ਸਿੱਖ ਜਥੇਬੰਦੀਆਂ ਦੀ ਸ਼ਿਕਾਇਤ ਮਗਰੋਂ ਸ਼ਿਵ ਸੈਨਾ ਆਗੂਆਂ ਖ਼ਿਲਾਫ਼ ਪਰਚਾ ਦਰਜ

Monday, Jul 13, 2026 - 12:19 PM (IST)

ਸਿੱਖ ਜਥੇਬੰਦੀਆਂ ਦੀ ਸ਼ਿਕਾਇਤ ਮਗਰੋਂ ਸ਼ਿਵ ਸੈਨਾ ਆਗੂਆਂ ਖ਼ਿਲਾਫ਼ ਪਰਚਾ ਦਰਜ

ਲੁਧਿਆਣਾ (ਰਾਜ): ਸ਼ਿਵ ਸੈਨਾ ਆਗੂਆਂ ਵੱਲੋਂ ਸਿੱਖ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਤੇ ਭੜਕਾਊ ਟਿੱਪਣੀ ਕਰਨ ਦੇ ਦੋਸ਼ ਹੇਠ ਥਾਣਾ ਲਾਡੋਵਾਲ ਦੀ ਪੁਲਸ ਨੇ ਸ਼ਿਵ ਸੈਨਾ ਆਗੂ ਰਾਜੀਵ ਟੰਡਨ, ਭਾਨੂ ਪ੍ਰਤਾਪ ਤੇ ਪਵਨ ਮਾਨ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ, ਲਾਡੋਵਾਲ ਟੋਲ ਪਲਾਜ਼ਾ 'ਤੇ ਸਿੱਖ ਜਥੇਬੰਦੀਆਂ ਨੇ ਮੁਲਜ਼ਮ ਚੇਤਨ ਸ਼ਰਮਾ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਧਰਨਾ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਸ਼ਿਵ ਸੈਨਾ ਆਗੂ ਪਵਨ ਮਾਨ, ਰਾਜੀਵ ਟੰਡਨ ਤੇ ਭਾਨੂ ਪ੍ਰਤਾਪ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਕੀਤੀ ਸੀ।

ਸਿੱਖ ਜਥੇਬੰਦੀਆਂ ਦਾ ਦੋਸ਼ ਹੈ ਕਿ ਇਸ ਵੀਡੀਓ ਵਿਚ ਸਿੱਖ ਭਾਈਚਾਰੇ ਅਤੇ ਕਕਾਰਾਂ ਦੇ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਸੀ, ਜਿਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਭਵਦੀਪ ਸਿੰਘ ਨੇ ਦੋਸ਼ ਲਗਾਇਆ ਹੈ ਕਿ ਇਹ ਕੋਈ ਆਮ ਬਿਆਨਬਾਜ਼ੀ ਨਹੀਂ, ਸਗੋਂ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਤੇ ਦੋ ਭਾਈਚਾਰਿਆਂ ਵਿਚਾਲੇ ਨਫ਼ਰਤ ਦੀ ਕੰਧ ਖੜ੍ਹੀ ਕਰ ਕੇ ਦੰਗੇ ਭੜਕਾਉਣ ਦੀ ਸੋਚੀ-ਸਮਝੀ ਸਾਜ਼ਿਸ਼ ਹੈ। ਸਿੱਖ ਜਥੇਬੰਦੀਆਂ ਨੇ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਵੀ ਮੰਗ ਕੀਤੀ ਹੈ ਤੇ ਅਜਿਹਾ ਨਾ ਹੋਣ 'ਤੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ। 


author

Anmol Tagra

Content Editor

Related News