ਰਿਹਾਇਸ਼ੀ ਇਲਾਕੇ ’ਚ ਖੇਤਾਂ ’ਚ ਲੱਗੀ ਅੱਗ, ਇਕ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
Wednesday, Apr 15, 2026 - 05:54 PM (IST)
ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ-ਕਾਹਨੂੰਵਾਨ ਰੋਡ ’ਤੇ ਸਥਿਤ ਰਿਹਾਇਸ਼ੀ ਰਾਮ ਸ਼ਰਨਮ ਕਾਲੋਨੀ ਦੇ ਅੰਦਰ ਪੈਂਦੇ ਕਣਕ ਦੇ ਖੇਤਾਂ ਨੂੰ ਅੱਜ ਦੁਪਹਿਰ ਅਚਾਨਕ ਅੱਗ ਲੱਗ ਗਈ। ਇਸ ਘਟਨਾ ’ਚ ਇਕ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਪਰ ਮੌਕੇ ’ਤੇ ਮੌਜੂਦ ਲੋਕਾਂ, ਮਜ਼ਦੂਰਾਂ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੀ ਮੁਸਤੈਦੀ ਕਾਰਨ ਅੱਗ ’ਤੇ ਕਾਬੂ ਪਾ ਲਿਆ, ਜਿਸ ਨਾਲ ਇਕ ਵੱਡੀ ਘਟਨਾ ਹੋਣ ਤੋਂ ਬਚ ਗਈ। ਦੱਸਣਯੋਗ ਹੈ ਕਿ ਜਿਸ ਜਗ੍ਹਾ ਅੱਗ ਲੱਗੀ, ਉਸ ਦੇ ਚਾਰੋਂ ਪਾਸੇ ਸੰਘਣੀ ਰਿਹਾਇਸ਼ੀ ਆਬਾਦੀ ਹੈ।
ਪੀੜਤ ਖੇਤ ਮਾਲਕ ਨਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਵੇਲੇ ਸੂਚਨਾ ਮਿਲੀ ਕਿ ਉਨ੍ਹਾਂ ਦੇ ਖੇਤਾਂ ’ਚ ਅੱਗ ਲੱਗ ਗਈ ਹੈ। ਉਨ੍ਹਾਂ ਦੱਸਿਆ ਕਿ ਇੱਥੇ ਉਨ੍ਹਾਂ ਦੀ ਸਾਢੇ ਚਾਰ ਏਕੜ ਜ਼ਮੀਨ ’ਚ ਕਣਕ ਦੀ ਫ਼ਸਲ ਖੜ੍ਹੀ ਸੀ। ਅੱਗ ਲੱਗਦੇ ਹੀ ਆਸ-ਪਾਸ ਦੇ ਲੋਕਾਂ ਅਤੇ ਮਜ਼ਦੂਰਾਂ ਨੇ ਆਪਣੇ ਪੱਧਰ ’ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਭਿਆਨਕ ਹੋਣ ਕਾਰਨ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਨੂੰ ਹੋਰ ਫੈਲਣ ਤੋਂ ਰੋਕਿਆ। ਨਵਜੋਤ ਸਿੰਘ ਨੇ ਦੱਸਿਆ ਕਿ ਭਾਵੇਂ ਇਕ ਏਕੜ ਫ਼ਸਲ ਬਰਬਾਦ ਹੋ ਗਈ ਹੈ ਪਰ ਬਾਕੀ ਫ਼ਸਲ ਅਤੇ ਨੇੜਲੇ ਘਰਾਂ ਦਾ ਬਚਾਅ ਹੋ ਗਿਆ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
