ਖੰਨਾ ਦੇ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ
Sunday, Apr 26, 2026 - 01:22 PM (IST)
ਖੰਨਾ (ਬਿਪਨ): ਖੰਨਾ ਦੇ ਕਬਜ਼ਾ ਫੈਕਟਰੀ ਰੋਡ ਸਥਿਤ ਇਕ ਰਿਹਾਇਸ਼ੀ ਇਲਾਕੇ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇੱਥੇ ਚੱਲ ਰਹੀ ਇਕ ਪਲਾਸਟਿਕ ਫੈਕਟਰੀ ਵਿਚ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਉੱਚੀਆਂ ਲਪਟਾਂ ਦੇਖ ਕੇ ਆਸ-ਪਾਸ ਦੇ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਆਏ ਅਤੇ ਪੂਰੇ ਇਲਾਕੇ ਵਿਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
ਮੁਹੱਲਾ ਨਿਵਾਸੀ ਸ਼ਸ਼ੀ ਵਰਧਨ ਨੇ ਦੱਸਿਆ ਕਿ ਅੱਗ ਸਵੇਰੇ ਕਰੀਬ 7 ਤੋਂ 7:30 ਵਜੇ ਦੇ ਵਿਚਕਾਰ ਲੱਗੀ ਸੀ। ਸੰਘਣੀ ਆਬਾਦੀ ਵਾਲਾ ਇਲਾਕਾ ਹੋਣ ਕਾਰਨ ਇਕ ਬਹੁਤ ਵੱਡਾ ਹਾਦਸਾ ਹੋਣੋਂ ਬਚ ਗਿਆ, ਪਰ ਫੈਕਟਰੀ ਨੂੰ ਭਾਰੀ ਮਾਲੀ ਨੁਕਸਾਨ ਪਹੁੰਚਿਆ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਲਾਕਾ ਨਿਵਾਸੀ ਅਵਤਾਰ ਮੋਰਿਆ ਨੇ ਦੋਸ਼ ਲਾਇਆ ਕਿ ਇਲਾਕੇ ਵਿਚ ਕਈ ਫੈਕਟਰੀਆਂ ਨਾਜਾਇਜ਼ ਤੌਰ 'ਤੇ ਚੱਲ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਕਈ ਵਾਰ ਨਗਰ ਕੌਂਸਲ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ, ਪਰ ਕੋਈ ਠੋਸ ਕਾਰਵਾਈ ਨਹੀਂ ਹੋਈ। ਦੂਜੇ ਪਾਸੇ, 'ਟੇਕ ਚੰਦਨ ਐਂਡ ਸਨਜ਼' ਫੈਕਟਰੀ ਦੇ ਮਾਲਕ ਸੰਜੇ ਨੇ ਫਾਇਰ ਬ੍ਰਿਗੇਡ 'ਤੇ ਦੇਰੀ ਨਾਲ ਪਹੁੰਚਣ ਦਾ ਦੋਸ਼ ਲਾਇਆ, ਜਿਸ ਕਾਰਨ ਅੱਗ 'ਤੇ ਕਾਬੂ ਪਾਉਣ ਵਿਚ ਦੇਰੀ ਹੋਈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਫੈਕਟਰੀ ਚਲਾਉਣ ਲਈ ਸਾਰੇ ਜ਼ਰੂਰੀ NOCs ਮੌਜੂਦ ਹਨ।
ਫਾਇਰ ਅਫ਼ਸਰ ਦਮਨਪ੍ਰੀਤ ਨੇ ਦੱਸਿਆ ਕਿ ਉਨ੍ਹਾਂ ਨੂੰ ਟੈਲੀਫ਼ੋਨ ਰਾਹੀਂ ਸੂਚਨਾ ਮਿਲੀ ਸੀ ਕਿ ਕਬਜ਼ਾ ਫੈਕਟਰੀ ਰੋਡ 'ਤੇ ਅੱਗ ਲੱਗੀ ਹੈ। ਸੂਚਨਾ ਮਿਲਦੇ ਹੀ ਟੀਮ ਮੌਕੇ 'ਤੇ ਪਹੁੰਚ ਗਈ ਸੀ ਅਤੇ ਅੱਗ ਨੂੰ ਪੂਰੀ ਤਰ੍ਹਾਂ ਬੁਝਾ ਦਿੱਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪ੍ਰਸ਼ਾਸਨ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰ ਰਿਹਾ ਹੈ।
