ਗੁਰਦੁਆਰਾ ਸਾਹਿਬ ''ਚ ਸ਼ਾਰਟ ਸਰਕਟ ਨਾਲ ਲੱਗੀ ਅੱਗ
Tuesday, Jul 10, 2018 - 05:58 AM (IST)
ਚੱਬੇਵਾਲ(ਗੁਰਮੀਤ)-ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਬਿਹਾਲਾ ਦੇ ਗੁਰਦੁਆਰਾ ਸਾਹਿਬ ਵਿਚ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਅਤੇ ਪੋਥੀ ਸਾਹਿਬ ਪੂਰੀ ਤਰ੍ਹਾਂ ਅਗਨ ਭੇਟ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਬਿਲਕੁਲ ਨਜ਼ਦੀਕ ਚੱਲ ਰਹੇ ਸਮਾਗਮ ਦੌਰਾਨ ਕੰਮ ਕਰ ਰਹੀਆਂ ਪਿੰਡ ਦੀਆਂ ਔਰਤਾਂ ਨੇ ਦੁਪਹਿਰ ਲਗਭਗ 2 ਵਜੇ ਦੇਖਿਆ ਕਿ ਗੁਰਦੁਆਰਾ ਸਾਹਿਬ ਦੀ ਉਪਰਲੀ ਖਿੜਕੀ ਵਿਚੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਗੁਰਦੁਆਰਾ ਸਾਹਿਬ ਦੇ ਅੰਦਰ ਜਾ ਕੇ ਦੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਵਰੂਪ ਅਤੇ ਪੋਥੀ ਸਾਹਿਬ ਅਗਨ ਭੇਟ ਹੋ ਚੁੱਕੇ ਸਨ। ਇਸ ਤੋਂ ਇਲਾਵਾ ਦੋ ਪਾਲਕੀ ਸਾਹਿਬ, ਵਸਤਰ, ਪੱਖਾ, ਸੀ. ਸੀ. ਟੀ. ਵੀ. ਦੀਆਂ ਤਾਰਾਂ ਅਤੇ ਦਰੀਆਂ ਵੀ ਅੱਗ ਦੀ ਲਪੇਟ ਵਿਚ ਆ ਚੁੱਕੀਆਂ ਸਨ। ਮੌਕੇ 'ਤੇ ਪਹੁੰਚੇ ਥਾਣਾ ਚੱਬੇਵਾਲ ਮੁਖੀ ਬਲਵਿੰਦਰ ਸਿੰਘ ਨੇ ਜਾਂਚ ਪੜਤਾਲ ਕੀਤੀ ਅਤੇ ਕਿਹਾ ਕਿ ਪੁਲਸ ਨੇ ਸੀ. ਸੀ. ਟੀ. ਵੀ. ਕੈਮਰੇ ਦਾ ਡੀ. ਵੀ.ਆਰ. ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਇਸ ਦੀ ਰਿਪੋਰਟ ਆਉਣ ਤੋਂ ਬਾਅਦ ਵਿਚ ਹੀ ਅਸਲੀਅਤ ਪਤਾ ਲੱਗੇਗੀ।
