ਡੇਰਾਬੱਸੀ ਵਿਚ ਝੋਨੇ ਦੀ ਪਰਾਲੀ ਨੂੰ ਲਾਈ ਅੱਗ, ਧੂੰਏਂ ਕਾਰਨ ਲੋਕ ਪ੍ਰੇਸ਼ਾਨ

Thursday, Oct 29, 2026 - 08:38 PM (IST)

ਡੇਰਾਬੱਸੀ ਵਿਚ ਝੋਨੇ ਦੀ ਪਰਾਲੀ ਨੂੰ ਲਾਈ ਅੱਗ, ਧੂੰਏਂ ਕਾਰਨ ਲੋਕ ਪ੍ਰੇਸ਼ਾਨ

ਡੇਰਾਬੱਸੀ (ਅਨਿਲ ਸ਼ਰਮਾ): ਨਗਰ ਕੌਂਸਲ ਡੇਰਾਬੱਸੀ ਅਧੀਨ ਪੈਂਦੇ ਪਿੰਡ ਦੰਦਰਾਲਾ ਵਿੱਚ ਔਰਾ ਗ੍ਰੀਨ ਸੋਸਾਇਟੀ ਦੇ ਨੇੜੇ ਇੱਕ ਕਿਸਾਨ ਵੱਲੋਂ ਕਰੀਬ ਪੰਜ ਏਕੜ ਜ਼ਮੀਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਾਲੀ ਸਾੜਨ ਕਾਰਨ ਪੂਰੇ ਇਲਾਕੇ ਵਿੱਚ ਸੰਘਣਾ ਧੂੰਆਂ ਫੈਲ ਗਿਆ, ਜਿਸ ਨਾਲ ਸਥਾਨਕ ਲੋਕਾਂ ਅਤੇ ਆਸ-ਪਾਸ ਦੀਆਂ ਕਾਲੋਨੀਆਂ ਵਿੱਚ ਰਹਿਣ ਵਾਲੇ ਪਰਿਵਾਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ’ਤੇ ਮਾਮਲੇ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ ਹਨ।

ਸਥਾਨਕ ਵਸਨੀਕਾਂ ਅਨੁਸਾਰ, ਔਰਾ ਗ੍ਰੀਨ ਸੋਸਾਇਟੀ ਦੇ ਨੇੜੇ ਖੇਤਾਂ ਵਿੱਚ ਪਰਾਲੀ ਸਾੜਨ ਕਾਰਨ ਵਾਤਾਵਰਣ ਵਿੱਚ ਧੂੰਏਂ ਦੀ ਮੋਟੀ ਪਰਤ ਛਾ ਗਈ। ਹਾਲਾਤ ਇਹ ਬਣ ਗਏ ਕਿ ਲੋਕਾਂ ਨੂੰ ਖੁੱਲ੍ਹੀ ਹਵਾ ਵਿੱਚ ਸਾਹ ਲੈਣ ਵਿੱਚ ਵੀ ਦਿੱਕਤ ਆਉਣ ਲੱਗੀ। ਸਭ ਤੋਂ ਵੱਧ ਪਰੇਸ਼ਾਨੀ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਹੋ ਰਹੀ ਹੈ। ਇਸ ਤੋਂ ਇਲਾਵਾ, ਆਸ-ਪਾਸ ਦੀਆਂ ਸੜਕਾਂ ’ਤੇ ਧੂੰਆਂ ਫੈਲਣ ਕਾਰਨ ਵਾਹਨ ਚਾਲਕਾਂ ਨੂੰ ਵੀ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘੱਟ ਦ੍ਰਿਸ਼ਟੀ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਹੋਇਆ ਹੈ।

ਸ਼ਿਕਾਇਤਾਂ ਦੇ ਬਾਵਜੂਦ ਕਾਰਵਾਈ ਨਾ ਹੋਣ ਦੇ ਦੋਸ਼

ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਝੋਨੇ ਦੀ ਪਰਾਲੀ ਸਾੜਨ ’ਤੇ ਰੋਕ ਲਗਾਉਣ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ ’ਤੇ ਇਨ੍ਹਾਂ ਦਾਅਵਿਆਂ ਦਾ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ। ਲੋਕਾਂ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਸਬੰਧਤ ਵਿਭਾਗਾਂ ਦੀ ਹੈ। ਇਸ ਦੇ ਬਾਵਜੂਦ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਨਹੀਂ ਲੈ ਰਹੇ।

ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਜੇਕਰ ਪਰਾਲੀ ਸਾੜਨ ਦੀ ਪੁਸ਼ਟੀ ਹੁੰਦੀ ਹੈ ਤਾਂ ਜ਼ਿੰਮੇਵਾਰ ਵਿਅਕਤੀ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਨਿਗਰਾਨੀ ਵਧਾਈ ਜਾਵੇ, ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਸਕੇ।


author

Anmol Tagra

Content Editor

Related News