ਭਿਆਨਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ ਮਾਮਲੇ ''ਚ ਪੁਲਸ ਨੇ ਦਰਜ ਕੀਤਾ ਮਾਮਲਾ
Thursday, Apr 02, 2026 - 02:50 PM (IST)
ਫਿਰੋਜ਼ਪੁਰ (ਆਨੰਦ) : ਪਿੰਡ ਖਾਈ ਫੇਮੇ ਕੀ ਦੇ ਨਜ਼ਦੀਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਬੇਕਾਬੂ ਹੋ ਕੇ ਕਾਰ ਦੇ ਦਰੱਖਤ ਨਾਲ ਟਕਰਾ ਜਾਣ ਦੀ ਘਟਨਾ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਇਸ ਮਾਮਲੇ 'ਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਸ਼ਿਕਾਇਤਕਰਤਾ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਪੁੱਤਰ ਗੁਰਮੀਤ ਸਿੰਘ, ਵਾਸੀ ਪਿੰਡ ਮੁਹੰਮਦ ਨਿਆਜ਼ੀਆਂ ਨੇ ਦੱਸਿਆ ਕਿ ਉਹ ਬੀਤੀ 30 ਮਾਰਚ ਨੂੰ ਰਮਨਦੀਪ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਅਤੇ ਪਾਹੁਲਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ, ਵਾਸੀ ਪਿੰਡ ਝੋਕ ਨੋਧ ਸਿੰਘ ਦੇ ਨਾਲ ਸਵਿੱਫਟ ਕਾਰ ’ਤੇ ਸਵਾਰ ਹੋ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪਾਰਟੀ ਦੇ ਨਾਲ ਫਿਰੋਜ਼ਪੁਰ ਵਿਚ ਧਰਨੇ ’ਤੇ ਗਿਆ ਸੀ।
ਜਦੋਂ ਉਹ ਵਾਪਸ ਘਰ ਜਾ ਰਹੇ ਸਨ ਤਾਂ ਰਾਤ ਕਰੀਬ 10.30 ਵਜੇ ਜਦੋਂ ਉਨ੍ਹਾਂ ਦੀ ਗੱਡੀ ਖਾਈ ਫੇਮੇ ਕੀ ਦੇ ਨਜ਼ਦੀਕ ਪਹੁੰਚੀ ਤਾਂ ਕਿਸੇ ਅਣਪਛਾਤੇ ਵਾਹਨ ਦੇ ਡਰਾਈਵਰ ਨੇ ਉਨ੍ਹਾਂ ਦੀ ਗੱਡੀ ਨੂੰ ਫੇਟ ਮਾਰ ਦਿੱਤੀ। ਇਸ ਕਾਰਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ 'ਚ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਅਤੇ ਰਮਨਦੀਪ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਦੋਂ ਕਿ ਪਾਹੁਲਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ਵਿੱਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
