ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ

Wednesday, Oct 01, 2025 - 03:27 PM (IST)

ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ

ਗੁਰੂਹਰਸਹਾਏ (ਕਾਲੜਾ) : ਗੁਰੂਹਰਸਹਾਏ ਦੇ ਨੇੜਲੇ ਪਿੰਡ ਮੋਬਾਇਲ ਹਾਰਦੋ ਢੰਡੀ (ਲਾਲਚੀਆ) ਵਿਖੇ ਸਵੇਰੇ-ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਿੱਥੇ ਤਿੰਨ ਅਣਪਛਾਤੇ ਕਾਰ ਸਵਾਰ ਵਿਅਕਤੀਆਂ ਨੇ ਇੱਕ ਨੌਜਵਾਨ ਨੂੰ ਸੜਕ 'ਤੇ ਬੇਰਹਿਮੀ ਨਾਲ ਕੁੱਟਿਆ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਤਿੰਨੋਂ ਹਮਲਾਵਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਬੇਅੰਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮੋਬਾਇਲ ਹਾਰਦੋ ਢੰਡੀ ਨੇ ਦੱਸਿਆ ਕਿ ਇਹ ਘਟਨਾ 29 ਸਤੰਬਰ, 2025 ਨੂੰ ਸਵੇਰੇ ਕਰੀਬ 7:15 ਵਜੇ ਵਾਪਰੀ। ਉਹ ਆਪਣੇ ਘਰੋਂ ਬਾਹਰ ਨਿਕਲਿਆ ਹੀ ਸੀ ਕਿ ਇੱਕ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਨੇ ਉਸਨੂੰ ਘੇਰ ਲਿਆ।

ਇਸ ਤੋਂ ਪਹਿਲਾਂ ਕਿ ਉਹ ਕੁੱਝ ਸਮਝ ਸਕਦਾ, ਹਮਲਾਵਰਾਂ ਨੇ ਉਸ 'ਤੇ ਡੰਡਿਆਂ ਅਤੇ ਮੁੱਕਿਆਂ ਨਾਲ ਹਮਲਾ ਕਰ ਦਿੱਤਾ। ਬੇਅੰਤ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਉਸਨੂੰ ਬੁਰੀ ਤਰ੍ਹਾਂ ਕੁੱਟਿਆ, ਜਿਸ ਕਾਰਨ ਉਸਦੇ ਸਰੀਰ 'ਤੇ ਕਈ ਥਾਵਾਂ 'ਤੇ ਡੂੰਘੀਆਂ ਸੱਟਾਂ ਲੱਗੀਆਂ। ਹਮਲਾ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਤੁਰੰਤ ਥਾਣਾ ਲੱਖੋਕੇ ਬਹਿਰਾਮ ਨੂੰ ਦਿੱਤੀ ਗਈ। ਸਹਾਇਕ ਥਾਣੇਦਾਰ ਮਹਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਬੇਅੰਤ ਸਿੰਘ ਦੇ ਬਿਆਨ ਦਰਜ ਕੀਤੇ ਗਏ ਅਤੇ ਮੁੱਢਲੀ ਕਾਰਵਾਈ ਤੋਂ ਬਾਅਦ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।


author

Babita

Content Editor

Related News