ਖ਼ਬਰ ਦਾ ਅਸਰ: ਸਤਲੁਜ ਦਰਿਆ ’ਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ’ਚ ਕੇਸ ਦਰਜ
Saturday, Oct 17, 2026 - 01:54 PM (IST)
ਲੁਧਿਆਣਾ (ਅਨਿਲ): ਸਤਲੁਜ ਦਰਿਆ ਵਿਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਲਾਡੋਵਾਲ ਦੀ ਪੁਲਸ ਨੇ ਕਾਰਵਾਈ ਕਰਦਿਆਂ ਕਥਿਤ ਤੌਰ ’ਤੇ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪਿੰਡ ਕੁੱਤਵੇਵਾਲ ਅਰਾਈਆਂ ਅਤੇ ਤਲਵੰਡੀ ਕਲਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕੀਤੇ ਜਾਣ ਸਬੰਧੀ ਖ਼ਬਰ ਪੰਜਾਬ ਕੇਸਰੀ ਅਤੇ ਜਗਬਾਣੀ ਅਖ਼ਬਾਰਾਂ ਵਿਚ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੀ ਗਈ ਸੀ, ਜਿਸ ਤੋਂ ਬਾਅਦ ਮਾਈਨਿੰਗ ਵਿਭਾਗ ਵੱਲੋਂ ਜਾਂਚ ਕੀਤੀ ਗਈ।
ਜਾਂਚ ਅਧਿਕਾਰੀ ਸਬ-ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀ ਅਮਨ ਠਾਕੁਰ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਅਨੁਸਾਰ ਵਿਭਾਗ ਦੀ ਟੀਮ ਨੇ ਪਿੰਡ ਕੁੱਤਵੇਵਾਲ ਅਰਾਈਆਂ ਵਿੱਚ ਜਾਂਚ ਕੀਤੀ ਸੀ, ਜਿਸ ਦੌਰਾਨ ਰਾਤ ਦੇ ਸਮੇਂ ਨਾਜਾਇਜ਼ ਰੇਤ ਮਾਈਨਿੰਗ ਕੀਤੇ ਜਾਣ ਦੇ ਦੋਸ਼ ਸਾਹਮਣੇ ਆਏ।
ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਪਿੰਚੂ, ਸਿਮਰਨ ਗਿੱਲ, ਬਖ਼ਸ਼ੀਸ਼ ਸਿੰਘ ਡੋਂਗਰ, ਸੋਨੂੰ, ਸੁਖਪਾਲ ਸਿੰਘ ਸੁੱਖਾ, ਗਗਨਦੀਪ ਸਿੰਘ ਗੱਗੂ, ਸਾਬਕਾ ਸਰਪੰਚ ਸੁਰਿੰਦਰਪਾਲ ਸਿੰਘ ਗੋਲਾ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਂਚ ਅਧਿਕਾਰੀ ਅਨੁਸਾਰ ਹਾਲੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਹਰਕਤ ਵਿਚ ਆਇਆ ਵਿਭਾਗ
ਸਤਲੁਜ ਦਰਿਆ ਦੇ ਇਲਾਕੇ ਵਿਚ ਕਥਿਤ ਨਾਜਾਇਜ਼ ਰੇਤ ਮਾਈਨਿੰਗ ਸਬੰਧੀ ਖ਼ਬਰ 'ਪੰਜਾਬ ਕੇਸਰੀ' ਅਤੇ 'ਜਗ ਬਾਣੀ' ਵਿਚ ਪ੍ਰਕਾਸ਼ਿਤ ਹੋਣ ਤੋਂ ਬਾਅਦ ਮਾਈਨਿੰਗ ਵਿਭਾਗ ਵੱਲੋਂ ਜਾਂਚ ਕਰਕੇ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਇਸ ਤੋਂ ਬਾਅਦ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ।
