ਇੰਗਲੈਂਡ ਭੇਜਣ ਦੇ ਨਾਂ ’ਤੇ 3.16 ਲੱਖ ਰੁਪਏ ਦੀ ਮਾਰੀ ਠੱਗੀ

Thursday, Sep 03, 2026 - 04:57 PM (IST)

ਇੰਗਲੈਂਡ ਭੇਜਣ ਦੇ ਨਾਂ ’ਤੇ 3.16 ਲੱਖ ਰੁਪਏ ਦੀ ਮਾਰੀ ਠੱਗੀ

ਫਿਰੋਜ਼ਪੁਰ (ਆਨੰਦ/ਖੁੱਲਰ/ਕੁਮਾਰ/ਮਲਹੋਤਰਾ) : ਵਿਦੇਸ਼ ਭੇਜਣ ਦੇ ਨਾਂ ’ਤੇ ਭੋਲੇ-ਭਾਲੇ ਲੋਕਾਂ ਨਾਲ ਹੁੰਦੀਆਂ ਠੱਗੀਆਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇਕ ਮਾਮਲਾ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਯੂ. ਕੇ. (ਇੰਗਲੈਂਡ) ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਮਨਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਕਾਮਲਵਾਲਾ ਉਰਫ਼ ਮੁੱਠਿਆਂ ਵਾਲਾ, ਤਹਿਸੀਲ ਤੇ ਜ਼ਿਲ੍ਹਾ ਫਿਰੋਜ਼ਪੁਰ ਨੇ ਪੁਲਸ ਨੂੰ ਦਿੱਤੀ ਦਰਖਾਸਤ ਵਿੱਚ ਦੱਸਿਆ ਕਿ ਰਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬੇਦੀ ਕਾਲੋਨੀ, ਫਿਰੋਜ਼ਪੁਰ ਸ਼ਹਿਰ ਨੇ ਉਸ ਨੂੰ ਵਿਦੇਸ਼ ਯੂ. ਕੇ. ਭੇਜਣ ਦਾ ਲਾਰਾ ਲਗਾਇਆ ਸੀ।

ਮਨਜੀਤ ਸਿੰਘ ਨੇ ਦੱਸਿਆ ਕਿ ਉਹ ਇਸ ਝਾਂਸੇ ਵਿਚ ਆ ਕੇ ਰਵਿੰਦਰ ਸਿੰਘ ਨੂੰ 3,16,000 ਰੁਪਏ ਦਿੱਤੇ। ਪੈਸੇ ਹਾਸਲ ਕਰਨ ਤੋਂ ਬਾਅਦ ਮੁਲਜ਼ਮ ਨੇ ਵਾਅਦੇ ਮੁਤਾਬਕ ਨਾ ਤਾਂ ਉਸ ਨੂੰ ਇੰਗਲੈਂਡ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਮਨਜੀਤ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਰਵਿੰਦਰ ਸਿੰਘ ਨੇ ਝੂਠੇ ਲਾਰੇ ਲਗਾ ਕੇ ਉਸ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕੀਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਰਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News