਟੋ ਦੇ ਚੇਅਰਮੈਨ ਵਜੋਂ ਕਿਸਾਨਾਂ ਨਾਲ ਕੀਤਾ ਸੀ। ਮਜੀਠੀਆ ਨੇ ਅੱਗੇ ਕਿਹਾ ਕਿ ਆਪਣਾ ਵਾਅਦਾ ਪੂਰਾ ਕਰਨ ਵਿਚ ਨਾਕਾਮ ਰਹਿਣ ਉਪਰੰਤ ਮਨਪ੍ਰੀਤ ਬਾਦਲ ਨੂੰ ਵਿੱਤ ਮੰਤਰੀ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਹੋਰ ਤਾਂ ਹੋਰ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਹ ਗੱਲ ਸਪੱਸ਼ਟ ਕਰ ਦਿੱਤੀ ਹੈ ਕਿ ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਕਰ ਸਕਦੀ ਅਤੇ ਹੁਣ ਬਿੱਲੀ ਥੈਲਿਓਂ ਬਾਹਰ ਆ ਗਈ ਹੈ ਅਤੇ ਇਹ ਸਾਬਤ ਹੋ ਚੁੱਕਾ ਹੈ ਕਿ ਕਾਂਗਰਸ ਨੇ ਝੂਠ ਬੋਲਿਆ ਸੀ ਅਤੇ ਮੁਕੰਮਲ ਕਰਜ਼ਾ ਮੁਆਫੀ ਦਾ ਵਾਅਦਾ ਕਰਦਿਆਂ ਕਿਸਾਨਾਂ ਦੇ ਫਾਰਮ ਭਰਵਾ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ।